
Waqf Amendment News: ਇਹ ਬਿੱਲ (ਹੁਣ ਕਾਨੂੰਨ) ਲੋਕ ਸਭਾ ਅਤੇ ਰਾਜ ਸਭਾ ਵਿੱਚ 2 ਅਤੇ 3 ਅਪ੍ਰੈਲ ਨੂੰ 12 ਘੰਟੇ ਦੀ ਚਰਚਾ ਤੋਂ ਬਾਅਦ ਪਾਸ ਕੀਤਾ ਗਿਆ ਸੀ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਦੇਰ ਸ਼ਾਮ ਵਕਫ (ਸੋਧ) ਬਿੱਲ ਨੂੰ ਮਨਜ਼ੂਰੀ ਦੇ ਦਿੱਤੀ। ਸਰਕਾਰ ਨੇ ਨਵੇਂ ਕਾਨੂੰਨ ਬਾਰੇ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਕੇਂਦਰ ਸਰਕਾਰ ਨਵੇਂ ਕਾਨੂੰਨ ਨੂੰ ਲਾਗੂ ਕਰਨ ਦੀ ਤਰੀਕ ਬਾਰੇ ਵੱਖਰਾ ਨੋਟੀਫਿਕੇਸ਼ਨ ਜਾਰੀ ਕਰੇਗੀ। ਇਹ ਬਿੱਲ (ਹੁਣ ਕਾਨੂੰਨ) ਲੋਕ ਸਭਾ ਅਤੇ ਰਾਜ ਸਭਾ ਵਿੱਚ 2 ਅਤੇ 3 ਅਪ੍ਰੈਲ ਨੂੰ 12 ਘੰਟੇ ਦੀ ਚਰਚਾ ਤੋਂ ਬਾਅਦ ਪਾਸ ਕੀਤਾ ਗਿਆ ਸੀ।
ਕਾਂਗਰਸ ਦੇ ਸੰਸਦ ਮੈਂਬਰ ਮੁਹੰਮਦ ਜਾਵੇਦ, ਏਆਈਐਮਆਈਐਮ ਦੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਅਤੇ ਆਪ ਵਿਧਾਇਕ ਅਮਾਨਤੁੱਲਾ ਖਾਨ ਨੇ ਵੱਖ-ਵੱਖ ਪਟੀਸ਼ਨਾਂ ਵਿੱਚ ਨਵੇਂ ਕਾਨੂੰਨ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸੰਸਦ ਦੇ ਉਪਰਲੇ ਸਦਨ ਰਾਜ ਸਭਾ ਵਿੱਚ ਵਕਫ਼ ਸੋਧ ਬਿੱਲ ਦੇ ਹੱਕ ਵਿੱਚ 128 ਅਤੇ ਵਿਰੋਧ ਵਿੱਚ 95 ਵੋਟਾਂ ਪਈਆਂ। ਇਸ ਤੋਂ ਪਹਿਲਾਂ ਲੋਕ ਸਭਾ ਵਿੱਚ ਇਸ ਦੇ ਹੱਕ ਵਿੱਚ 288 ਅਤੇ ਵਿਰੋਧ ਵਿੱਚ 232 ਵੋਟਾਂ ਪਈਆਂ ਸਨ।
ਦੋਵਾਂ ਸਦਨਾਂ ਵਿੱਚ ਵਿਰੋਧੀ ਪਾਰਟੀਆਂ ਨੇ ਇਸ ਦਾ ਜ਼ੋਰਦਾਰ ਵਿਰੋਧ ਕੀਤਾ। ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਇਸ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਸਰਕਾਰ ਨੂੰ ਬਿੱਲ ਵਾਪਸ ਲੈਣ ਦੀ ਅਪੀਲ ਕੀਤੀ ਸੀ।