
ਪੁਲਿਸ ਨੇ ਮਾਮਲੇ ਦਾ ਨੋਟਿਸ ਲੈਂਦਿਆਂ 24 ਘੰਟਿਆਂ ਬਾਅਦ ਮੁਲਜ਼ਮ ਸੁਮੰਤ ਸਾਹ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਪਟਨਾ: ਬਿਹਾਰ ਦੇ ਰੋਹਤਾਸ 'ਚ ਪੈਂਦੇ ਸ਼ਿਵਪੁਰ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ 'ਚ ਇੱਕ 35 ਸਾਲਾ ਔਰਤ, ਉਸ ਦੇ ਨਾਬਾਲਗ ਪੁੱਤਰ ਅਤੇ ਬੇਟੀ ਨੇ ਪੁਲਿਸ 'ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਲੰਘੀ 29 ਸਤੰਬਰ ਨੂੰ ਇੱਕ ਵਿਅਕਤੀ ਨੇ ਉਨ੍ਹਾਂ ਦੇ ਘਰ 'ਚ ਦਾਖਲ ਹੋ ਕੇ ਉਨ੍ਹਾਂ 'ਤੇ ਤੇਜ਼ਾਬ ਸੁੱਟਣ ਦੀ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਉਹ ਜ਼ਖ਼ਮੀ ਹੋ ਗਏ। ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਪੁਲਿਸ ਨੇ ਸ਼ੁਰੂ ਵਿੱਚ ਮਾਮਲਾ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਇਹ ਧਮਕੀ ਵੀ ਦਿੱਤੀ ਕਿ ਜੇਕਰ ਉਨ੍ਹਾਂ ਪੱਤਰਕਾਰਾਂ ਨਾਲ ਇਸ ਮਾਮਲੇ ਸੰਬੰਧੀ ਪਹੁੰਚ ਕੀਤੀ, ਤਾਂ ਉਨ੍ਹਾਂ ਨੂੰ ਕਿਸੇ ਹੋਰ ਮਾਮਲੇ ਵਿੱਚ ਫ਼ਸਾ ਦਿੱਤਾ ਜਾਵੇਗਾ।
ਇੱਕ ਪੁਲਿਸ ਅਧਿਕਾਰੀ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਉਹ ਪੀੜਤਾਂ ਨੂੰ ਲੱਭਣ ਲਈ ਇੱਕ ਸਥਾਨਕ ਹਸਪਤਾਲ ਪਹੁੰਚੇ ਸੀ, ਪਰ ਉਨ੍ਹਾਂ ਨੂੰ ਕਿਸੇ ਹੋਰ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ ਗਿਆ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇੱਕ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੀ ਜਾ ਚੁੱਕੀ ਸੀ, ਅਤੇ ਮਾਮਲੇ ਦਾ ਨੋਟਿਸ ਲੈਂਦਿਆਂ 24 ਘੰਟਿਆਂ ਬਾਅਦ ਮੁਲਜ਼ਮ ਸੁਮੰਤ ਸਾਹ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਅਧਿਕਾਰੀ ਨੇ ਕਿਹਾ ਕਿ ਸਾਹ ਪੀੜਤਾਂ ਦਾ ਗੁਆਂਢੀ ਹੈ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਉਸ ਦਾ ਕੋਈ ਜ਼ਮੀਨੀ ਵਿਵਾਦ ਚੱਲਦਾ ਹੈ।
ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਸਾਹ ਨੇ ਜੁਰਮ ਕਬੂਲ ਕਰ ਲਿਆ ਹੈ। “ਜਿਸ ਬੈਟਰੀ ਤੋਂ ਤੇਜ਼ਾਬ ਲਿਆ ਗਿਆ ਸੀ ਉਹ ਬੈਟਰੀ, ਬੋਤਲ ਅਤੇ ਤੇਜ਼ਾਬ ਸੁੱਟਣ ਲਈ ਵਰਤਿਆ ਗਿਆ ਮੱਗ ਬਰਾਮਦ ਕੀਤਾ ਗਿਆ ਹੈ।” ਇੱਕ ਅਧਿਕਾਰੀ ਨੇ ਕਿਹਾ।