
ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਨੇ ਡਬਲਯੂਐਫਆਈ ਮੁਖੀ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਸਬੰਧ ਵਿਚ ਹੁਣ ਤੱਕ ਕੁੱਲ 137 ਲੋਕਾਂ ਦੇ ਬਿਆਨ ਦਰਜ ਕੀਤੇ ਹਨ
ਨਵੀਂ ਦਿੱਲੀ : ਦਿੱਲੀ ਪੁਲਿਸ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਗੋਂਡਾ ਵਿਚ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਘਰ ਪਹੁੰਚੀ। ਜਾਣਕਾਰੀ ਮੁਤਾਬਕ ਡਬਲਯੂਐੱਫਆਈ ਮੁਖੀ 'ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਸਬੰਧ 'ਚ ਪੁਲਿਸ 12 ਲੋਕਾਂ ਦੇ ਬਿਆਨ ਦਰਜ ਕਰਨ ਲਈ ਬ੍ਰਿਜ ਭੂਸ਼ਣ ਦੇ ਘਰ ਪਹੁੰਚੀ ਸੀ।
ਦਿੱਲੀ ਪੁਲਿਸ ਨੇ ਮੌਕੇ 'ਤੇ ਜਾ ਕੇ ਬਿਆਨ ਦੇਣ ਵਾਲੇ ਲੋਕਾਂ ਦੇ ਨਾਂ, ਪਤੇ ਅਤੇ ਪਛਾਣ ਪੱਤਰ ਇਕੱਠੇ ਕੀਤੇ। ਦਸਿਆ ਜਾ ਰਿਹਾ ਹੈ ਕਿ ਪੁਲਿਸ ਨੇ WFI ਮੁਖੀ ਦੇ ਕਈ ਸਮਰਥਕਾਂ ਤੋਂ ਵੀ ਪੁੱਛਗਿੱਛ ਕੀਤੀ ਹੈ। ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਨੇ ਡਬਲਯੂਐਫਆਈ ਮੁਖੀ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਸਬੰਧ ਵਿਚ ਹੁਣ ਤੱਕ ਕੁੱਲ 137 ਲੋਕਾਂ ਦੇ ਬਿਆਨ ਦਰਜ ਕੀਤੇ ਹਨ।
ਫਿਲਹਾਲ ਇਹ ਪਤਾ ਨਹੀਂ ਲਗ ਸਕਿਆ ਹੈ ਕਿ ਪੁਲਿਸ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਤੋਂ ਉਨ੍ਹਾਂ ਦੇ ਘਰ ਜਾ ਕੇ ਪੁੱਛਗਿੱਛ ਕੀਤੀ ਹੈ ਜਾਂ ਨਹੀਂ। ਇਸ ਤੋਂ ਪਹਿਲਾਂ 28 ਅਪ੍ਰੈਲ ਨੂੰ ਦਿੱਲੀ ਪੁਲਿਸ ਨੇ ਕਨਾਟ ਪਲੇਸ ਪੁਲਿਸ ਸਟੇਸ਼ਨ ਵਿਚ ਡਬਲਯੂਐਫਆਈ ਮੁਖੀ ਦੇ ਖ਼ਿਲਾਫ਼ ਦੋ ਐਫਆਈਆਰਜ ਦਰਜ ਕੀਤੀਆਂ ਸਨ।
ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਦਰਜ ਕੀਤੀ ਗਈ ਐਫਆਈਆਰਜ ਵਿਚ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਦੋਸ਼ ਲਗਾਇਆ ਗਿਆ ਹੈ,ਜਿਸ ਵਿਚ ( ਧਾਰਾ 354), ਜਿਨਸੀ ਛੇੜ - ਛਾੜ (354 ਏ), ਅਤੇ ਪਿੱਛਾ ਕਰਨਾ (354ਡੀ) ਸ਼ਾਮਲ ਹਨ