
ਪੰਜਾਬ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫ਼ਲੇ ਦੀ ਸੁਰੱਖਿਆ ਵਿਚ ਕੁਤਾਹੀ ਨੂੰ ਲੈ ਕੇ ਭਾਜਪਾ ਲੀਡਰਸ਼ਿਪ ਨੇ ਨਾਰਾਜ਼ਗੀ ਜਤਾਈ ਹੈ।
ਨਵੀਂ ਦਿੱਲੀ: ਪੰਜਾਬ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫ਼ਲੇ ਦੀ ਸੁਰੱਖਿਆ ਵਿਚ ਕੁਤਾਹੀ ਨੂੰ ਲੈ ਕੇ ਭਾਜਪਾ ਲੀਡਰਸ਼ਿਪ ਨੇ ਨਾਰਾਜ਼ਗੀ ਜਤਾਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀ ਇਸ ਮਾਮਲੇ ਵਿਚ ਬਿਆਨ ਜਾਰੀ ਕੀਤਾ ਹੈ। ਹੁਣ ਇਸ ਘਟਨਾ ਨੂੰ ਲੈ ਕੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਹਮਲਾ ਬੋਲਿਆ ਹੈ। ਅਮਿਤ ਸ਼ਾਹ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਨੇ ਪੰਜਾਬ ਵਿਚ ਅੱਜ ਦੀ ਸੁਰੱਖਿਆ ਉਲੰਘਣਾ ਬਾਰੇ ਵਿਸਤ੍ਰਿਤ ਰਿਪੋਰਟ ਮੰਗੀ ਹੈ। ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਸੁਰੱਖਿਆ ਪ੍ਰਕਿਰਿਆ ਵਿਚ ਅਜਿਹੀ ਅਣਗਹਿਲੀ ਪੂਰੀ ਤਰ੍ਹਾਂ ਬਰਦਾਸ਼ਤਯੋਗ ਹੈ। ਇਸ ਮਾਮਲੇ ਵਿਚ ਜਵਾਬਦੇਹੀ ਤੈਅ ਕੀਤੀ ਜਾਵੇਗੀ।
ਅਮਿਤ ਸ਼ਾਹ ਨੇ ਪੰਜਾਬ ਸਰਕਾਰ 'ਤੇ ਹਮਲਾ ਬੋਲਦਿਆਂ ਕਿਹਾ, "ਅੱਜ ਕਾਂਗਰਸ ਵਲੋਂ ਪੰਜਾਬ ਵਿਚ ਪੇਸ਼ ਕੀਤਾ ਗਿਆ ਘਟਨਾਕ੍ਰਮ ਇਸ ਗੱਲ ਦਾ ਪ੍ਰਤੀਬਿੰਬ ਸੀ ਕਿ ਇਹ ਪਾਰਟੀ ਕਿਸ ਤਰ੍ਹਾਂ ਸੋਚਦੀ ਹੈ ਅਤੇ ਕੰਮ ਕਰਦੀ ਹੈ। ਲੋਕਾਂ ਵੱਲੋਂ ਵਾਰ-ਵਾਰ ਨਕਾਰੇ ਜਾਣ ਕਾਰਨ ਕਾਂਗਰਸ ਹੁਣ ਆਪਣੇ ਹੋਸ਼ ਗੁਆ ਰਹੀ ਹੈ। ਕਾਂਗਰਸ ਨੂੰ ਆਪਣੇ ਕੀਤੇ ਲਈ ਦੇਸ਼ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।''
ਕਾਂਗਰਸ ਦੇ ਖੂਨੀ ਇਰਾਦੇ ਨਾਕਾਮ ਰਹੇ- ਸਮ੍ਰਿਤੀ ਇਰਾਨੀ
ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਇਸ ਮਾਮਲੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਸਮ੍ਰਿਤੀ ਇਰਾਨੀ ਨੇ ਕਿਹਾ, ''ਮੋਦੀ ਨਾਲ ਨਫਰਤ ਹੈ ਪਰ ਦੇਸ਼ ਅਪਣੇ ਪ੍ਰਧਾਨ ਮੰਤਰੀ ਖਿਲਾਫ ਸਾਜ਼ਿਸ਼ ਦਾ ਸਮਰਥਨ ਨਹੀਂ ਕਰੇਗਾ। ਅੱਜ ਭਾਰਤ ਦੇ ਇਤਿਹਾਸ ਵਿਚ ਪੰਜਾਬ ਦੀ ਪਵਿੱਤਰ ਧਰਤੀ 'ਤੇ ਕਾਂਗਰਸ ਦੇ ਖੂਨੀ ਇਰਾਦੇ ਨਾਕਾਮ ਹੋ ਗਏ ਹਨ। ਕਾਂਗਰਸ ਵਿਚ ਪ੍ਰਧਾਨ ਮੰਤਰੀ ਨੂੰ ਨਫ਼ਰਤ ਕਰਨ ਵਾਲੇ ਅੱਜ ਉਹਨਾਂ ਦੀ ਸੁਰੱਖਿਆ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਸਨ”।