ਦੇਸ਼ ਪਰਤਣ ਦੇ ਇੱਛੁਕ ਖਾੜੀ ਮੁਲਕਾਂ ਦੇ ਪੰਜਾਬੀਆਂ 'ਤੇ ਸਿੱਖਾਂ ਨੂੰ ਸੂਬਾ ਸਰਕਾਰ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ
ਚੰਡੀਗੜ੍ਹ : ਅਮਰੀਕਾ 'ਤੇ ਇਰਾਨ ਵਿਚਾਲੇ ਵਧਦੇ ਤਣਾਅ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਖਾੜੀ ਮੁਲਕਾਂ ਵਿਚ ਰਹਿੰਦੇ 10 ਮਿਲੀਅਨ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਕਾਰਗਾਰ ਕਦਮ ਚੁੱਕੇ ਜਾਣ।
ਵਿਦੇਸ਼ ਮੰਤਰਾਲੇ ਵਲੋਂ ਸਾਰੀ ਸਥਿਤੀ 'ਤੇ ਨਜ਼ਰ ਰੱਖੀ ਜਾਣ ਦੇ ਦਿਤੇ ਬਿਆਨ ਉਤੇ ਪ੍ਰਤੀਕਿਰਿਆ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਮਰੀਕਾ 'ਤੇ ਇਰਾਨ ਵਲੋਂ ਹਮਲੇ ਅਤੇ ਜਵਾਬੀ ਹਮਲੇ ਕਰਨ ਦੀਆਂ ਦਿਤੀਆਂ ਜਾ ਰਹੀਆਂ ਚਿਤਾਵਨੀਆਂ ਨੂੰ ਦੇਖਦਿਆਂ ਭਾਰਤ ਸਿਰਫ ਉਡੀਕ ਕੇ ਵੇਖਣ ਜਾਂ ਸਿਰਫ਼ ਸਥਿਤੀ 'ਤੇ ਨਜ਼ਰ ਰੱਖਣ ਦੀ ਨੀਤੀ ਨਾਲ ਨਹੀਂ ਸਾਰ ਸਕਦਾ।
ਮੁੱਖ ਮੰਤਰੀ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਇਸ ਖੇਤਰ ਵਿਚ ਸਥਿਤ ਭਾਰਤ ਦੇ ਸਫ਼ਾਰਤਖ਼ਾਨਿਆਂ ਨੂੰ ਉਥੇ ਵਸਦੇ ਭਾਰਤੀਆਂ ਨਾਲ ਸੰਪਰਕ ਬਣਾਉਣ ਸਬੰਧੀ ਨਿਰਦੇਸ਼ ਜਾਰੀ ਕਰੇ ਅਤੇ ਸੰਕਟ ਦੀ ਇਸ ਘੜੀ ਵਿਚ ਉਥੇ ਰਹਿੰਦੇ ਭਾਰਤੀਆਂ ਨੂੰ ਹਰ ਸੰਭਵ ਸਹਾਇਤਾ ਮੁਹਈਆ ਕਰਵਾਈ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਮਰੀਕਾ ਤੋਂ ਇਲਾਵਾ ਬਰਤਾਨੀਆ ਵਰਗੇ ਹੋਰ ਦੇਸ਼ਾਂ ਵੱਲੋਂ ਆਪਣੇ ਨਾਗਰਿਕਾਂ ਨੂੰ ਬਾਹਰ ਕੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਲੋੜ ਪੈਣ 'ਤੇ ਕੇਂਦਰ ਸਰਕਾਰ ਨੂੰ ਮੌਜੂਦਾ ਹਾਲਤਾਂ ਵਿੱਚ ਭਾਰਤ ਵਾਪਸ ਆਉਣ ਦੀ ਇੱਛਾ ਰੱਖਣ ਵਾਲੇ ਸਾਰੇ ਭਾਰਤੀਆਂ ਨੂੰ ਅਜਿਹੀ ਸਥਿਤੀ ਤੋਂ ਬਾਹਰ ਕੱਢਣ ਦੀਆਂ ਯੋਜਨਾਵਾਂ ਤਿਆਰ ਕਰਨ ਅਤੇ ਵਿੱਢਣ ਦੀ ਲੋੜ ਹੈ।
ਕੈਪਟਨ ਅਮਰਿੰਦਰ ਨੇ ਅੱਗੇ ਕਿਹਾ ਕਿ ਖਾੜੀ ਖੇਤਰ ਦੀ ਭਾਰਤ ਨਾਲ ਲਗਦੀ ਸਰਹੱਦ ਦੇ ਮੱਦੇਨਜ਼ਰ ਇਸ ਮਾਮਲੇ 'ਚ ਬਿਨਾਂ ਕਿਸੇ ਦੇਰੀ ਤੋਂ ਕੇਂਦਰ ਸਰਕਾਰ ਦਾ ਦਖ਼ਲ ਜ਼ਰੂਰੀ ਹੈ ਅਤੇ ਪੱਛਮੀ ਏਸ਼ਿਆਈ ਮੁਲਕਾਂ ਦੇ ਨਾਲ-ਨਾਲ ਉਥੇ ਵਸਦੀ ਭਾਰਤੀ ਆਬਾਦੀ ਨੂੰ ਸੁਰੱਖਿਅਤ ਬਾਹਰ ਕੱਢਣ ਸਬੰਧੀ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਟਕਰਾਅ ਦੇ ਮੱਦੇਨਜ਼ਰ ਸਹਿਮਤੀ ਦੇ ਕੋਈ ਸੰਕੇਤ ਨਹੀਂ ਮਿਲ ਰਹੇ ਅਤੇ ਸਪੱਸ਼ਟ ਤੌਰ 'ਤੇ ਅਜਿਹੀ ਗੰਭੀਰ ਸਥਿਤੀ ਵਿੱਚ ਖਾੜੀ ਖੇਤਰਾਂ ਨੂੰ ਤੁਰੰਤ ਛੱਡ ਦੇਣਾ ਭਾਰਤੀਆਂ ਦੇ ਹਿੱਤ ਵਿੱਚ ਹੋਵੇਗਾ।