
ਪੰਜਾਬ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਮੁਲਤਵੀ ਹੋਣ ਦਾ ਕਾਰਨ ਸੁਰੱਖਿਆ ਵਿਚ ਕੁਤਾਹੀ ਦੱਸਿਆ ਜਾ ਰਿਹਾ ਹੈ।
ਨਵੀਂ ਦਿੱਲੀ: ਪੰਜਾਬ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਮੁਲਤਵੀ ਹੋਣ ਦਾ ਕਾਰਨ ਸੁਰੱਖਿਆ ਵਿਚ ਕੁਤਾਹੀ ਦੱਸਿਆ ਜਾ ਰਿਹਾ ਹੈ। ਭਾਜਪਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਨੂੰ ਰੱਦ ਕਰਨਾ ਕਾਂਗਰਸ ਦੀ ਸਾਜ਼ਿਸ਼ ਹੈ। ਪ੍ਰਧਾਨ ਮੰਤਰੀ ਦੀ ਰੈਲੀ ਮੁਲਤਵੀ ਹੋਣ ਮਗਰੋਂ ਭਾਜਪਾ ਆਗੂਆਂ ਵਲੋਂ ਪੰਜਾਬ ਸਰਕਾਰ ਅਤੇ ਕਾਂਗਰਸ ਉੱਤੇ ਦੋਸ਼ ਲਾਗਏ ਜਾ ਰਹੇ ਹਨ। ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਵੀ ਇਸ ਦਾ ਕਾਰਨ ਦੱਸਿਆ ਹੈ। ਉਹਨਾਂ ਨੇ ਰੈਲੀ ਰੱਦ ਹੋਣ ਤੋਂ ਬਾਅਦ ਕਈ ਟਵੀਟ ਕੀਤੇ।
ਭਾਜਪਾ ਪ੍ਰਧਾਨ ਨੇ ਲਿਖਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਿਕਾਸ ਵਿਰੋਧੀ ਹੈ ਅਤੇ ਇਸ ਨੂੰ ਆਜ਼ਾਦੀ ਘੁਲਾਟੀਆਂ ਦੀ ਵੀ ਕੋਈ ਪ੍ਰਵਾਹ ਨਹੀਂ ਹੈ। ਸਭ ਤੋਂ ਪ੍ਰੇਸ਼ਾਨ ਕਰਨ ਵਾਲੀ ਗੱਲ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਦਾ ਮਾਮਲਾ ਸੀ। ਪ੍ਰਦਰਸ਼ਨਕਾਰੀਆਂ ਨੂੰ ਪ੍ਰਧਾਨ ਮੰਤਰੀ ਦੇ ਰਸਤੇ ਵਿਚ ਦਾਖਲ ਹੋਣ ਦਿੱਤਾ ਗਿਆ। ਜਦਕਿ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੇ ਐਸਪੀਜੀ ਨੂੰ ਰਾਹ ਸੁਰੱਖਿਅਤ ਹੋਣ ਦਾ ਭਰੋਸਾ ਦਿੱਤਾ ਸੀ। ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਇਸ ਮੁੱਦੇ ਦੇ ਹੱਲ ਲਈ ਜਾਂ ਇਸ ਮੁੱਦੇ 'ਤੇ ਕੋਈ ਗੱਲਬਾਤ ਲਈ ਫੋਨ ਤੱਕ ਨਹੀਂ ਚੁੱਕਿਆ। ਲੋਕਤੰਤਰੀ ਕਦਰਾਂ-ਕੀਮਤਾਂ ਵਿਚ ਵਿਸ਼ਵਾਸ ਰੱਖਣ ਵਾਲੇ ਲੋਕ ਕਾਂਗਰਸ ਸਰਕਾਰ ਵੱਲੋਂ ਵਰਤੇ ਜਾ ਰਹੇ ਤਰੀਕੇ ਦੇਖ ਕੇ ਦੁਖੀ ਹੋ ਜਾਣਗੇ।
ISI ਅਤੇ ਪਾਕਿ ਅਤਿਵਾਦੀਆਂ ਦੇ ਰਾਹ ਕਿਉਂ ਚੱਲ ਰਹੀ ਪੰਜਾਬ ਕਾਂਗਰਸ?- ਮਨਜਿੰਦਰ ਸਿਰਸਾ
ਇਸ ਸਬੰਧੀ ਟਵੀਟ ਕਰਦਿਆਂ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, “ਪੀਐਮ ਮੋਦੀ ਜੀ ਦੀ ਰੈਲੀ ਵਿਚ ਸੁਰੱਖਿਆ ਕੁਤਾਹੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਹ ਪੰਜਾਬ ਕਾਂਗਰਸ ਵੱਲੋਂ ਸਿੱਖਾਂ ਨੂੰ ਬਦਨਾਮ ਕਰਨ ਅਤੇ ਸੂਬੇ ਵਿਚ ਅਸ਼ਾਂਤੀ ਪੈਦਾ ਕਰਨ ਦੇ ਇਰਾਦੇ ਨਾਲ ਪਹਿਲਾਂ ਤੋਂ ਯੋਜਨਾਬੱਧ ਸੀ। ਪੰਜਾਬ ਦੇ ਭਵਿੱਖ ਲਈ ਬਹੁਤ ਚਿੰਤਤ ਹਾਂ!”
ਤਰੁਣ ਚੁੱਘ ਨੇ PM ਦੀ ਸੁਰੱਖਿਆ 'ਚ ਢਿੱਲ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
ਇਸ ਸਬੰਧੀ ਭਾਜਪਾ ਆਗੂ ਤਰੁਣ ਚੁੱਘ ਨੇ ਟਵੀਟ ਕਰਦਿਆਂ ਕਿਹਾ, “ਪੀਐਮ ਮੋਦੀ ਦੀ ਫਿਰੋਜ਼ਪੁਰ ਰੈਲੀ ਵਿਚ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਕੀਤੀ ਗਈ ਕੁਤਾਹੀ ਰਾਜਨੀਤੀ ਅਤੇ ਵਿਰੋਧ ਦਾ ਸਭ ਤੋਂ ਹੇਠਲਾ ਪੱਧਰ ਹੈ, ਪੰਜਾਬ ਸਰਕਾਰ ਭਾਜਪਾ ਤੋਂ ਇੰਨੀ ਡਰੀ ਹੋਈ ਹੈ ਕਿ ਉਹ ਪੂਰੀ ਤਰ੍ਹਾਂ ਗੈਰ-ਜਮਹੂਰੀ ਵਤੀਰਾ ਕਰ ਰਹੀ ਹੈ, ਪੰਜਾਬ ਅਤੇ ਦੇਸ਼ ਦੇ ਲੋਕ ਇਸ ਨੂੰ ਯਾਦ ਰੱਖਣਗੇ ਅਤੇ ਇਸ ਦਾ ਹਿਸਾਬ ਹੋਵੇਗਾ'।