ਅਭਿਜੀਤ ਦੀਪਕੇ ਪਿੰਡਾਂ-ਸ਼ਹਿਰਾਂ ਵਿੱਚ ਨੌਜਵਾਨਾਂ ਨਾਲ ਗੱਲਬਾਤ ਕਰਨਗੇ
ਮਹਾਰਾਸ਼ਟਰ : ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਸਤੰਬਰ ਤੋਂ ਦੇਸ਼ ਭਰ ਵਿੱਚ ‘ਕਿਆ ਬੋਲਤੀ ਪਬਲਿਕ’ ਅਭਿਆਨ ਸ਼ੁਰੂ ਕਰਨਗੇ । ਦੀਪਕੇ ਨੇ ਵੀਰਵਾਰ ਨੂੰ ਮਹਾਰਾਸ਼ਟਰ ਦੇ ਸੰਭਾਜੀਨਗਰ ਵਿੱਚ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਪਿੰਡਾਂ ਅਤੇ ਸ਼ਹਿਰਾਂ ’ਚ ਜਾ ਕੇ ਨੌਜਵਾਨਾਂ ਨਾਲ ਗੱਲਬਾਤ ਕਰਾਂਗੇ ਅਤੇ ਅਸੀਂ ਬੇਰੁਜ਼ਗਾਰੀ ਅਤੇ ਮਹਿੰਗੀ ਸਿੱਖਿਆ ਨੂੰ ਮੁੱਦਾ ਬਣਾਵਾਂਗੇ । ਦੀਪਕੇ ਨੇ ਕਿਹਾ ਕਿ ਬੇਰੁਜ਼ਗਾਰੀ ਦੇਸ਼ ਦੀਆਂ ਸਭ ਤੋਂ ਵੱਡੀਆਂ ਸਮੱਸਿਆਵਾਂ ਵਿੱਚੋਂ ਇੱਕ ਹੈ ਅਤੇ ਇਸ ਨੂੰ ਦੇਸ਼ ਵਿਆਪੀ ਮੁੱਦਾ ਬਣਾਇਆ ਜਾਵੇਗਾ । ਅਸੀਂ ਸਿੱਖਿਆ ਸੁਧਾਰਾਂ 'ਤੇ ਕੰਮ ਕਰਾਂਗੇ । ਸਿੱਖਿਆ ਨੂੰ ਮੁਨਾਫ਼ਾ ਕਮਾਉਣ ਦਾ ਜ਼ਰੀਆ ਬਣਾ ਦਿੱਤਾ ਗਿਆ ਹੈ, ਪਰ ਅਸੀਂ ਇਸ ਵਿਵਸਥਾ ਨੂੰ ਬਦਲਣਾ ਚਾਹੁੰਦੇ ਹਾਂ।
ਜ਼ਿਕਰਯੋਗ ਹੈ ਕਿ ਨੀਟ ਪੇਪਰ ਲੀਕ ਨੂੰ ਲੈ ਕੇ ਦੀਪਕੇ ਅਤੇ ਉਨ੍ਹਾਂ ਦੀ ਪਾਰਟੀ ਨੇ ਜੰਤਰ-ਮੰਤਰ 'ਤੇ 20 ਜੂਨ ਤੋਂ 25 ਜੁਲਾਈ ਤੱਕ ਲਗਾਤਾਰ 36 ਦਿਨਾਂ ਤੱਕ ਧਰਨਾ ਦਿੱਤਾ ਸੀ । ਇਸ ਦੌਰਾਨ ਹਜ਼ਾਰਾਂ ਵਿਦਿਆਰਥੀ, ਮਾਪੇ ਅਤੇ ਨੌਜਵਾਨ ਅੰਦੋਲਨ ਵਿੱਚ ਸ਼ਾਮਲ ਹੋਏ ਸਨ । ਵਾਤਾਵਰਣ ਸੰਗਰਾਮੀ ਸੋਨਮ ਵਾਂਗਚੁਕ ਵੀ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਅਤੇ ਭੁੱਖ ਹੜਤਾਲ 'ਤੇ ਬੈਠੇ ਸਨ । 20 ਜੁਲਾਈ ਨੂੰ ਕਾਕਰੋਚ ਜਨਤਾ ਪਾਰਟੀ ਨੇ ਸੰਸਦ ਭਵਨ ਵੱਲ ਮਾਰਚ ਕੱਢਿਆ ਸੀ। ਇਸ ਦੌਰਾਨ ਵਿਦਿਆਰਥੀਆਂ 'ਤੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ । 25 ਜੁਲਾਈ ਨੂੰ ਤਤਕਾਲੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ ਸੀ।
