
'ਲੋਕਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਦਾ ਸਮਰਥਨ ਕਰਨ ਦੀ ਅਪੀਲ ਕੀਤੀ'
Arvind Kejriwal : ਸੀਐਮ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਗ੍ਰਿਫਤਾਰੀ ਦੇ ਮਾਮਲੇ 'ਤੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਡੂੰਘੀ ਸਿਆਸੀ ਸਾਜ਼ਿਸ਼ ਦਾ ਸ਼ਿਕਾਰ ਹੋਏ ਹਨ ਅਤੇ ਈ.ਡੀ. ਨੇ ਇਕ ਗਵਾਹ ਦੇ ਝੂਠੇ ਬਿਆਨ ਦੇ ਆਧਾਰ ’ਤੇ ਉਨ੍ਹਾਂ ਨੂੰ ਆਬਕਾਰੀ ਨੀਤੀ ਦੇ ਮਾਮਲੇ ’ਚ ਗ੍ਰਿਫਤਾਰ ਕੀਤਾ ਹੈ।
ਇਕ ਵੀਡੀਉ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਈ.ਡੀ. ਨੇ ਤੇਲਗੂ ਦੇਸ਼ਮ ਪਾਰਟੀ (ਟੀ.ਡੀ.ਪੀ.) ਦੇ ਸੰਸਦ ਮੈਂਬਰ ਮਗੁੰਤਾ ਸ਼੍ਰੀਨਿਵਾਸੁਲੂ ਰੈੱਡੀ (ਐਮ.ਐਸ.ਆਰ.) ਦੇ ਬਿਆਨ ਦੇ ਆਧਾਰ ’ਤੇ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਹੈ। ਟੀ.ਡੀ.ਪੀ. ਸੱਤਾਧਾਰੀ ਕੌਮੀ ਜਮਹੂਰੀ ਗਠਜੋੜ (ਐਨ.ਡੀ.ਏ.) ਦਾ ਹਿੱਸਾ ਹੈ।
ਸੁਨੀਤਾ ਕੇਜਰੀਵਾਲ ਨੇ ਲੋਕਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਦਾ ਸਮਰਥਨ ਕਰਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਇਕ ਇਮਾਨਦਾਰ, ਪੜ੍ਹੇ-ਲਿਖੇ ਅਤੇ ਦੇਸ਼ ਭਗਤ ਵਿਅਕਤੀ ਹਨ ਅਤੇ ਜੇਕਰ ਲੋਕ ਉਨ੍ਹਾਂ ਦਾ ਸਮਰਥਨ ਨਹੀਂ ਕਰਦੇ ਤਾਂ ‘ਆਪ’ ਆਗੂ ਨਾਲ ਜਿਸ ਤਰ੍ਹਾਂ ਦਾ ਵਿਵਹਾਰ ਕੀਤਾ ਗਿਆ, ਉਸ ਨੂੰ ਵੇਖਦੇ ਹੋਏ ਕੋਈ ਵੀ ਪੜ੍ਹਿਆ-ਲਿਖਿਆ ਵਿਅਕਤੀ ਸਿਆਸਤ ’ਚ ਸ਼ਾਮਲ ਨਹੀਂ ਹੋਣਾ ਚਾਹੇਗਾ।
ਉਨ੍ਹਾਂ ਦਾਅਵਾ ਕੀਤਾ ਕਿ ਮਗੁੰਤਾ ਸ਼੍ਰੀਨਿਵਾਸੁਲੂ ਰੈੱਡੀ ਨੇ ਅਪਣੇ ਬੇਟੇ ਰਾਘਵ ਮਗੁੰਤਾ ਰੈੱਡੀ ਦੀ ਗ੍ਰਿਫਤਾਰੀ ਅਤੇ ਜ਼ਮਾਨਤ ਨਾ ਮਿਲਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਨਾਲ ਅਪਣੀ ਮੁਲਾਕਾਤ ਬਾਰੇ ਈ.ਡੀ. ਨੂੰ ਅਪਣਾ ਬਿਆਨ ਬਦਲ ਦਿਤਾ। ਸੁਨੀਤਾ ਕੇਜਰੀਵਾਲ ਅਨੁਸਾਰ, ਸ਼੍ਰੀਨਿਵਾਸੁਲੂ ਰੈੱਡੀ ਨੇ ਪਹਿਲਾਂ ਕਿਹਾ ਸੀ ਕਿ ਉਹ ਦਿੱਲੀ ’ਚ ਚੈਰੀਟੇਬਲ ਟਰੱਸਟ ਖੋਲ੍ਹਣ ਲਈ ਜ਼ਮੀਨ ਨੂੰ ਲੈ ਕੇ 16 ਮਾਰਚ, 2021 ਨੂੰ ਦਿੱਲੀ ਦੇ ਮੁੱਖ ਮੰਤਰੀ ਨੂੰ ਮਿਲੇ ਸਨ, ਪਰ ਉਨ੍ਹਾਂ ਦੇ ਬੇਟੇ ਦੀ ਗ੍ਰਿਫਤਾਰੀ ਤੋਂ ਬਾਅਦ 17 ਜੁਲਾਈ, 2023 ਨੂੰ ਬਿਆਨ ਬਦਲ ਦਿਤਾ।
ਉਨ੍ਹਾਂ ਸਵਾਲ ਕੀਤਾ, ‘‘ਈ.ਡੀ. ਨੂੰ ਦਿਤੇ ਅਪਣੇ ਬਿਆਨ ’ਚ ਸ੍ਰੀਨਿਵਾਸੁਲੂ ਰੈੱਡੀ ਨੇ ਕਿਹਾ ਕਿ ਕੇਜਰੀਵਾਲ ਨੇ ਕਰੀਬ 10 ਲੋਕਾਂ ਦੀ ਮੌਜੂਦਗੀ ’ਚ ਉਨ੍ਹਾਂ ਨੂੰ ਦਿੱਲੀ ’ਚ ਸ਼ਰਾਬ ਦੇ ਕਾਰੋਬਾਰ ’ਚ ਦਾਖਲ ਹੋਣ ਅਤੇ ‘ਆਪ’ ਨੂੰ 100 ਕਰੋੜ ਰੁਪਏ ਦੇਣ ਲਈ ਕਿਹਾ। ਕੀ ਕੋਈ ਇੰਨੇ ਸਾਰੇ ਲੋਕਾਂ ਦੇ ਸਾਹਮਣੇ ਪੈਸੇ ਮੰਗੇਗਾ?’’
ਸੁਨੀਤਾ ਕੇਜਰੀਵਾਲ ਨੇ ਇਹ ਵੀ ਦਾਅਵਾ ਕੀਤਾ ਕਿ ਜਿਵੇਂ ਹੀ ਸ਼੍ਰੀਨਿਵਾਸੁਲੂ ਰੈੱਡੀ ਨੇ ਅਪਣਾ ਬਿਆਨ ਬਦਲਿਆ ਤਾਂ ਉਨ੍ਹਾਂ ਦੇ ਬੇਟੇ ਨੂੰ ਜ਼ਮਾਨਤ ਦੇ ਦਿਤੀ ਗਈ। ਉਨ੍ਹਾਂ ਕਿਹਾ, ‘‘ਇਹ ਸਪੱਸ਼ਟ ਹੈ ਕਿ ਉਨ੍ਹਾਂ ਦਾ ਬਿਆਨ ਝੂਠਾ ਹੈ।’’ਲੋਕਾਂ ਨੂੰ ਵੀਡੀਉ ਸਾਂਝਾ ਕਰਨ ਦੀ ਅਪੀਲ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਦੀ ਪਤਨੀ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਈ.ਡੀ. ਅਤੇ ਸੀ.ਬੀ.ਆਈ. ਦੀ ਵਰਤੋਂ ਕਰ ਕੇ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੂੰ ਖਤਮ ਕਰਨਾ ਚਾਹੁੰਦੇ ਹਨ। ਈ.ਡੀ. ਜਾਂ ਭਾਜਪਾ ਵਲੋਂ ਤੁਰਤ ਕੋਈ ਪ੍ਰਤੀਕਿਰਿਆ ਨਹੀਂ ਆਈ।
ਕੇਜਰੀਵਾਲ ਨੂੰ ਈ.ਡੀ. ਨੇ ਅਪਣੀ ਸਰਕਾਰ ਦੀ ਆਬਕਾਰੀ ਨੀਤੀ 2021-22 ’ਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਸੀ.ਬੀ.ਆਈ. ਵਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਉਹ ਇਸ ਸਮੇਂ ਨਿਆਂਇਕ ਹਿਰਾਸਤ ’ਚ ਹੈ।