
ਤਲਾਸ਼ੀ ਮੁਹਿੰਮ ਜਾਰੀ ਹੈ
ਸ੍ਰੀਨਗਰ : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਨਾਲ ਮੁਕਾਬਲੇ ‘ਚ ਫੌਜ ਦੇ ਤਿੰਨ ਜਵਾਨ ਸ਼ਹੀਦ ਹੋ ਗਏ।
ਇੱਕ ਪੁਲਿਸ ਅਧਿਕਾਰੀ ਨੇ ਦਸਿਆ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਹਲਾਨ ਜੰਗਲੀ ਖੇਤਰ ਦੇ ਉੱਚਾਈ ਵਾਲੇ ਖੇਤਰਾਂ ਵਿਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।
ਉਨ੍ਹਾਂ ਕਿਹਾ ਕਿ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਤਲਾਸ਼ੀ ਮੁਹਿੰਮ ਮੁਕਾਬਲੇ 'ਚ ਬਦਲ ਗਈ। ਇਸ ਦੌਰਾਨ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ।
ਅਧਿਕਾਰੀ ਨੇ ਦਸਿਆ ਕਿ ਗੋਲੀਬਾਰੀ 'ਚ ਸੁਰੱਖਿਆ ਬਲਾਂ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਸ੍ਰੀਨਗਰ ਸਥਿਤ ਫੌਜ ਦੀ ਚਿਨਾਰ ਕੋਰ ਨੇ ਇੱਕ ਟਵੀਟ ਵਿਚ ਕਿਹਾ, ''ਆਪਰੇਸ਼ਨ ਹਾਲਨ, ਕੁਲਗਾਮ ।
4 ਅਗਸਤ, 2023 ਨੂੰ, ਸੁਰੱਖਿਆ ਬਲਾਂ ਦੁਆਰਾ ਕੁਲਗਾਮ ਵਿਚ ਹਾਲਾਨ ਦੀਆਂ ਉੱਚੀਆਂ ਚੋਟੀਆਂ 'ਤੇ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖਾਸ ਸੂਚਨਾ 'ਤੇ ਮੁਹਿੰਮ ਚਲਾਈ ਗਈ ਸੀ। ਅੱਤਵਾਦੀਆਂ ਨਾਲ ਗੋਲੀਬਾਰੀ 'ਚ ਤਿੰਨ ਜਵਾਨ ਜ਼ਖ਼ਮੀ ਹੋ ਗਏ ਅਤੇ ਬਾਅਦ 'ਚ ਸ਼ਹੀਦ ਹੋ ਗਏ। ਤਲਾਸ਼ੀ ਮੁਹਿੰਮ ਜਾਰੀ ਹੈ।"
ਅਧਿਕਾਰੀ ਨੇ ਦਸਿਆ ਕਿ ਇਲਾਕੇ 'ਚ ਵਾਧੂ ਬਲ ਭੇਜੇ ਗਏ ਹਨ ਅਤੇ ਤਲਾਸ਼ੀ ਮੁਹਿੰਮ ਤੇਜ਼ ਕਰ ਦਿਤੀ ਗਈ ਹੈ।