
ਸੂਤਰਾਂ ਦੀ ਮੰਨੀਏ ਤਾਂ ਪੰਜ ਸੂਬਿਆਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਕਾਰਨ ਹੁਣ ਤਕ ਕੇਂਦਰ ਸਰਕਾਰ ਨੇ ਇਸ ਅਹੁਦੇ ਲਈ ਕੋਈ ਫੈਸਲਾ ਨਹੀਂ ਲਿਆ ਸੀ।
Chandigarh New Advisor: ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੀ ਅਚਾਨਕ ਹੋਈ ਮੀਟਿੰਗ ਤੋਂ ਬਾਅਦ ਸ਼ਹਿਰ ਵਿਚ ਇਕ ਵਾਰ ਫਿਰ ਨਵੇਂ ਸਲਾਹਕਾਰ ਦੇ ਨਾਂ ਦੀ ਚਰਚਾ ਜ਼ੋਰਾਂ ’ਤੇ ਹੈ। ਇਸ ਵਿਚ ਆਈਏਐਸ ਸਚਿਨ ਰਾਜੀਵ ਵਰਮਾ ਦਾ ਨਾਂ ਸੱਭ ਤੋਂ ਅੱਗੇ ਹੈ। ਉਹ 1992 ਬੈਚ ਦੇ ਆਈਏਐਸ ਅਧਿਕਾਰੀ ਹਨ। ਉਹ ਮੂਲ ਰੂਪ ਵਿਚ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ।
ਸੂਤਰਾਂ ਅਨੁਸਾਰ ਇਨ੍ਹਾਂ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼ ਦੇ ਸੀਨੀਅਰ ਆਈਏਐਸ ਅਧਿਕਾਰੀ ਡਾਕਟਰ ਸ਼ਰਦ ਚੌਹਾਨ ਦਾ ਨਾਂ ਵੀ ਚਰਚਾ ਵਿਚ ਸੀ। ਇਸ ਅਹੁਦੇ ਦੀ ਦੌੜ ਵਿਚ ਸੰਜੀਵ ਕੁਮਾਰ, ਅਸ਼ਵਨੀ ਕੁਮਾਰ, ਮਨੀਸ਼ ਗੁਪਤਾ, ਅਮਿਤ ਯਾਦਵ ਅਤੇ ਡਾਕਟਰ ਪੁਨੀਤ ਗੋਇਲ ਦੇ ਨਾਂ ਵੀ ਵਿਚਾਰੇ ਜਾ ਰਹੇ ਹਨ।
ਸੂਤਰਾਂ ਦੀ ਮੰਨੀਏ ਤਾਂ ਪੰਜ ਸੂਬਿਆਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਕਾਰਨ ਹੁਣ ਤਕ ਕੇਂਦਰ ਸਰਕਾਰ ਨੇ ਇਸ ਅਹੁਦੇ ਲਈ ਕੋਈ ਫੈਸਲਾ ਨਹੀਂ ਲਿਆ ਸੀ। 5 ਸੂਬਿਆਂ ਦੇ ਨਤੀਜਿਆਂ ਅਤੇ ਪ੍ਰਧਾਨ ਮੰਤਰੀ ਨਾਲ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੀ ਮੀਟਿੰਗ ਤੋਂ ਬਾਅਦ ਹੁਣ ਦਸਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰਾਲੇ ਨੇ ਇਸ ਅਹੁਦੇ 'ਤੇ ਨਿਯੁਕਤੀ ਦੀ ਫਾਈਲ ਪ੍ਰਧਾਨ ਮੰਤਰੀ ਨੂੰ ਭੇਜ ਦਿਤੀ ਹੈ। ਹੁਣ ਇਸ ਬਾਰੇ ਫੈਸਲਾ ਪ੍ਰਧਾਨ ਮੰਤਰੀ ਹੀ ਲੈਣਗੇ। ਦੱਸ ਦੇਈਏ ਕਿ ਚੰਡੀਗੜ੍ਹ ਦੇ ਸਾਬਕਾ ਸਲਾਹਕਾਰ ਡਾਕਟਰ ਧਰਮਪਾਲ 31 ਅਕਤੂਬਰ ਨੂੰ ਸੇਵਾਮੁਕਤ ਹੋ ਗਏ ਸਨ। ਉਦੋਂ ਤੋਂ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਨਿਤਿਨ ਕੁਮਾਰ ਨੂੰ ਸਲਾਹਕਾਰ ਚੰਡੀਗੜ੍ਹ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।
ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੀ ਮੀਟਿੰਗ ਤੋਂ ਬਾਅਦ ਸ਼ਹਿਰ ਵਿਚ ਲੈਫਟੀਨੈਂਟ ਗਵਰਨਰ ਨਿਯੁਕਤ ਕਰਨ ਦੀ ਵੀ ਚਰਚਾ ਹੈ ਕਿਉਂਕਿ ਆਉਣ ਵਾਲੇ ਦਿਨਾਂ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਦਾ ਦੌਰਾ ਕਰ ਰਹੇ ਹਨ। ਪਿਛਲੀ ਵਾਰ ਮਾਰਚ 2022 ਵਿਚ ਅਪਣੀ ਫੇਰੀ ਦੌਰਾਨ ਉਨ੍ਹਾਂ ਚੰਡੀਗੜ੍ਹ ਵਿਚ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦਾ ਐਲਾਨ ਕੀਤਾ ਸੀ ਪਰ ਹੁਣ ਪ੍ਰਸ਼ਾਸਨਿਕ ਅਧਿਕਾਰੀਆਂ ਵਿਚ ਚਰਚਾ ਹੈ ਕਿ ਗ੍ਰਹਿ ਮੰਤਰੀ ਅਪਣੇ ਦੌਰੇ ਦੌਰਾਨ ਅਜਿਹਾ ਕੋਈ ਐਲਾਨ ਕਰ ਸਕਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲਾਂ ਵੀ ਇਕ ਵਾਰ ਅਜਿਹੀ ਯੋਜਨਾ ਬਣਾਈ ਸੀ ਪਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵਿਰੋਧ ਤੋਂ ਬਾਅਦ ਇਹ ਫੈਸਲਾ ਵਾਪਸ ਲੈਣਾ ਪਿਆ ਸੀ।
(For more news apart from Chandigarh may get a new advisor next week, stay tuned to Rozana Spokesman)