
Parliament News: ਅਮਰੀਕਾ ਤੋਂ ਕਥਿਤ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਭਾਰਤ ਵਾਪਸ ਭੇਜਣ ਦੇ ਮੁੱਦੇ ’ਤੇ ਨੂੰ ਲੈ ਕੇ ਕੀਤਾ ਪ੍ਰਦਰਸ਼ਨ
Parliament News: ਨਵੀਂ ਦਿੱਲੀ: ਕਾਂਗਰਸ, ਸਮਾਜਵਾਦੀ ਪਾਰਟੀ (ਸਪਾ) ਅਤੇ ਕੁਝ ਹੋਰ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਅਮਰੀਕਾ ਤੋਂ ਕਥਿਤ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਭਾਰਤ ਵਾਪਸ ਭੇਜਣ ਦੇ ਮੁੱਦੇ ’ਤੇ ਵੀਰਵਾਰ ਨੂੰ ਸੰਸਦ ਕੰਪਲੈਕਸ ਵਿਚ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਵਿਚ ਸ਼ਾਮਲ ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਧਰਮਿੰਦਰ ਯਾਦਵ ਅਤੇ ਵਿਰੋਧੀ ਧਿਰ ਦੇ ਕਈ ਸੰਸਦ ਮੈਂਬਰਾਂ ਨੇ ਹੱਥਾਂ ਵਿਚ ਹੱਥਕੜੀਆਂ ਪਾਈਆਂ ਹੋਈਆਂ ਸਨ। ਉਨ੍ਹਾਂ ‘ਦੇਸ਼ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ’ ਅਤੇ ‘ਮੋਦੀ ਸਰਕਾਰ ਹਾਏ ਹਾਏ’ ਵਰਗੇ ਨਾਹਰੇ ਲਗਾਏ।
ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ, ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ, ਸਪਾ ਪ੍ਰਧਾਨ ਅਖਿਲੇਸ਼ ਯਾਦਵ ਅਤੇ ਕਈ ਹੋਰ ਵਿਰੋਧੀ ਨੇਤਾ ਇਸ ਪ੍ਰਦਰਸ਼ਨ ’ਚ ਸ਼ਾਮਲ ਹੋਏ। ਵਰਣਨਯੋਗ ਹੈ ਕਿ ਅਮਰੀਕਾ ਤੋਂ 104 “ਗ਼ੈਰ-ਕਾਨੂੰਨੀ” ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਇਕ ਅਮਰੀਕੀ ਫ਼ੌਜੀ ਜਹਾਜ਼ ਬੁਧਵਾਰ ਨੂੰ ਅੰਮ੍ਰਿਤਸਰ ਪਹੁੰਚਿਆ ਸੀ। ਡੋਨਾਲਡ ਟਰੰਪ ਪ੍ਰਸ਼ਾਸਨ ਵਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਵਿਰੁਧ ਕਾਰਵਾਈ ਦੇ ਤਹਿਤ ਭਾਰਤੀਆਂ ਦਾ ਇਹ ਪਹਿਲਾ ਜੱਥਾ ਵਾਪਸ ਭੇਜਿਆ ਗਿਆ ਹੈ। ਤਸਵੀਰਾਂ ’ਚ ਭਾਰਤ ਵਾਪਸ ਭੇਜੇ ਗਏ ਲੋਕਾਂ ਦੇ ਹੱਥਾਂ ’ਚ ਹੱਥਕੜੀਆਂ ਦਿਖਾਈ ਦੇ ਰਹੀਆਂ ਹਨ।