
2024 ਦੀਆਂ ਲੋਕ ਸਭਾ ਚੋਣਾਂ ਵਿਚ ਸਿੱਧੇ ਤੌਰ ‘ਤੇ ਟੇਨੀ ਨਾਲ ਲੈਣਗੇ ਟੱਕਰ
ਲਖੀਮਪੁਰ ਖੀਰੀ: ਲਖੀਮਪੁਰ ਖੀਰੀ ਹਿੰਸਾ ਵਿਚ ਸ਼ਹੀਦ ਹੋਏ ਕਿਸਾਨ ਨਛੱਤਰ ਸਿੰਘ ਦੇ ਪੁੱਤਰ ਨੇ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਸਾਂਸਦ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਖਿਲਾਫ਼ 2024 ਦੀਆਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ।
Lakhimpur Kheri
ਪਿਛਲੇ ਸਾਲ 3 ਅਕਤੂਬਰ ਨੂੰ ਤਿਕੋਨੀਆ ਪਿੰਡ ਵਿਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਵਿਚ ਨਛੱਤਰ ਸਿੰਘ ਸਣੇ 4 ਕਿਸਾਨਾਂ ਦੀ ਮੌਤ ਹੋ ਗਈ ਸੀ। ਇਸ ਘਟਨਾ ਵਿਚ ਇੱਕ ਪੱਤਰਕਾਰ ਦੀ ਦੀ ਵੀ ਮੌਤ ਹੋ ਗਈ ਸੀ। ਇਸ ਮਾਮਲੇ ‘ਚ ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਨੂੰ ਮੁੱਖ ਦੋਸ਼ੀ ਵਜੋਂ ਗ੍ਰਿਫਤਾਰ ਕੀਤਾ ਗਿਆ ਹੈ।
Lakhimpur Kheri
ਲਖੀਮਪੁਰ ਦੇ ਧੌਰਹਰਾ ਇਲਾਕੇ ਦੇ ਪੁਰਵਾ ਪਿੰਡ ਦੇ ਰਹਿਣ ਵਾਲੇ ਨਛੱਤਰ ਸਿੰਘ ਦੇ ਬੇਟੇ ਜਗਦੀਪ ਸਿੰਘ ਨੇ ਦਾਅਵਾ ਕੀਤਾ ਕਿ ਸਮਾਜਵਾਦੀ ਪਾਰਟੀ ਤੇ ਕਾਂਗਰਸ ਨੇ ਉਨ੍ਹਾਂ ਨੂੰ ਲਖੀਮਪੁਰ ਖੀਰੀ ਦੀ ਧੌਰਹਰਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਦੀ ਪੇਸ਼ਕਸ਼ ਕੀਤੀ ਸੀ ਪਰ ਉਨ੍ਹਾਂ ਨੇ ਇਹ ਕਹਿੰਦੇ ਹੋਏ ਮਨ੍ਹਾ ਕਰ ਦਿੱਤਾ ਕਿ ਉਹ 2024 ਦੀਆਂ ਲੋਕ ਸਭਾ ਚੋਣਾਂ ਵਿਚ ਸਿੱਧੇ ਤੌਰ ‘ਤੇ ਟੇਨੀ ਨਾਲ ਟੱਕਰ ਲੈਣਾ ਚਾਹੁਣਗੇ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ 3 ਅਕਤੂਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਬਿਆਨ ਤੋਂ ਨਾਰਾਜ਼ ਕਿਸਾਨ ਟੈਨੀ ਦੇ ਪਿੰਡ ਵਿਚ ਇੱਕ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਜਾ ਰਹੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ, ਇਸੇ ਦੌਰਾਨ ਤਿਕੋਨੀਆ ਪਿੰਡ ਵਿਚ ਹੋਈ ਹਿੰਸਾ ਵਿਚ 4 ਕਿਸਾਨਾਂ ਸਣੇ 8 ਲੋਕਾਂ ਦੀ ਮੌਤ ਹੋਈ ਸੀ।