ਵੱਖ -ਵੱਖ ਮੁੱਦਿਆਂ 'ਤੇ ਚਰਚਾ ਦੀ ਮੰਗ ਨੂੰ ਲੈ ਕੇ ਵਿਰੋਧੀ ਮੈਂਬਰਾਂ ਦਾ ਹੰਗਾਮਾ
ਨਵੀਂ ਦਿੱਲੀ - ਅਰੁਣਾਚਲ ਪ੍ਰਦੇਸ਼ ਦੇ ਸੰਬੰਧ ਵਿਚ ਅਨੁਸੂਚਿਤ ਜਨਜਾਤੀਆਂ ਦੀ ਸੂਚੀ ਨੂੰ ਸੋਧ ਕਰਨ ਵਾਲੇ ਸੰਵਿਧਾਨ (ਅਨੁਸੂਚਿਤ ਜਨਜਾਤੀ) ਆਦੇਸ਼ (ਸੋਧ) ਬਿੱਲ 2021 ਵੀਰਵਾਰ ਨੂੰ ਰਾਜ ਸਭਾ ਨੇ ਜ਼ੁਬਾਨੀ ਵੋਟ ਦੁਆਰਾ ਪ੍ਰਵਾਨਗੀ ਦੇ ਦਿੱਤੀ। ਆਦਿਵਾਸੀ ਮਾਮਲਿਆਂ ਦੇ ਮੰਤਰੀ ਅਰਜੁਨ ਮੁੰਡਾ ਨੇ ਸੰਵਿਧਾਨ (ਅਨੁਸੂਚਿਤ ਜਨਜਾਤੀ) ਆਦੇਸ਼ (ਸੋਧ) ਬਿੱਲ 2021 ਨੂੰ ਚਰਚਾ ਅਤੇ ਪਾਸ ਕਰਨ ਲਈ ਪੇਸ਼ ਕੀਤਾ।
ਬਿੱਲ 'ਤੇ ਸੰਖੇਪ ਚਰਚਾ ਵਿੱਚ, ਟੀਆਰਐਸ ਦੇ ਡਾ: ਬੰਦਾ ਪ੍ਰਕਾਸ਼, ਏਆਈਏਡੀਐਮਕੇ ਦੇ ਐਮ ਥੰਬੀਦੁਰਾਈ, ਵਾਈਐਸਆਰ ਕਾਂਗਰਸ ਪਾਰਟੀ ਦੇ ਸੁਭਾਸ਼ ਚੰਦਰ ਬੋਸ ਪਲੀ, ਆਰਜੇਡੀ ਦੇ ਮਨੋਜ ਝਾ, ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਗੁਪਤਾ ਅਤੇ ਐਨਸੀਪੀ ਦੀ ਫੌਜ਼ੀਆ ਖਾਨ ਨੇ ਭਾਸ਼ਣ ਦਿੱਤਾ। ਇਸ ਦੌਰਾਨ ਵੱਖ -ਵੱਖ ਮੁੱਦਿਆਂ 'ਤੇ ਚਰਚਾ ਦੀ ਮੰਗ ਨੂੰ ਲੈ ਕੇ ਵਿਰੋਧੀ ਮੈਂਬਰਾਂ ਦਾ ਹੰਗਾਮਾ ਵੀ ਹੋਇਆ।
ਸੰਖੇਪ ਵਿਚਾਰ ਵਟਾਂਦਰੇ ਦਾ ਜਵਾਬ ਦਿੰਦਿਆਂ ਆਦਿਵਾਸੀ ਮਾਮਲਿਆਂ ਬਾਰੇ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਇਹ ਬਿੱਲ ਅਰੁਣਾਚਲ ਪ੍ਰਦੇਸ਼ ਦੇ ਉਨ੍ਹਾਂ ਕਬੀਲਿਆਂ ਦੇ ਵਿਕਾਸ ਲਈ ਲਿਆਂਦਾ ਗਿਆ ਹੈ ਜੋ ਹੁਣ ਤੱਕ ਮੁੱਖ ਧਾਰਾ ਤੋਂ ਦੂਰ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਸਰਕਾਰ ਆਦਿਵਾਸੀ ਭਾਈਚਾਰਿਆਂ ਦੇ ਵਿਕਾਸ ਲਈ ਦ੍ਰਿੜ ਹੈ ਅਤੇ ਇਸ ਮਾਰਗ ਵਿਚ ਅੱਗੇ ਵਧ ਰਹੀ ਹੈ। ਮੰਤਰੀ ਦੇ ਜਵਾਬ ਤੋਂ ਬਾਅਦ ਬਿੱਲ ਨੂੰ ਜ਼ੁਬਾਨੀ ਵੋਟ ਦੁਆਰਾ ਪ੍ਰਵਾਨਗੀ ਦੇ ਦਿੱਤੀ ਗਈ ਹੈ।