
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ 75 ਅਧਿਆਪਕਾਂ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਧਿਆਪਕ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰੀ ਅਧਿਆਪਕ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕੀਤੀ ਅਤੇ ਨੌਜਵਾਨਾਂ ਨੂੰ ਸੇਧ ਦੇਣ ਵਿਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਮੌਕੇ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਤੋਂ ਅਧਿਆਪਕ ਅੰਮ੍ਰਿਤਪਾਲ ਸਿੰਘ ਅਤੇ ਭੁਪਿੰਦਰ ਗੋਗੀਆ ਵੀ ਸ਼ਾਮਲ ਸਨ। ਇਨ੍ਹਾਂ ਨੂੰ ਵੀ ਕੌਮੀ ਅਧਿਆਪਕ ਪੁਰਸਕਾਰ ਲਈ ਚੁਣਿਆ ਗਿਆ ਹੈ।
ਅੰਮ੍ਰਿਤਪਾਲ ਸਿੰਘ ਪਿਛਲੇ 17 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਸੇਵਾਵਾਂ ਨਿਭਾਅ ਰਹੇ ਹਨ। ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਪਾਰ ਵਿਚ ਕੰਪਿਊਟਰ ਅਧਿਆਪਕ ਵਜੋਂ ਤਾਇਨਾਤ ਹਨ। 3 ਅਪ੍ਰੈਲ 2009 ਤੋਂ ਉਹ ਇਸੇ ਸਕੂਲ ਵਿਚ ਤਾਇਨਾਤ ਹੈ। ਅੰਮ੍ਰਿਤਪਾਲ ਸਿੰਘ ਨੇ ਦਸਿਆ ਕਿ ਉਹ ਆਈ.ਸੀ.ਟੀ. ਪਰਵਾਜ਼ ਪ੍ਰਾਜੈਕਟ ਚਲਾ ਰਹੇ ਹਨ, ਜਿਸ ਵਿਚ ਅਸੈਸਮੈਂਟ ਟੂਲ ਕ੍ਰਿਏਸ਼ਨ ਤਿਆਰ ਕੀਤੇ ਜਾਂਦੇ ਹਨ। ਉਹ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੱਭਿਆਚਾਰ ਨਾਲ ਜੋੜਨ ਲਈ ਉਪਰਾਲੇ ਕਰਦੇ ਰਹਿੰਦੇ ਹਨ ਅਤੇ ਹੁਣ ਤਕ 215 ਰਾਜ ਪੱਧਰੀ ਤਮਗ਼ੇ ਜਿੱਤ ਚੁੱਕੇ ਹਨ। ਉਨ੍ਹਾਂ ਨੇ ਸਾਹਿਤ ਵਿਚ 4 ਕਿਤਾਬਾਂ ਵੀ ਲਿਖੀਆਂ ਹਨ। ਉਨ੍ਹਾਂ ਨੇ ਇਹ ਪੁਰਸਕਾਰ ਅਪਣੇ ਵਿਦਿਆਰਥੀਆਂ, ਪ੍ਰਵਾਰ ਅਤੇ ਦੋਸਤਾਂ ਨੂੰ ਸਮਰਪਤ ਕੀਤਾ ਹੈ।
ਸਿੱਖਿਆ ਮੰਤਰਾਲੇ ਦੇ ਅਧਿਕਾਰੀਆਂ ਮੁਤਾਬਕ ਦੇਸ਼ ਭਰ ਤੋਂ ਕੁੱਲ 75 ਅਧਿਆਪਕਾਂ ਨੂੰ ਪੁਰਸਕਾਰ ਲਈ ਚੁਣਿਆ ਗਿਆ ਹੈ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਵਲੋਂ ਇਨ੍ਹਾਂ ਅਧਿਆਪਕਾਂ ਦਾ ਸਨਮਾਨ ਕੀਤਾ ਜਾਵੇਗਾ। ਇਨ੍ਹਾਂ ਜੇਤੂਆਂ ਵਿਚ ਸਕੂਲਾਂ ਦੇ 50 ਅਧਿਆਪਕ, ਉੱਚ ਸਿੱਖਿਆ ਸੰਸਥਾਵਾਂ ਦੇ 13 ਅਧਿਆਪਕ ਅਤੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ 12 ਅਧਿਆਪਕ ਸ਼ਾਮਲ ਹਨ।