
ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿਤੀ ਵਧਾਈ
Elections Results: ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ 'ਪ੍ਰਚੰਡ' ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੇ ਰਾਸ਼ਟਰੀ ਜਮਹੂਰੀ ਗਠਜੋੜ (ਐੱਨ.ਡੀ.ਏ.) ਨੂੰ ਆਮ ਚੋਣਾਂ 'ਚ ਬਹੁਮਤ ਹਾਸਲ ਕਰਨ 'ਤੇ ਵਧਾਈ ਦਿਤੀ ਅਤੇ ਨਾਲ ਮਿਲ ਕੇ ਕੰਮ ਕਰਨ ਦੀ ਉਮੀਦ ਪ੍ਰਗਟਾਈ।
ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੰਦਿਆਂ ਲਿਖਿਆ, ‘’ਮੈਨੂੰ ਯਕੀਨ ਹੈ ਕਿ ਅਸੀਂ ਇਟਲੀ ਅਤੇ ਭਾਰਤ ਨੂੰ ਜੋੜਨ ਵਾਲੀ ਦੋਸਤੀ ਨੂੰ ਮਜ਼ਬੂਤ ਕਰਨ ਲਈ ਅਤੇ ਸਾਡੇ ਦੇਸ਼ਾਂ ਅਤੇ ਲੋਕਾਂ ਦੀ ਭਲਾਈ ਲਈ ਸਾਨੂੰ ਜੋੜਨ ਵਾਲੇ ਵੱਖ-ਵੱਖ ਮੁੱਦਿਆਂ 'ਤੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨਾ ਜਾਰੀ ਰੱਖਾਂਗੇ’।
ਸ੍ਰੀਲੰਕਾ ਦੇ ਰਾਸ਼ਟਰਪਤੀ ਨੇ 'ਐਕਸ' 'ਤੇ ਲਿਖਿਆ, "ਮੈਂ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਨੂੰ ਇਸ ਦੀ ਜਿੱਤ 'ਤੇ ਦਿਲੋਂ ਵਧਾਈ ਦਿੰਦਾ ਹਾਂ, ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਤਰੱਕੀ ਅਤੇ ਖੁਸ਼ਹਾਲੀ ਵਿਚ ਭਾਰਤੀ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦੀ ਹੈ।" ਨੇਪਾਲ ਦੇ ਪ੍ਰਧਾਨ ਮੰਤਰੀ 'ਪ੍ਰਚੰਡ', ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜੁਗਨਾਥ, ਮਾਲਦੀਵ ਦੇ ਰਾਸ਼ਟਰਪਤੀ ਡਾ: ਮੁਹੰਮਦ ਮੁਈਜ਼ੂ, ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ ਨੇ ਵੀ ਆਪਣੇ ਭਾਰਤੀ ਹਮਰੁਤਬਾ ਨੂੰ ਐਨਡੀਏ ਦੀ ਚੋਣ ਸਫਲਤਾ 'ਤੇ ਵਧਾਈ ਦਿਤੀ।
ਪਾਕਿਸਤਾਨ ਦੀ ਸੱਤਾਧਾਰੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਪਾਰਟੀ ਦੀ ਨੇਤਾ ਅਤੇ ਪੰਜਾਬ ਦੀ ਸੂਚਨਾ ਮੰਤਰੀ ਅਜ਼ਮਾ ਬੋਖਾਰੀ ਨੇ ਪੀਟੀਆਈ ਨੂੰ ਦਸਿਆ, "ਪਾਕਿਸਤਾਨ ਭਾਰਤ ਦੇ ਲੋਕਾਂ ਅਤੇ ਚੋਣਾਂ ਜਿੱਤਣ ਵਾਲੇ ਉਮੀਦਵਾਰਾਂ ਨੂੰ ਵਧਾਈ ਦਿੰਦਾ ਹੈ ਅਤੇ ਉਮੀਦ ਕਰਦਾ ਹੈ ਕਿ ਇਸ ਦੇ ਨਤੀਜੇ (ਨਵੀਂ ਸਰਕਾਰ) ਉਪ-ਮਹਾਂਦੀਪ ਵਿਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਿਆਉਣਗੇ”।
ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਭਾਰਤ ਦੀਆਂ ਸੰਸਦੀ ਚੋਣਾਂ ਨੂੰ "ਇਤਿਹਾਸ ਵਿਚ ਲੋਕਤੰਤਰ ਦੀ ਸੱਭ ਤੋਂ ਵੱਡੀ ਪ੍ਰਕਿਰਿਆ" ਵਜੋਂ ਸ਼ਲਾਘਾ ਕੀਤੀ ਪਰ ਚੋਣ ਨਤੀਜਿਆਂ 'ਤੇ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ। ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੇ "ਲੋਕਤੰਤਰ ਦੀ ਵਿਆਪਕ ਪ੍ਰਕਿਰਿਆ" ਵਿਚ ਸ਼ਾਮਲ ਹੋਣ ਲਈ ਭਾਰਤ ਦੇ ਲੋਕਾਂ ਨੂੰ ਵਧਾਈ ਦਿਤੀ।