
ਪੁਲਿਸ ਨੇ ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕੀਤੀ
ਉੱਤਰਕਾਸ਼ੀ (ਉੱਤਰਾਖੰਡ): ਉੱਤਰਾਖੰਡ ’ਚ ਉੱਤਰਕਾਸ਼ੀ ਜ਼ਿਲ੍ਹੇ ਦੇ ਪੁਰੋਲਾ ਖੇਤਰ ’ ਘੱਟ ਗਿਣਤੀ ਫ਼ਿਰਕੇ ਦੇ ਇਕ ਵਿਅਕਤੀ ਸਮੇਤ ਦੋ ਵਿਅਕਤੀਆਂ ਵਲੋਂ ਨਾਬਾਲਗ ਕੁੜੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਨਾਕਾਮ ਹੋਣ ਤੋਂ ਕੁਝ ਦਿਨ ਬਾਅਦ ਮੁਸਲਮਾਨਾਂ ਦੀਆਂ ਦੁਕਾਨਾਂ ’ਤੇ ਪੋਸਟ ਚਿਪਕੇ ਹੋਏ ਮਿਲੇ ਹਨ, ਜਿਨ੍ਹਾਂ ’ਚ ਉਨ੍ਹਾਂ ਨੂੰ ਧਮਕੀ ਦਿੰਦਿਆਂ ਤੁਰਤ ਪੁਰੋਲਾ ਇਲਾਕਾ ਛੱਡ ਕੇ ਚਲੇ ਜਾਣ ਲਈ ਕਿਹਾ ਗਿਆ ਹੈ।
ਪੁਰੋਲਾ ਦੇ ਥਾਣਾ ਇੰਚਾਰਜ ਖਜਾਨ ਸਿੰਘ ਚੌਹਾਨ ਨੇ ਕਿਹਾ ਕਿ ਐਤਵਾਰ ਸ਼ਾਮ ਦੁਕਾਨਾਂ ’ਤੇ ਇਹ ਪੋਸਟਰ ਚਿਪਕਾਏ ਗਏ। ਉਨ੍ਹਾਂ ਕਿਹਾ ਕਿ ਪੋਸਟਰਾਂ ’ਚ ਦੁਕਾਨਦਾਰਾਂ ਨੂੰ ਤੁਰਤ ਪੁਰੋਲ ਛੱਡ ਕੇ ਜਾਣ ਲਈ ਕਿਹਾ ਗਿਆ ਹੈ।
ਪੁਲਿਸ ਨੇ ਸਥਿਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਸਥਾਨਕ ਮੰਡਲ ਅਤੇ ਲੋਕਾਂ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ਦੀ ਅਪੀਲ ਕੀਤੀ।
ਚੌਹਾਨ ਨੇ ਕਿਹਾ ਕਿ ਸਥਿਤ ਤੌਰ ’ਤੇ ਪੋਸਟਰ ਲਾਉਣ ਵਾਲੇ ‘ਦੇਵਭੂਮੀ ਰਖਿਆ ਮੁਹਿੰਮ’ ਦੇ ਅਣਪਛਾਤੇ ਲੋਕਾਂ ਵਿਰੁਧ ਖੇਤਰ ਦੀ ਸ਼ਾਂਤੀ ਭੰਗ ਕਰਨ ਦੀ ਸਾਜ਼ਸ਼ ਰਚਣ ਅਤੇ ਵਿਸ਼ੇਸ਼ ਭਾਈਚਾਰੇ ਦੀਆਂ ਭਾਵਨਾਵਾਂ ਭੜਕਾਉਣ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੋਸਟਰ ਚਿਪਾਉਣ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਗਈ ਹੈ ਅਤੇ ਦੇਵਭੂਮੀ ਰਖਿਆ ਮੁਹਿੰਮ ਨਾਲ ਜੁੜੇ ਲੋਕਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
ਮੁਸਲਮਾਨਾਂ ਦੇ ਇਕ ਸਮੂਹ ਨੇ ਪੁਰੋਲਾ ਦੇ ਐਸ.ਡੀ.ਐਮ. ਦੇਵਾਨੰਦ ਸ਼ਰਮਾ ਅਤੇ ਐਸ.ਐਚ.ਓ. ਚੌਹਾਨ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਅਤੇ ਸ਼ਹਿਰ ਦੀ ਸ਼ਾਂਤੀ ਅਤੇ ਸਮਾਜਕ ਭਾਈਚਾਰੇ ਨੂੰ ਭੰਗ ਕਰਨ ਦੀ ਇੱਛਾ ਰੱਖਣ ਵਾਲੇ ਇਕ ਵਿਸ਼ੇਸ਼ ਭਾਈਚਾਰੇ ਦੇ ਸ਼ੱਕੀ ਅਤੇ ਅਪਰਾਧਕ ਤੱਤਾਂ ਵਿਰੁਧ ਸ਼ਖਤ ਕਾਰਵਾਈ ਕਰਨ ਦੀ ਮੰਗ ਕੀਤੀ।