
ਕਾਂਗਰਸ ਦੀ ਜਨਰਲ ਸਕੱਤਰ ਅੰਬਿਕਾ ਸੋਨੀ ਨੇ ਪਾਰਟੀ ਤੋਂ ਅਪਣੇ ਅਸਤੀਫ਼ੇ ਦੀਆਂ ਖ਼ਬਰਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਅੱਜ ਕਿਹਾ ਕਿ ਉਨ੍ਹਾਂ ਨੇ ਸਿਹਤ ਕਾਰਨਾਂ ਕਰ ਕੇ..
ਨਵੀਂ ਦਿੱਲੀ, 21 ਜੁਲਾਈ : ਕਾਂਗਰਸ ਦੀ ਜਨਰਲ ਸਕੱਤਰ ਅੰਬਿਕਾ ਸੋਨੀ ਨੇ ਪਾਰਟੀ ਤੋਂ ਅਪਣੇ ਅਸਤੀਫ਼ੇ ਦੀਆਂ ਖ਼ਬਰਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਅੱਜ ਕਿਹਾ ਕਿ ਉਨ੍ਹਾਂ ਨੇ ਸਿਹਤ ਕਾਰਨਾਂ ਕਰ ਕੇ ਪਾਰਟੀ ਲੀਡਰਸ਼ਿਪ ਨੂੰ ਜ਼ਿੰਮੇਵਾਰੀਆਂ ਘਟਾਉਣ ਲਈ ਆਖਿਆ ਸੀ। ਅੰਬਿਕਾ ਸੋਨੀ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਜੰਮੂ-ਕਸ਼ਮੀਰ ਦੇ ਇੰਚਾਰਜ ਜਨਰਲ ਸਕੱਤਰ ਹਨ। ਪੀ.ਟੀ.ਆਈ. ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ''ਅਸਤੀਫ਼ੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੈਂ ਪਾਰਟੀ ਲੀਡਰਸ਼ਿਪ ਨੂੰ ਆਖਿਆ ਸੀ ਕਿ ਮੇਰੀਆਂ ਜ਼ਿੰਮੇਵਾਰੀਆਂ ਕੁੱਝ ਘਟਾਈਆਂ ਜਾਣ ਕਿਉਂਕਿ ਸਿਹਤ ਠੀਕ ਨਹੀਂ ਰਹਿੰਦੀ।'' ਉਨ੍ਹਾਂ ਕਿਹਾ ਕਿ ਨਵੀਆਂ ਨਿਯੁਕਤੀਆਂ ਹੋਣ ਤਕ ਉਹ ਅਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ।
ਅੰਬਿਕਾ ਨੇ ਕਿਹਾ, ''ਮੈਂ ਪਿਛਲੇ ਸਾਲ ਵੀ ਪਾਰਟੀ ਲੀਡਰਸ਼ਿਪ ਨੂੰ ਆਖਿਆ ਸੀ ਕਿ ਹਿਮਾਚਲ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਅਤੇ ਸਿਹਤ ਕਾਰਨਾਂ ਕਰ ਕੇ ਤਿੰਨ ਪਹਾੜੀ ਸੂਬਿਆਂ ਵਿਚ ਜਾਣਾ ਮੁਸ਼ਕਲ ਹੁੰਦਾ ਹੈ।'' ਦੂਜੇ ਪਾਸੇ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ, ''ਸਾਡੇ ਵਿਰੋਧੀਆਂ ਵਲੋਂ ਉਨ੍ਹਾਂ (ਅੰਬਿਕਾ ਸੋਨੀ) ਦੇ ਅਸਤੀਫ਼ੇ ਬਾਰੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਅਸੀ ਤਿੱਖਾ ਵਿਰੋਧ ਕਰਦੇ ਹਾਂ।'' ਉਨ੍ਹਾਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਕੁੱਝ ਨਵੇਂ ਚਿਹਰਿਆਂ ਨੂੰ ਅੱਗੇ ਲਿਆਉਣ ਦੀ ਪ੍ਰਕਿਰਿਆ ਤਹਿਤ ਜਥੇਬੰਦਕ ਪੱਧਰ 'ਤੇ ਪੁਨਰਗਠਨ ਕਰ ਰਹੀ ਹੈ।
(ਪੀਟੀਆਈ)