
ਇਸ ਚੋਣ ਵਿੱਚ, ਦਿੱਲੀ ਦੇ 1.56 ਕਰੋੜ ਤੋਂ ਵੱਧ ਯੋਗ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ।
Delhi Election: ਦਿੱਲੀ ਵਿੱਚ ਬੁੱਧਵਾਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਰਾਸ਼ਟਰੀ ਰਾਜਧਾਨੀ ਵਿੱਚ 30,000 ਤੋਂ ਵੱਧ ਪੁਲਿਸ ਕਰਮਚਾਰੀ ਅਤੇ ਅਰਧ ਸੈਨਿਕ ਬਲਾਂ ਦੀਆਂ 220 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।
ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ, ਆਮ ਆਦਮੀ ਪਾਰਟੀ (ਆਪ) ਆਪਣੇ ਸ਼ਾਸਨ ਅਤੇ ਭਲਾਈ ਯੋਜਨਾਵਾਂ ਦੇ ਆਧਾਰ 'ਤੇ ਲਗਾਤਾਰ ਤੀਜੀ ਵਾਰ ਜਿੱਤਣ ਦੀ ਉਮੀਦ ਕਰ ਰਹੀ ਹੈ, ਜਦੋਂ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ ਵਾਪਸੀ ਕਰਨ ਦੀ ਉਮੀਦ ਕਰ ਰਹੀਆਂ ਹਨ।
ਇਸ ਚੋਣ ਵਿੱਚ, ਦਿੱਲੀ ਦੇ 1.56 ਕਰੋੜ ਤੋਂ ਵੱਧ ਯੋਗ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ।
ਇਹ ਮੁਕਾਬਲਾ, ਜਿਸ ਨੇ ਰਾਜਧਾਨੀ ਦੇ ਰਾਜਨੀਤਿਕ ਦ੍ਰਿਸ਼ ਨੂੰ ਬਦਲ ਦਿੱਤਾ ਹੈ, 699 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰੇਗਾ ਅਤੇ ਸਾਰੇ 70 ਵਿਧਾਨ ਸਭਾ ਹਲਕਿਆਂ ਦੇ 13,766 ਪੋਲਿੰਗ ਸਟੇਸ਼ਨਾਂ 'ਤੇ ਵੋਟਿੰਗ ਹੋਵੇਗੀ।
ਲਗਭਗ 3,000 ਪੋਲਿੰਗ ਸਟੇਸ਼ਨਾਂ ਨੂੰ ਸੰਵੇਦਨਸ਼ੀਲ ਵਜੋਂ ਚਿੰਨ੍ਹਿਤ ਕੀਤਾ ਗਿਆ ਹੈ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਡਰੋਨ ਨਿਗਰਾਨੀ, ਤੇਜ਼ ਪ੍ਰਤੀਕਿਰਿਆ ਟੀਮਾਂ, 'ਸਟਰਾਈਕਿੰਗ ਟੀਮਾਂ' ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPF) ਦੀ ਇੱਕ ਕੰਪਨੀ ਸਮੇਤ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਸਪੈਸ਼ਲ ਕਮਿਸ਼ਨਰ ਆਫ਼ ਪੁਲਿਸ (ਐਸਪੀਐਨਓ ਦਿੱਲੀ ਵਿਧਾਨ ਸਭਾ ਚੋਣ) ਦੇਵੇਸ਼ ਚੰਦਰ ਸ਼੍ਰੀਵਾਸਤਵ ਨੇ ਕਿਹਾ, “ਦਿੱਲੀ ਪੁਲਿਸ ਦੇ ਸਾਰੇ ਕਰਮਚਾਰੀ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਨ। ਚੋਣਾਂ ਤੋਂ ਪਹਿਲਾਂ ਦੇ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਹਨ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਦਿੱਲੀ ਪੁਲਿਸ ਦੇ ਸਾਰੇ ਸੀਨੀਅਰ ਕਰਮਚਾਰੀ ਪੋਲਿੰਗ ਸਟੇਸ਼ਨਾਂ 'ਤੇ ਮੌਜੂਦ ਹਨ।
ਉਨ੍ਹਾਂ ਕਿਹਾ ਕਿ ਅਰਧ ਸੈਨਿਕ ਬਲਾਂ ਦੀਆਂ 220 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 150 ਕੰਪਨੀਆਂ ਸੀਏਪੀਐਫ ਦੀਆਂ ਹਨ ਅਤੇ 70 ਕੰਪਨੀਆਂ 10 ਵੱਖ-ਵੱਖ ਰਾਜਾਂ ਦੀਆਂ ਹਨ। ਇਸ ਤੋਂ ਇਲਾਵਾ, 30,000 ਤੋਂ ਵੱਧ ਪੁਲਿਸ ਕਰਮਚਾਰੀ, 9,000 ਹੋਮ ਗਾਰਡ ਅਤੇ ਦਿੱਲੀ ਪੁਲਿਸ ਦੇ ਸਾਰੇ ਸੀਨੀਅਰ ਪੁਲਿਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ।
ਸ੍ਰੀਵਾਸਤਵ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਹਰਿਆਣਾ ਨਾਲ ਲੱਗਦੇ ਦਿੱਲੀ ਦੇ ਸਾਰੇ 65 ਸਰਹੱਦੀ ਲਾਂਘੇ ਪਹਿਲਾਂ ਹੀ ਸੀਲ ਕਰ ਦਿੱਤੇ ਗਏ ਹਨ ਅਤੇ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ 7 ਜਨਵਰੀ ਤੋਂ 3 ਫ਼ਰਵਰੀ ਤਕ, ਦਿੱਲੀ ਪੁਲਿਸ ਨੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਲਈ 1,076 ਮਾਮਲੇ ਦਰਜ ਕੀਤੇ ਹਨ ਅਤੇ 34,250 ਲੋਕਾਂ ਨੂੰ ਗ੍ਰਿਫ਼ਤਾਰ ਜਾਂ ਹਿਰਾਸਤ ਵਿੱਚ ਲਿਆ ਹੈ।
ਵਿਸ਼ੇਸ਼ ਪੁਲਿਸ ਕਮਿਸ਼ਨਰ ਨੇ ਕਿਹਾ, “ਇਹ ਮਾਮਲੇ 7 ਜਨਵਰੀ ਤੋਂ 3 ਫ਼ਰਵਰੀ ਤੱਕ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਦਰਜ ਕੀਤੇ ਗਏ ਹਨ। 3 ਫ਼ਰਵਰੀ ਦਿੱਲੀ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦਾ ਆਖਰੀ ਦਿਨ ਸੀ। ਸਾਡੀ ਟੀਮ ਨੇ 469 ਗੈਰ-ਕਾਨੂੰਨੀ ਹਥਿਆਰ ਅਤੇ 513 ਕਾਰਤੂਸ ਜ਼ਬਤ ਕੀਤੇ ਹਨ ਅਤੇ ਅਸਲਾ ਐਕਟ ਤਹਿਤ 491 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ 1,10,093 ਲੀਟਰ ਸ਼ਰਾਬ ਵੀ ਜ਼ਬਤ ਕੀਤੀ ਅਤੇ 1,381 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕਿਹਾ ਕਿ ਸਖ਼ਤ ਨਿਗਰਾਨੀ ਕਾਰਨ, ਪੁਲਿਸ ਨੇ ਨਸ਼ੀਲੇ ਪਦਾਰਥ ਰੱਖਣ ਦੇ ਦੋਸ਼ ਵਿੱਚ 177 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 1,200 ਤੋਂ ਵੱਧ ਪਾਬੰਦੀਸ਼ੁਦਾ ਟੀਕਿਆਂ ਦੇ ਨਾਲ-ਨਾਲ 77.9 ਕਰੋੜ ਰੁਪਏ ਤੋਂ ਵੱਧ ਮੁੱਲ ਦੇ 196.602 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ।