
ਸ਼ਿਕਾਇਤ ਮਿਲਣ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪੁਨਹਾਣਾ ਥਾਣੇ ਵਿੱਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।
ਨੂਹ- ਮੇਵਾਤ ਜ਼ਿਲ੍ਹੇ ਵਜੋਂ ਜਾਣੇ ਜਾਂਦੇ ਹਰਿਆਣਾ ਦੇ ਨੂਹ ਜ਼ਿਲੇ ਦੇ ਪਿੰਡ ਐਂਚਵੜੀ 'ਚ ਕੁਝ ਲੋਕਾਂ ਨੇ ਇੱਕ 40 ਸਾਲਾ ਵਿਅਕਤੀ ਨੂੰ ਕਥਿਤ ਤੌਰ 'ਤੇ ਕੁੱਟ-ਕੁੱਟ ਜਾਨੋਂ ਮਾਰ ਦਿੱਤਾ। ਪੁਲਸ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ 4 ਅਕਤੂਬਰ ਨੂੰ ਵਾਪਰੀ, ਜਿਸ ਤੋਂ ਬਾਅਦ ਪੁਨਹਾਨਾ ਪੁਲਿਸ ਸਟੇਸ਼ਨ 'ਚ 12 ਲੋਕਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਮ੍ਰਿਤਕ ਦੀ ਪਛਾਣ ਮੁਬੀਨ ਵਾਸੀ ਪਿੰਡ ਐਂਚਵੜੀ ਵਜੋਂ ਹੋਈ ਹੈ।
ਮੁਬੀਨ ਦੇ ਭਰਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਨਾਜਾਇਜ਼ ਮਾਈਨਿੰਗ 'ਚ ਕਥਿਤ ਤੌਰ 'ਤੇ ਸ਼ਾਮਲ ਕੁਝ ਲੋਕ ਮੰਗਲਵਾਰ ਨੂੰ ਮਾਈਨਿੰਗ ਦੇ ਪੱਥਰ ਲੱਦ ਕੇ ਲਿਜਾ ਰਹੇ ਸਨ। ਟਰੈਕਟਰ ਦੀ ਰਫ਼ਤਾਰ ਬਹੁਤ ਤੇਜ਼ ਸੀ। ਜਦੋਂ ਮੁਬੀਨ ਨੇ ਚਲਾਉਣ ਵਾਲੇ ਨੂੰ ਹੌਲੀ ਕਰਨ ਲਈ ਕਿਹਾ ਤਾਂ ਉਨ੍ਹਾਂ ਵਿਚਕਾਰ ਝਗੜਾ ਹੋ ਗਿਆ।
ਸ਼ਿਕਾਇਤਕਰਤਾ ਨੇ ਕਿਹਾ, ''ਕੁਝ ਸਮੇਂ ਬਾਅਦ ਟੋਲੇ ਨੇ ਮੁਬੀਨ 'ਤੇ ਪੱਥਰਾਂ, ਡੰਡਿਆਂ ਅਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕਰ ਦਿੱਤਾ। ਬੇਰਹਿਮੀ ਨਾਲ ਕੁੱਟਣ ਤੋਂ ਬਾਅਦ ਉਸ ਦੀ ਮੌਤ ਹੋ ਗਈ।" ਸ਼ਿਕਾਇਤ ਮਿਲਣ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪੁਨਹਾਣਾ ਥਾਣੇ ਵਿੱਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਨਹਾਣਾ ਥਾਣਾ ਨੇ ਦੱਸਿਆ, “ਪੋਸਟਮਾਰਟਮ ਤੋਂ ਬਾਅਦ ਅਸੀਂ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ ਅਤੇ ਸਾਰੇ ਦੋਸ਼ੀ ਫਰਾਰ ਹਨ। ਉਨ੍ਹਾਂ ਦੀ ਤਲਾਸ਼ ਜਾਰੀ ਹੈ। ਦੋਸ਼ੀਆਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।”