
ਵਿਰੋਧੀ ਪਾਰਟੀਆਂ ਵਲੋਂ ਕੀਤੀ ਜਾ ਰਹੀ ਅਡਾਨੀ ਮਾਮਲੇ 'ਤੇ ਚਰਚਾ ਦੀ ਮੰਗ
ਨਵੀਂ ਦਿੱਲੀ : ਬਜਟ ਪੇਸ਼ ਕੀਤੇ ਜਾਣ ਤੋਂ ਬਾਅਦ ਤੋਂ ਸੰਸਦ ਵਿੱਚ ਇੱਕ ਦਿਨ ਵੀ ਚਰਚਾ ਨਹੀਂ ਹੋਈ ਹੈ। ਵਿਰੋਧੀ ਪਾਰਟੀਆਂ ਗੌਤਮ ਅਡਾਨੀ ਮਾਮਲੇ ਨੂੰ ਲੈ ਕੇ ਸੰਸਦ ਦੇ ਦੋਹਾਂ ਸਦਨਾਂ 'ਚ ਲਗਾਤਾਰ ਹੰਗਾਮਾ ਕਰ ਰਹੀਆਂ ਹਨ ਅਤੇ ਇਸ ਮਾਮਲੇ 'ਤੇ ਸੰਸਦੀ ਕਮੇਟੀ ਦੇ ਗਠਨ ਦੀ ਮੰਗ ਕਰ ਰਹੀਆਂ ਹਨ, ਜਦਕਿ ਸੱਤਾਧਾਰੀ ਪਾਰਟੀ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਚਰਚਾ ਦੀ ਮੰਗ ਕਰ ਰਹੀ ਹੈ।
ਇਹ ਵੀ ਪੜ੍ਹੋ: ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲਟਕਾਉਣਾ ਗ਼ੈਰ-ਇਨਸਾਨੀ ਅਤੇ ਗ਼ੈਰ-ਇਖ਼ਲਾਕੀ ਪ੍ਰਤੀਤ ਹੁੰਦਾ ਹੈ- ਗੁਰਜੀਤ ਸਿੰਘ ਔਜਲਾ
ਅੱਜ ਵੀ ਹੰਗਾਮੇ ਤੋਂ ਬਾਅਦ ਲੋਕ ਸਭਾ-ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਸੀ। ਦੂਜੇ ਪਾਸੇ ਕਾਂਗਰਸ ਵੱਲੋਂ ਅੱਜ ਦੇਸ਼ ਭਰ ਵਿੱਚ ਐਲਆਈਸੀ ਦਫ਼ਤਰਾਂ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਡਾਨੀ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਕੱਲ੍ਹ ਯਾਨੀ 7 ਫਰਵਰੀ ਨੂੰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।