
ਇਹ ਜਾਣਕਾਰੀ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਭਾਰਤੀ ਪ੍ਰਵੀਨ ਪਵਾਰ ਨੇ ਸਿਫ਼ਰ ਕਾਲ ਦੌਰਾਨ ਸਵਾਲਾਂ ਦੇ ਜਵਾਬ ਵਿਚ ਦਿੱਤੀ
ਨਵੀਂ ਦਿੱਲੀ: ਸਰਕਾਰ ਨੇ ਇਕ ਵਾਰ ਫਿਰ ਸੰਸਦ ਨੂੰ ਦੱਸਿਆ ਕਿ ਕੋਵਿਡ ਮਹਾਂਮਾਰੀ ਦੌਰਾਨ ਕਿਸੇ ਵੀ ਸੂਬੇ ਜਾਂ ਕੇਂਦਰ ਸ਼ਾਸਤ ਪ੍ਰਦੇਸ਼ ਨੇ ਹੁਣ ਤੱਕ ਆਕਸੀਜਨ ਦੀ ਕਮੀ ਕਾਰਨ ਕਿਸੇ ਮੌਤ ਦੀ ਪੁਸ਼ਟੀ ਨਹੀਂ ਕੀਤੀ ਹੈ। ਇਹ ਜਾਣਕਾਰੀ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਭਾਰਤੀ ਪ੍ਰਵੀਨ ਪਵਾਰ ਨੇ ਸਿਫ਼ਰ ਕਾਲ ਦੌਰਾਨ ਸਵਾਲਾਂ ਦੇ ਜਵਾਬ ਵਿਚ ਦਿੱਤੀ। ਉਹਨਾਂ ਕਿਹਾ ਕਿ 4 ਅਪ੍ਰੈਲ 2022 ਤੱਕ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਦੇਸ਼ ਕੋਵਿਡ-19 ਕਾਰਨ ਕੁੱਲ 5,21,358 ਮੌਤਾਂ ਦੀ ਰਿਪੋਰਟ ਦਿੱਤੀ ਹੈ।
ਉਹਨਾਂ ਕਿਹਾ ਕਿ ਭਾਰਤ ਸਰਕਾਰ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਭੇਜੀਆਂ ਜਾਂਦੀਆਂ ਰਿਪੋਰਟਾਂ ਦੇ ਆਧਾਰ 'ਤੇ ਕੋਵਿਡ-19 ਦੇ ਕੁੱਲ ਮਾਮਲਿਆਂ ਅਤੇ ਇਸ ਦੇ ਕਾਰਨ ਹੋਣ ਵਾਲੀਆਂ ਮੌਤਾਂ ਦੇ ਅੰਕੜਿਆਂ ਨੂੰ ਕਾਇਮ ਰੱਖਦੀ ਹੈ। ਪਵਾਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਲੋੜੀਂਦੇ ਵੇਰਵੇ ਭੇਜਣ ਲਈ ਅਪੀਲ ਕੀਤੀ ਹੈ ਅਤੇ 20 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਜਵਾਬ ਦਿੱਤਾ ਹੈ ਅਤੇ ਇਹਨਾਂ ਵਿਚੋਂ ਕਿਸੇ ਵੀ ਸੂਬੇ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ ਨੇ ਆਕਸੀਜਨ ਦੀ ਕਮੀ ਕਾਰਨ ਮੌਤ ਦੀ ਪੁਸ਼ਟੀ ਨਹੀਂ ਕੀਤੀ ਹੈ। ਉਹਨਾਂ ਕਿਹਾ ਕਿ ਕੁਝ ਸੂਬੇ ਅਜੇ ਵੀ ਮੰਤਰਾਲੇ ਦੇ ਪੋਰਟਲ 'ਤੇ ਕੋਵਿਡ-19 ਕਾਰਨ ਹੋਈਆਂ ਮੌਤਾਂ ਦੀ ਜਾਣਕਾਰੀ ਅਪਡੇਟ ਕਰ ਰਹੇ ਹਨ।
ਕੋਵਿਡ ਕਾਰਨ ਮੌਤ ਹੋਣ 'ਤੇ 4 ਲੱਖ ਰੁਪਏ ਦੇ ਮੁਆਵਜ਼ੇ ਦੇ ਵਾਅਦੇ ਬਾਰੇ ਕਾਂਗਰਸ ਮੈਂਬਰ ਸ਼ਕਤੀ ਸਿੰਘ ਗੋਹਿਲ ਦੇ ਸਵਾਲ ਦੇ ਜਵਾਬ 'ਚ ਪਵਾਰ ਨੇ ਕਿਹਾ ਕਿ ਸਰਕਾਰ ਨੇ ਪਾਰਦਰਸ਼ੀ ਢੰਗ ਨਾਲ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਹਨਾਂ ਕਿਹਾ ਕਿ ਗਰੀਬ ਮਰੀਜ਼ਾਂ ਲਈ ਬੀਮਾ ਸਕੀਮਾਂ ਰਾਹੀਂ ਉਹਨਾਂ ਦੀ ਸੁਰੱਖਿਆ ਅਤੇ ਦੇਖਭਾਲ ਦਾ ਪ੍ਰਬੰਧ ਕੀਤਾ ਗਿਆ ਹੈ।
ਉਹਨਾ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਨੇ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ ਹੈ ਅਤੇ ਹੁਣ ਤਿੰਨ ਹਜ਼ਾਰ ਤੋਂ ਵੱਧ ਲੈਬਾਰਟਰੀਆਂ ਤਿਆਰ ਕੀਤੀਆਂ ਜਾ ਚੁੱਕੀਆਂ ਹਨ, ਜਦਕਿ ਹਰ ਜ਼ਿਲ੍ਹੇ 'ਚ 'ਪੀਐਸਏ' ਪਲਾਂਟ ਬਣਾਏ ਜਾ ਰਹੇ ਹਨ ਅਤੇ ਹੁਣ ਤੱਕ ਚਾਰ ਹਜ਼ਾਰ ਤੋਂ ਵੱਧ ਅਜਿਹੇ ਪਲਾਂਟ ਲੱਗ ਚੁੱਕੇ ਹਨ। ਉਹਨਾਂ ਕਿਹਾ ਕਿ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਲਈ 64,000 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਅਤੇ ਭਵਿੱਖ ਨੂੰ ਦੇਖਦੇ ਹੋਏ 'ਬੀਐਸਐਲ-3' ਲੈਬਾਰਟਰੀਆਂ ਵੀ ਸਥਾਪਿਤ ਕੀਤੀਆਂ ਜਾ ਰਹੀਆਂ ਹਨ।