
ਕਿਹਾ, ਹਿਮਾਚਲ ਸਰਕਾਰ ਆਪਣੇ ਮੁਲਾਜ਼ਮਾਂ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਵਚਨਬੱਧ
ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਬੁਧਵਾਰ ਨੂੰ ਕਿਹਾ ਕਿ ਚੰਡੀਗੜ੍ਹ ਸਥਿਤ ਹਿਮਾਚਲ ਭਵਨ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਰਿਹਾਇਸ਼ੀ ਅਲਾਟਮੈਂਟ ਦਾ ਮੁੱਦਾ ਕੇਂਦਰ ਸ਼ਾਸਤ ਪ੍ਰਦੇਸ਼ ਦੇ ਅਧਿਕਾਰੀਆਂ ਕੋਲ ਉਠਾਇਆ ਜਾਵੇਗਾ।
ਇਕ ਬਿਆਨ ਅਨੁਸਾਰ ਸੁੱਖੂ ਨੇ ਕਿਹਾ ਕਿ ਸੂਬਾ ਸਰਕਾਰ ਬਕਾਏ ਦੀ ਸਮੇਂ ਸਿਰ ਅਦਾਇਗੀ ਸਮੇਤ ਆਪਣੇ ਮੁਲਾਜ਼ਮਾਂ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਹਿਮਾਚਲ ਭਵਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਇਕ ਵਫ਼ਦ ਨੇ ਬੁਧਵਾਰ ਨੂੰ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਰਮਚਾਰੀਆਂ ਨੂੰ ਰਿਹਾਇਸ਼ ਅਲਾਟ ਕਰਨ ਦੀ ਅਪੀਲ ਕੀਤੀ।
ਹਿਮਾਚਲ ਭਵਨ ਚੰਡੀਗੜ੍ਹ ਵਿਖੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਸੁੱਖੂ ਨੇ ਕਿਹਾ ਕਿ ਰਿਹਾਇਸ਼ ਦੀ ਸਹੂਲਤ ਮੁਲਾਜ਼ਮਾਂ ਦੇ ਕੰਮ ਕਰਨ ਦੀ ਸਮਰਥਾ ’ਚ ਸਕਾਰਾਤਮਕ ਬਦਲਾਅ ਲਿਆਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਸ ਮਾਮਲੇ ’ਤੇ ਧਿਆਨ ਦੇਣ ਦੇ ਹੁਕਮ ਦਿਤੇ।