
ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਮਾਮਲੇ ਵਿਚ ਕੀਤੀ ਐਫਆਈਆਰ ਦੀ ਕਾਪੀ ਅਤੇ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ।
ਨਵੀਂ ਦਿੱਲੀ: ਸਕੂਲ ਕੰਪਲੈਕਸ ਵਿਚ 11 ਸਾਲਾ ਵਿਦਿਆਰਥਣ ਨਾਲ ਕਥਿਤ ਸਮੂਹਿਕ ਬਲਾਤਕਾਰ ਦੇ ਮਾਮਲੇ ਵਿਚ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਦਿੱਲੀ ਪੁਲਿਸ ਅਤੇ ਕੇਂਦਰੀ ਵਿਦਿਆਲਿਆ ਸਕੂਲ ਦੀ ਪ੍ਰਿੰਸੀਪਲ ਨੂੰ ਨੋਟਿਸ ਜਾਰੀ ਕੀਤਾ ਹੈ। 11 ਸਾਲਾ ਲੜਕੀ ਨੇ ਦੋਸ਼ ਲਾਇਆ ਕਿ ਉਹ ਜੁਲਾਈ 2022 ਵਿਚ ਕੇਂਦਰੀ ਵਿਦਿਆਲਿਆ ਵਿਚ ਆਪਣੀ ਜਮਾਤ ਵਿਚ ਜਾ ਰਹੀ ਸੀ, ਜਦੋਂ ਉਸ ਦੀ ਟੱਕਰ ਦੋ ਲੜਕਿਆਂ ਨਾਲ ਹੋ ਗਈ, ਜੋ ਉਸੇ ਸਕੂਲ ਦੇ ਵਿਦਿਆਰਥੀ ਸਨ ਅਤੇ 11ਵੀਂ-12ਵੀਂ ਜਮਾਤ ਵਿਚ ਪੜ੍ਹਦੇ ਸਨ।
ਵਿਦਿਆਰਥਣ ਮੁਤਾਬਕ ਉਸ ਨੇ ਲੜਕਿਆਂ ਤੋਂ ਮਾਫੀ ਮੰਗੀ ਪਰ ਉਹ ਉਸ ਨਾਲ ਬਦਸਲੂਕੀ ਕਰਨ ਲੱਗੇ ਅਤੇ ਉਸ ਨੂੰ ਟਾਇਲਟ ਦੇ ਅੰਦਰ ਲੈ ਗਏ। ਵਿਦਿਆਰਥਣ ਦਾ ਦੋਸ਼ ਹੈ ਕਿ ਲੜਕਿਆਂ ਨੇ ਟਾਇਲਟ ਦਾ ਦਰਵਾਜ਼ਾ ਅੰਦਰੋਂ ਬੰਦ ਕਰਕੇ ਉਸ ਨਾਲ ਬਲਾਤਕਾਰ ਕੀਤਾ। ਉਸ ਨੇ ਦੱਸਿਆ ਕਿ ਜਦੋਂ ਉਸ ਨੇ ਇਕ ਅਧਿਆਪਕ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ ਤਾਂ ਉਸ ਨੂੰ ਦੱਸਿਆ ਗਿਆ ਕਿ ਲੜਕਿਆਂ ਨੂੰ ਕੱਢ ਦਿੱਤਾ ਗਿਆ ਹੈ ਅਤੇ ਮਾਮਲੇ ਨੂੰ ਕਥਿਤ ਤੌਰ ’ਤੇ ਦਬਾ ਦਿੱਤਾ ਗਿਆ।
ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਇਸ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਦਿੱਲੀ ਪੁਲਿਸ ਅਤੇ ਸਕੂਲ ਦੀ ਪ੍ਰਿੰਸੀਪਲ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਵਿਚ ਕੀਤੀ ਗਈ ਕਾਰਵਾਈ ਦੀ ਰਿਪੋਰਟ ਮੰਗੀ ਹੈ। ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਮਾਮਲੇ ਵਿਚ ਕੀਤੀ ਐਫਆਈਆਰ ਦੀ ਕਾਪੀ ਅਤੇ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ। ਕਮਿਸ਼ਨ ਨੇ ਦਿੱਲੀ ਪੁਲਿਸ ਅਤੇ ਸਕੂਲ ਨੂੰ ਇਸ ਮਾਮਲੇ ਦੀ ਕਥਿਤ ਤੌਰ 'ਤੇ ਦਿੱਲੀ ਪੁਲਿਸ ਨੂੰ ਰਿਪੋਰਟ ਨਾ ਕਰਨ 'ਤੇ ਸਕੂਲ ਦੇ ਅਧਿਆਪਕ ਅਤੇ ਕਿਸੇ ਹੋਰ ਸਟਾਫ਼ ਵਿਰੁੱਧ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਦੇਣ ਲਈ ਵੀ ਕਿਹਾ ਹੈ।
ਕਮਿਸ਼ਨ ਨੇ ਸਕੂਲ ਦੇ ਮੁੱਖ ਅਧਿਆਪਕ ਨੂੰ ਇਹ ਦੱਸਣ ਲਈ ਕਿਹਾ ਕਿ ਸਕੂਲ ਪ੍ਰਬੰਧਕਾਂ ਨੂੰ ਇਸ ਮਾਮਲੇ ਬਾਰੇ ਕਦੋਂ ਪਤਾ ਲੱਗਾ ਅਤੇ ਉਹਨਾਂ ਵੱਲੋਂ ਕੀ ਕਾਰਵਾਈ ਕੀਤੀ ਗਈ। ਕਮਿਸ਼ਨ ਨੇ ਸਕੂਲ ਨੂੰ ਇਸ ਮਾਮਲੇ ਵਿਚ ਕੀਤੀ ਜਾਂਚ ਰਿਪੋਰਟ ਦੀ ਕਾਪੀ ਸੌਂਪਣ ਲਈ ਵੀ ਕਿਹਾ ਹੈ। ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕਿਹਾ, “ਦਿੱਲੀ ਦੇ ਇਕ ਸਕੂਲ ਵਿਚ 11 ਸਾਲਾ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਦਾ ਇਕ ਬਹੁਤ ਹੀ ਗੰਭੀਰ ਮਾਮਲਾ ਸਾਡੇ ਸਾਹਮਣੇ ਆਇਆ ਹੈ। ਲੜਕੀ ਦਾ ਦੋਸ਼ ਹੈ ਕਿ ਉਸ ਦੇ ਸਕੂਲ ਅਧਿਆਪਕ ਨੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ। ਇਹ ਬਹੁਤ ਮੰਦਭਾਗੀ ਗੱਲ ਹੈ ਕਿ ਰਾਜਧਾਨੀ ਦੇ ਸਕੂਲ ਵੀ ਬੱਚਿਆਂ ਲਈ ਅਸੁਰੱਖਿਅਤ ਹਨ। ਮਾਮਲੇ 'ਚ ਸਖ਼ਤ ਕਾਰਵਾਈ ਕੀਤੀ ਜਾਵੇ। ਨਾਲ ਹੀ, ਇਸ ਮੁੱਦੇ 'ਤੇ ਸਕੂਲ ਪ੍ਰਬੰਧਕਾਂ ਦੀ ਭੂਮਿਕਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ।"