
ਸੋਮਵਾਰ ਨੂੰ ਸੂਬੇ ਵਿਚ ਪਰਾਲੀ ਨੂੰ ਸਾੜਨ ਦੇ ਕੇਸਾਂ ਦੀ ਗਿਣਤੀ 350 ਹੋ ਗਈ ਜਿਸ ਵਿਚੋਂ 54 ਅੰਮ੍ਰਿਤਸਰ ਜ਼ਿਲ੍ਹੇ ਤੋਂ ਸਾਹਮਣੇ ਆਏ ਹਨ।
ਮੁਹਾਲੀ: ਪੰਜਾਬ ਦੇ ਮਾਝਾ ਖੇਤਰ ਵਿੱਚ ਆਲੂਆਂ ਅਤੇ ਮਟਰਾਂ ਸਮੇਤ ਸਬਜ਼ੀਆਂ ਦੀਆਂ ਫ਼ਸਲਾਂ ਲਈ ਖੇਤ ਤਿਆਰ ਕਰਨ ਲਈ ਪਰਾਲੀ ਨੂੰ ਅੱਗ ਲਾਉਣੀ ਸ਼ੁਰੂ ਹੋ ਗਈ ਹੈ। ਹੁਣ ਤੱਕ ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਪਰਾਲੀ ਸਾੜਨ ਵਿੱਚ ਸਭ ਤੋਂ ਅੱਗੇ ਹੈ। ਸੋਮਵਾਰ ਨੂੰ ਸੂਬੇ ਵਿਚ ਪਰਾਲੀ ਨੂੰ ਸਾੜਨ ਦੇ ਕੇਸਾਂ ਦੀ ਗਿਣਤੀ 350 ਹੋ ਗਈ ਜਿਸ ਵਿਚੋਂ 54 ਅੰਮ੍ਰਿਤਸਰ ਜ਼ਿਲ੍ਹੇ ਤੋਂ ਸਾਹਮਣੇ ਆਏ ਹਨ। ਤਰਨਤਾਰਨ ਜ਼ਿਲ੍ਹੇ ਵਿੱਚ 39, ਪਟਿਆਲਾ ਵਿੱਚ ਛੇ, ਫਿਰੋਜ਼ਪੁਰ ਅਤੇ ਗੁਰਦਾਸਪੁਰ ਵਿੱਚ ਪੰਜ-ਪੰਜ, ਜਲੰਧਰ ਅਤੇ ਕਪੂਰਥਲਾ ਵਿੱਚ ਤਿੰਨ-ਤਿੰਨ ਅਤੇ ਸ੍ਰੀ ਮੁਕਤਸਰ ਸਾਹਿਬ, ਫਤਿਹਗੜ੍ਹ ਸਾਹਿਬ, ਲੁਧਿਆਣਾ, ਐਸਏਐਸ ਨਗਰ ਅਤੇ ਐਸਬੀਐਸ ਨਗਰ ਵਿੱਚ ਇੱਕ-ਇੱਕ ਰਿਪੋਰਟ ਦਰਜ ਕੀਤੀ ਗਈ ਹੈ।
ਅੰਮ੍ਰਿਤਸਰ ਦੇ ਮੁੱਖ ਖੇਤੀਬਾੜੀ ਅਫ਼ਸਰ (ਸੀਏਓ) ਜਤਿੰਦਰ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ 166 ਮਾਮਲੇ ਸਾਹਮਣੇ ਆਏ ਹਨ। ਅਧਿਕਾਰੀਆਂ ਨੇ ਪਰਾਲੀ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ ਦੇ 48 ਘੰਟਿਆਂ ਦੇ ਅੰਦਰ ਪਰਾਲੀ ਸਾੜਨ ਵਾਲੀਆਂ 109 ਥਾਵਾਂ ਦਾ ਦੌਰਾ ਕੀਤਾ। ਗਿੱਲ ਨੇ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ ਪਰਾਲੀ ਸਾੜਨ ਦੇ 29 ਮਾਮਲਿਆਂ ਵਿੱਚ 72,500 ਰੁਪਏ ਦਾ ਵਾਤਾਵਰਨ ਮੁਆਵਜ਼ਾ ਲਗਾਇਆ ਹੈ। 25 ਹੋਰ ਮਾਮਲਿਆਂ ਵਿੱਚ ਮੁਆਵਜ਼ਾ ਦੇਣਾ ਬਾਕੀ ਹੈ। ਵਿਭਾਗ ਨੇ 34 ਕੇਸਾਂ ਵਿੱਚ ਖਸਰਾ ਗਿਰਦਵਾਰੀ ਵਿੱਚ ਲਾਲ ਐਂਟਰੀਆਂ ਵੀ ਕੀਤੀਆਂ ਹਨ, ਜਿਸ ਕਾਰਨ ਸਰਕਾਰੀ ਲਾਭ ਵਾਪਸ ਲਏ ਜਾਣਗੇ।
ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ (ਸੀ.ਏ.ਓ.) ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਪਰਾਲੀ ਸਾੜਨ ਦੇ ਤਿੰਨ ਮਾਮਲੇ ਸਾਹਮਣੇ ਆਏ ਹਨ, ਪਰ ਇਨ੍ਹਾਂ ਵਿੱਚੋਂ ਦੋ ਕਾਲਾਂ ਫਰਜ਼ੀ ਸਨ ਅਤੇ ਇੱਕ ਘਟਨਾ ਬਟਾਲਾ ਜ਼ਿਲ੍ਹੇ ਤੋਂ ਸਾਹਮਣੇ ਆਈ ਹੈ। ਝੋਨੇ ਦੀ ਅਗੇਤੀ ਕਿਸਮ ਦੀ ਬਿਜਾਈ ਕਾਰਨ, ਅੰਮ੍ਰਿਤਸਰ ਜ਼ਿਲ੍ਹੇ ਦੇ ਕੁਝ ਬਲਾਕਾਂ - ਮਜੀਠਾ, ਜੰਡਿਆਲਾ, ਤਰਸਿੱਕਾ ਅਤੇ ਵੇਰਕਾ ਵਿੱਚ ਵਾਢੀ ਸ਼ੁਰੂ ਹੋ ਜਾਂਦੀ ਹੈ।