
ਦਿੱਲੀ ਸਥਿਤ ਘਰ ਦੀ ਲਈ ਜਾ ਰਹੀ ਤਲਾਸ਼ੀ
ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਬੁਧਵਾਰ ਸਵੇਰੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ਛਾਪਾ ਮਾਰਿਆ। ਅਧਿਕਾਰੀਆਂ ਨੇ ਦਸਿਆ ਕਿ ਇਸ ਮਾਮਲੇ ਦੇ ਸਿਲਸਿਲੇ 'ਚ ਕੁੱਝ ਹੋਰ ਲੋਕਾਂ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਗਈ। ਸੰਜੇ ਸਿੰਘ (51) 'ਆਪ' ਤੋਂ ਰਾਜ ਸਭਾ ਮੈਂਬਰ ਹਨ।
ਇਹ ਵੀ ਪੜ੍ਹੋ: ਮਾਨਸਾ ਜੇਲ ਦਾ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਮੁਅੱਤਲ; ਪੈਸੇ ਬਦਲੇ ਕੈਦੀਆਂ ਨੂੰ ਸਹੂਲਤਾਂ ਦੇਣ ਦੇ ਲੱਗੇ ਇਲਜ਼ਾਮ
ਈ.ਡੀ. ਨੇ ਇਸ ਮਾਮਲੇ ਵਿਚ ਪਹਿਲਾਂ ਉਨ੍ਹਾਂ ਦੇ ਸਟਾਫ਼ ਮੈਂਬਰਾਂ ਅਤੇ ਉਸ ਨਾਲ ਜੁੜੇ ਹੋਰ ਲੋਕਾਂ ਤੋਂ ਪੁਛਗਿਛ ਕੀਤੀ ਸੀ। ਇਲਜ਼ਾਮ ਹਨ ਕਿ ਸ਼ਰਾਬ ਦੇ ਵਪਾਰੀਆਂ ਨੂੰ ਲਾਇਸੈਂਸ ਦੇਣ ਲਈ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਨੇ ਧੜੇਬੰਦੀ ਨੂੰ ਉਤਸ਼ਾਹਤ ਕੀਤਾ ਅਤੇ ਕੁੱਝ ਡੀਲਰਾਂ ਨੂੰ ਫਾਇਦਾ ਪਹੁੰਚਾਇਆ ਜਿਨ੍ਹਾਂ ਨੇ ਕਥਿਤ ਤੌਰ 'ਤੇ ਇਸ ਲਈ ਰਿਸ਼ਵਤ ਦਿਤੀ।
ਇਹ ਵੀ ਪੜ੍ਹੋ: ਬਹਿਬਲ ਕਲਾਂ ਇਨਸਾਫ਼ ਮੋਰਚਾ ਵਲੋਂ 12 ਅਕਤੂਬਰ ਤੋਂ ਮਰਨ ਵਰਤ ਦਾ ਐਲਾਨ
'ਆਪ' ਨੇ ਇਨ੍ਹਾਂ ਇਲਜ਼ਾਮਾਂ ਦਾ ਖੰਡਨ ਕੀਤਾ ਹੈ। ਦਿੱਲੀ ਦੇ ਉਪ ਰਾਜਪਾਲ ਵਲੋਂ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਕਰਨ ਦੀ ਸਿਫ਼ਾਰਸ਼ ਕੀਤੇ ਜਾਣ ਤੋਂ ਬਾਅਦ ਇਹ ਨੀਤੀ ਰੱਦ ਕਰ ਦਿਤੀ ਗਈ ਸੀ। ਈ.ਡੀ. ਨੇ ਸੀ.ਬੀ.ਆ.ਈ. ਜਾਂਚ ਦੀ ਸਿਫ਼ਾਰਿਸ਼ ਕੀਤੇ ਜਾਣ ਤੋਂ ਬਾਅਦ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐਮ.ਐਲ.ਏ.) ਦੇ ਤਹਿਤ ਕੇਸ ਦਰਜ ਕੀਤਾ ਸੀ।