
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਨੂੰ ਲੈ ਕੇ ਕਾਂਗਰਸ ਹਾਈਕਮਾਂਡ ਵੀ ਹਰਕਤ 'ਚ ਆ ਗਈ ਹੈ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਨੂੰ ਲੈ ਕੇ ਕਾਂਗਰਸ ਹਾਈਕਮਾਂਡ ਵੀ ਹਰਕਤ 'ਚ ਆ ਗਈ ਹੈ। ਸੂਤਰਾਂ ਅਨੁਸਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਫੋਨ ’ਤੇ ਗੱਲ ਕੀਤੀ ਹੈ। ਉਹਨਾਂ ਨੇ ਮੁੱਖ ਮੰਤਰੀ ਤੋਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕਮੀ ਦੇ ਮਾਮਲੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੰਗੀ ਹੈ।
ਕਾਂਗਰਸ ਪ੍ਰਧਾਨ ਨੇ ਸੀਐਮ ਨੂੰ ਪੀਐਮ ਮੋਦੀ ਦੀ ਸੁਰੱਖਿਆ ’ਚ ਕੁਤਾਹੀ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਹੈ। ਇਸ ਦੀ ਜ਼ਿੰਮੇਵਾਰੀ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੂੰ ਸੌਂਪੀ ਗਈ ਹੈ। ਸੂਤਰਾਂ ਅਨੁਸਾਰ ਸੋਨੀਆ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਪੂਰੇ ਦੇਸ਼ ਦੇ ਹੁੰਦੇ ਹਨ। ਮੁੱਖ ਮੰਤਰੀ ਚੰਨੀ ਨੇ ਇਸ ਘਟਨਾ ਦੀ ਪੂਰੀ ਜਾਣਕਾਰੀ ਸੋਨੀਆ ਗਾਂਧੀ ਨੂੰ ਦਿੱਤੀ ਅਤੇ ਦੱਸਿਆ ਕਿ ਉਹਨਾਂ ਨੇ ਇਸ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ।
ਸੀਐਮ ਚੰਨੀ ਨੇ ਸੋਨੀਆ ਗਾਂਧੀ ਨੂੰ ਕਿਹਾ ਕਿ ਪੰਜਾਬ ਸਰਕਾਰ ਪੂਰੇ ਮਾਮਲੇ ਦੀ ਜਾਂਚ ਕਰਵਾ ਰਹੀ ਹੈ। ਇਸ ਦੇ ਲਈ ਸੇਵਾਮੁਕਤ ਜਸਟਿਸ ਮਹਿਤਾਬ ਸਿੰਘ ਗਿੱਲ ਅਤੇ ਸੂਬੇ ਦੇ ਗ੍ਰਹਿ ਸਕੱਤਰ ਅਨੁਰਾਗ ਵਰਮਾ ਦੀ ਜਾਂਚ ਕਮੇਟੀ ਬਣਾਈ ਗਈ ਹੈ। ਕਮੇਟੀ ਨੂੰ 3 ਦਿਨਾਂ ਵਿਚ ਆਪਣੀ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਇਸ ਵਿਚ ਜੋ ਵੀ ਜ਼ਿੰਮੇਵਾਰ ਹੋਵੇਗਾ, ਸਰਕਾਰ ਉਸ ਖ਼ਿਲਾਫ਼ ਕਾਰਵਾਈ ਕਰੇਗੀ।