
ਸੋਸ਼ਲ ਮੀਡੀਆ 'ਤੇ ਨਿਗਰਾਨੀ ਲਈ ਸੋਸ਼ਲ ਮੀਡੀਆ ਪਲੈਟਫ਼ਾਰਮ ਬਣਾਉਣ ਦੇ ਫ਼ੈਸਲੇ ਤੋਂ ਸਰਕਾਰ ਪਿੱਛੇ ਹਟ ਗਈ ਹੈ.............
ਨਵੀਂ ਦਿੱਲੀ: ਸੋਸ਼ਲ ਮੀਡੀਆ 'ਤੇ ਨਿਗਰਾਨੀ ਲਈ ਸੋਸ਼ਲ ਮੀਡੀਆ ਪਲੈਟਫ਼ਾਰਮ ਬਣਾਉਣ ਦੇ ਫ਼ੈਸਲੇ ਤੋਂ ਸਰਕਾਰ ਪਿੱਛੇ ਹਟ ਗਈ ਹੈ। ਸੁਪਰੀਮ ਕੋਰਟ ਦੀ ਸਖ਼ਤੀ ਤੋਂ ਬਾਅਦ ਸਰਕਾਰ ਨੇ ਇਸ ਮਾਮਲੇ ਵਿਚ ਅਪਣੇ ਕਦਮ ਪਿੱਛੇ ਖਿੱਚ ਲਏ ਹਨ। 13 ਜੁਲਾਈ ਨੂੰ ਪਿਛਲੀ ਸੁਣਵਾਈ ਸਮੇਂ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਇਹ ਨਿਗਰਾਨੀ ਰਾਜ ਬਣਾਉਣ ਵਰਗਾ ਹੋਵੇਗਾ। ਅਦਾਲਤ ਨੇ ਕਿਹਾ ਸੀ ਕਿ ਸਰਕਾਰ ਨਾਗਰਿਕਾਂ ਦੇ ਵਟਸਐਪ ਸੰਦੇਸ਼ਾਂ ਨੂੰ ਟੈਪ ਕਰਨਾ ਚਾਹੁੰਦੀ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਨੇ ਸੋਸ਼ਲ ਮੀਡੀਆ ਹੱਬ ਬਣਾਉਣ ਦਾ ਫ਼ੈਸਲਾ ਲਿਆ ਸੀ।
ਸੁਪਰੀਮ ਕੋਰਟ ਦੀ ਸਖ਼ਤੀ ਤੋਂ ਬਾਅਦ ਕੇਂਦਰ ਨੇ ਅਦਾਲਤ ਨੂੰ ਦਸਿਆ ਕਿ ਉਹ ਸੋਸ਼ਲ ਮੀਡੀਆ ਦੀ ਨਿਗਰਾਨੀ ਨਹੀਂ ਕਰੇਗੀ। ਚੀਫ਼ ਜਸਟਿਸ ਦੀਪਕ ਮਿਸ਼ਰਾ, ਜਸਟਿਸ ਏਐਮ ਖ਼ਾਨਵਿਲਕਰ ਅਤੇ ਜਸਟਿਸ ਡੀਵਾਈ ਚੰਦਰਚੂੜ• ਦੀ ਬੈਂਚ ਸਾਹਮਣੇ ਸਰਕਾਰ ਦੇ ਬਿਆਨ ਤੋਂ ਬਾਅਦ ਇਸ ਮਾਮਲੇ ਦਾ ਨਿਪਟਾਰਾ ਕਰ ਦਿਤਾ ਗਿਆ। ਤ੍ਰਿਣਮੂਲ ਕਾਂਗਰਸ ਦੇ ਵਿਧਾਇਕ ਮਹੂਆ ਮੋਇਤਰਾ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਦਰਅਸਲ ਤ੍ਰਿਣਮੂਲ ਕਾਂਗਰਸ ਦੀ ਵਿਧਾਇਕ ਮੋਇਤਰਾ ਨੇ ਅਪਣੀ ਅਰਜ਼ੀ ਵਿਚ ਕਿਹਾ ਸੀ ਕਿ ਸੋਸ਼ਲ ਮੀਡੀਆ ਦੀ ਨਿਗਰਾਨੀ ਲਈ ਕੇਂਦਰ ਇਹ ਕਾਰਵਾਈ ਕਰ ਰਿਹਾ ਹੈ।
ਇਸ ਤੋਂ ਬਾਅਦ ਟਵਿਟਰ, ਫ਼ੇਸਬੁਕ, ਇੰਸਟਾਗ੍ਰਾਮ ਅਤੇ ਈਮੇਲ ਵਿਚ ਮੌਜੂਦ ਹਰ ਡੇਟੇ ਤਕ ਕੇਂਦਰ ਦੀ ਪਹੁੰਚ ਹੋ ਜਾਵੇਗੀ ਅਤੇ ਇਹ ਨਿਜਤਾ ਦੇ ਅਧਿਕਾਰ ਦੀ ਸਰਾਸਰ ਉਲੰਘਣਾ ਹੈ। ਹਾਲ ਹੀ ਵਿਚ ਕੇਂਦਰੀ ਮੰਤਰਾਲਾ ਤਹਿਤ ਕੰਮ ਕਰਨ ਵਾਲੇ ਪੀਐਸਯੂ ਬ੍ਰਾਡਕਾਸਟ ਕੰਸਲਟੈਂਟ ਇੰਡੀਆ ਲਿਮਟਿਡ (ਬੀਈਸੀਆਈਐਲ) ਨੇ ਟੈਂਡਰ ਜਾਰੀ ਕੀਤਾ ਹੈ ਜਿਸ ਵਿਚ ਸਾਫ਼ਟਵੇਅਰ ਦੀ ਸਪਲਾਈ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਸਰਕਾਰ ਇਸ ਤਹਿਤ ਸੋਸ਼ਲ ਮੀਡੀਆ ਜ਼ਰੀਏ ਸੂਚਨਾਵਾਂ ਇਕੱਠੀਆਂ ਕਰੇਗੀ।