ਅਧਿਕਾਰੀਆਂ ਨੇ ਇਸ ਸਬੰਧ ਵਿਚ ਡਾਇਰੈਕਟਰ ਜਨਰਲ (ਜੇਲ੍ਹਾਂ) ਨੂੰ ਸ਼ਿਕਾਇਤ ਦਿੱਤੀ ਹੈ।
ਨਵੀਂ ਦਿੱਲੀ: ਤਿਹਾੜ ਜੇਲ੍ਹ ਦੇ ਉੱਚ ਅਧਿਕਾਰੀਆਂ ਨੇ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ 'ਤੇ ਉਹਨਾਂ ਨੂੰ ਧਮਕਾਉਣ ਅਤੇ ਡਰਾਉਣ ਦਾ ਇਲਜ਼ਾਮ ਲਗਾਇਆ ਹੈ। ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ ਅਧਿਕਾਰੀਆਂ ਨੇ ਇਸ ਸਬੰਧ ਵਿਚ ਡਾਇਰੈਕਟਰ ਜਨਰਲ (ਜੇਲ੍ਹਾਂ) ਨੂੰ ਸ਼ਿਕਾਇਤ ਦਿੱਤੀ ਹੈ।
ਜੈਨ ਨੂੰ ਪਿਛਲੇ ਸਾਲ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਮਨੀ ਲਾਂਡਰਿੰਗ ਦੇ ਇੱਕ ਕੇਸ ਵਿਚ ਗ੍ਰਿਫਤਾਰ ਕੀਤਾ ਗਿਆ ਸੀ, ਉਹ ਉਦੋਂ ਤੋਂ ਹੀ ਜੇਲ੍ਹ ਵਿਚ ਹਨ। ਇਸ ਦੌਰਾਨ ਉਹਨਾਂ ਦੀ ਮਾਲਸ਼ ਕਰਵਾਉਂਦੇ ਹੋਏ ਅਤੇ ਜੇਲ੍ਹ ਵਿਚ ਮੁਲਾਕਾਤੀਆਂ ਨੂੰ ਮਿਲਣ ਦੀ ਇੱਕ ਕਥਿਤ ਵੀਡੀਓ ਨੇ ਕਾਫੀ ਵਿਵਾਦ ਖੜ੍ਹਾ ਕਰ ਦਿੱਤਾ ਸੀ। ਇਸ ਦੌਰਾਨ ਵਿਰੋਧੀ ਧਿਰ ਨੇ ਉਹਨਾਂ ਨੂੰ ਮੰਤਰੀ ਮੰਡਲ ਤੋਂ ਹਟਾਉਣ ਦੀ ਮੰਗ ਵੀ ਕੀਤੀ ਸੀ।
ਸੂਤਰਾਂ ਨੇ ਦੱਸਿਆ ਕਿ ਤਿਹਾੜ ਜੇਲ੍ਹ ਦੇ ਵਧੀਕ ਇੰਸਪੈਕਟਰ ਜਨਰਲ, ਸੁਪਰਡੈਂਟ, ਡਿਪਟੀ ਸੁਪਰਡੈਂਟ, ਸਹਾਇਕ ਸੁਪਰਡੈਂਟ ਅਤੇ ਜੇਲ੍ਹ ਨੰਬਰ 7 ਦੇ ਕਾਨੂੰਨ ਅਧਿਕਾਰੀ ਨੇ ਡਾਇਰੈਕਟਰ ਜਨਰਲ (ਜੇਲ੍ਹਾਂ) ਨੂੰ ਸ਼ਿਕਾਇਤ ਕੀਤੀ ਹੈ ਕਿ ਜੈਨ ਨੇ ਉਹਨਾਂ ਨਾਲ ਦੁਰਵਿਵਹਾਰ ਕੀਤਾ ਹੈ ਅਤੇ ਜੇਲ੍ਹ ਤੋਂ ਬਾਹਰ ਨਿਕਲਣ ਤੋਂ ਬਾਅਦ ਨਤੀਜੇ ਭੁਗਤਣ ਦੀ ਧਮਕੀ ਵੀ ਦਿੱਤੀ।
ਸੂਤਰ ਨੇ ਦੱਸਿਆ ਕਿ ਦੋ ਅਧਿਕਾਰੀਆਂ ਨੇ 8 ਦਸੰਬਰ 2022 ਨੂੰ ਵਾਪਰੀ ਇੱਕ ਘਟਨਾ ਦੇ ਸਬੰਧ ਵਿਚ ਜੈਨ ਵਿਰੁੱਧ ਸ਼ਿਕਾਇਤ ਦਿੱਤੀ ਸੀ। ਉਸ ਨੇ ਦਾਅਵਾ ਕੀਤਾ ਕਿ ਜਦੋਂ ਉਹ ਡੀਪੀਆਰ 2018 ਦੇ ਨਿਯਮ 1,272 ਦੇ ਅਨੁਸਾਰ ਕਾਰਨ ਦੱਸੋ ਨੋਟਿਸ ਦੇਣ ਗਿਆ ਤਾਂ ਜੈਨ ਨੇ ਉਸ ਨੂੰ ਧਮਕੀ ਦਿੱਤੀ। ਫਿਲਹਾਲ ਇਸ ਮੁੱਦੇ 'ਤੇ ਆਮ ਆਦਮੀ ਪਾਰਟੀ ਜਾਂ ਦਿੱਲੀ ਸਰਕਾਰ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।