
ਸੂਬੇ ਦੇ ਨਿੱਜੀ ਉਦਯੋਗਾਂ ‘ਚ 30 ਹਜ਼ਾਰ ਰੁਪਏ ਤੱਕ ਦੀਆਂ ਨੌਕਰੀਆਂ ‘ਚ ਸੂਬੇ ਦੇ ਨੌਜਵਾਨਾਂ ਨੂੰ 75 ਫੀਸਦੀ ਰਾਖਵਾਂਕਰਨ ਮਿਲੇਗਾ
ਚੰਡੀਗੜ੍ਹ - ਹਰਿਆਣਾ ਦੇ ਨੌਜਵਾਨਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਸਥਾਨਕ ਨੌਜਵਾਨਾਂ ਨੂੰ ਸਰਕਾਰ ਨੇ ਨਿੱਜੀ ਖੇਤਰ ਦੀਆਂ ਕੰਪਨੀਆਂ ਵਿੱਚ 75 ਫ਼ੀਸਦੀ ਰਿਜ਼ਰਵੇਸ਼ਨ ਦਿੱਤਾ ਹੈ। ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਹੈ ਕਿ ਹੁਣ ਹਰਿਆਣਾ ਦੇ ਨੌਜਵਾਨਾਂ ਨੂੰ ਰਾਜ ਵਿਚ ਨਿੱਜੀ ਖੇਤਰ ਦੇ ਉਦਯੋਗਾਂ ਵਿਚ 75 ਫੀਸਦੀ ਨੌਕਰੀਆਂ ਮਿਲਣਗੀਆਂ ਅਤੇ ਇਹ ਨਿਯਮ 15 ਜਨਵਰੀ ਤੋਂ ਲਾਗੂ ਹੋਵੇਗਾ।
Dushyant Chautala
ਸੂਬੇ ਦੇ ਨੌਜਵਾਨਾਂ ਨੂੰ ਨਿੱਜੀ ਖੇਤਰ ਵਿਚ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਹਰਿਆਣਾ ਸਰਕਾਰ ਨੇ ਵਿਧਾਨ ਸਭਾ ਵਿਚ 75 ਫੀਸਦੀ ਰਾਖਵੇਂਕਰਨ ਦਾ ਕਾਨੂੰਨ ਪਾਸ ਕੀਤਾ ਹੈ। ਹੁਣ ਸੂਬੇ ਦੇ ਨਿੱਜੀ ਉਦਯੋਗਾਂ ‘ਚ 30 ਹਜ਼ਾਰ ਰੁਪਏ ਤੱਕ ਦੀਆਂ ਨੌਕਰੀਆਂ ‘ਚ ਸੂਬੇ ਦੇ ਨੌਜਵਾਨਾਂ ਨੂੰ 75 ਫੀਸਦੀ ਰਾਖਵਾਂਕਰਨ ਮਿਲੇਗਾ। ਇਸ ਕਾਨੂੰਨ ਨੂੰ ਰਾਜਪਾਲ ਨੇ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਸੀ ਪਰ ਏਲਨਾਬਾਦ ਉਪ ਚੋਣ ਵਿਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਇਸ ਨੂੰ ਰੋਕ ਦਿੱਤਾ ਗਿਆ ਸੀ।
Manohar lal Khattar
ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਚੋਣ ਜ਼ਾਬਤਾ ਖ਼ਤਮ ਹੋਣ ਤੋਂ ਬਾਅਦ ਸੂਬਾ ਸਰਕਾਰ ਨੇ 75 ਫੀਸਦੀ ਸਥਾਨਕ ਰਾਖਵਾਂਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹਰਿਆਣਾ ਰਾਜ ਰੁਜ਼ਗਾਰ ਸਥਾਨਕ ਉਮੀਦਵਾਰ ਐਕਟ, 2020 ਦੇ ਤਹਿਤ, ਇਸ ਕਾਨੂੰਨ ਦੀ ਪਾਲਣਾ 15 ਜਨਵਰੀ 2022 ਤੋਂ ਕੀਤੀ ਜਾਵੇਗੀ। ਇਸ ਨਿਯਮ ਦੇ ਤਹਿਤ, ਵੱਖ-ਵੱਖ ਕੰਪਨੀਆਂ, ਸੁਸਾਇਟੀਆਂ, ਟਰੱਸਟਾਂ ਅਤੇ ਫਰਮਾਂ ਵਿੱਚ ਸਥਾਨਕ ਉਮੀਦਵਾਰਾਂ ਲਈ 75 ਫੀਸਦੀ ਨਵੀਆਂ ਨੌਕਰੀਆਂ ਲਈ ਰਾਖਵਾਂਕਰਨ ਦੀ ਵਿਵਸਥਾ ਕੀਤੀ ਗਈ ਹੈ।