
ਕਿਹਾ, ਕੇਂਦਰ ਸਰਕਾਰ ਦੀ ਰੀਪੋਰਟ ਅਨੁਸਾਰ ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਪਿਛਲੇ ਸਾਲ ਮੁਕਾਬਲੇ ਅੱਧੀਆਂ ਰਹਿ ਗਈਆਂ
ਨਵੀਂ ਦਿੱਲੀ : ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਸੋਮਵਾਰ ਨੂੰ ਕਿਹਾ ਕਿ ਭਾਜਪਾ ਰਾਸ਼ਟਰੀ ਰਾਜਧਾਨੀ ਵਿਚ ਹਵਾ ਪ੍ਰਦੂਸ਼ਣ ਲਈ ਪੰਜਾਬ ਨੂੰ ਬਲੀ ਦਾ ਬਕਰਾ ਬਣਾ ਰਹੀ ਹੈ, ਜਦਕਿ ਉੱਤਰ ਪ੍ਰਦੇਸ਼ ਅਤੇ ਹਰਿਆਣਾ ’ਚ ਇਸ ਦੀਆਂ ਅਪਣੀਆਂ ਸਰਕਾਰਾਂ ਡੀਜ਼ਲ ਵਾਲੀਆਂ ਬੱਸਾਂ ’ਤੇ ਪਾਬੰਦੀ ਲਾਉਣ ’ਚ ਅਸਫ਼ਲ ਰਹੀਆਂ ਹਨ।
ਰਾਏ ਨੇ ਕਿਹਾ, ‘‘ਕੇਂਦਰ ਸਰਕਾਰ ਦੀ ਇਕ ਰੀਪੋਰਟ ’ਚ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ (15 ਸਤੰਬਰ ਤੋਂ) ਪਰਾਲੀ ਸਾੜਨ ਦੀਆਂ ਘਟਨਾਵਾਂ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਅੱਧੀਆਂ ਰਹਿ ਗਈਆਂ ਹਨ। ਹੁਣ ਤਕ ਫ਼ਸਲ ਦੀ ਕਟਾਈ ਦਾ ਅੱਧਾ ਕੰਮ ਹੀ ਹੋਇਆ ਹੈ, ਜਿਸ ਕਾਰਨ ਪਰਾਲੀ ਸਾੜਨ ਦੀਆਂ ਹੋਰ ਘਟਨਾਵਾਂ ਵਾਪਰਨ ਦਾ ਖ਼ਦਸ਼ਾ ਹੈ। ਅਸੀਂ ਇਹ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਉਪਾਅ ਕਰ ਰਹੇ ਹਾਂ ਕਿ ਕਿਸਾਨ ਪਰਾਲੀ ਨਾ ਸਾੜਨ।’’
ਉਨ੍ਹਾਂ ਦਿੱਲੀ ’ਚ ਪ੍ਰਦੂਸ਼ਣ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣ ਲਈ ਭਾਜਪਾ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੀਆਂ ਸਰਕਾਰਾਂ ਪਿਛਲੇ ਇਕ ਦਹਾਕੇ ’ਚ ਡੀਜ਼ਲ ਨਾਲ ਚੱਲਣ ਵਾਲੀਆਂ ਬੱਸਾਂ ’ਤੇ ਪਾਬੰਦੀ ਲਗਾਉਣ ’ਚ ਅਸਫਲ ਰਹੀਆਂ ਹਨ। ਰਾਏ ਨੇ ਇਸ ਗੱਲ ’ਤੇ ਵੀ ਨਿਰਾਸ਼ਾ ਜ਼ਾਹਰ ਕੀਤੀ ਕਿ ਕੇਂਦਰੀ ਵਾਤਾਵਰਨ ਮੰਤਰੀ ਭੂਪੇਂਦਰ ਯਾਦਵ ਨੇ ਹਵਾ ਪ੍ਰਦੂਸ਼ਣ ਦੇ ਮੁੱਦੇ ’ਤੇ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੀ ਸਾਂਝੀ ਮੀਟਿੰਗ ਬੁਲਾਉਣ ਦੀ ਉਨ੍ਹਾਂ ਦੀ ਬੇਨਤੀ ਦਾ ਜਵਾਬ ਨਹੀਂ ਦਿਤਾ ਹੈ।
ਪਿਛਲੇ ਹਫ਼ਤੇ, ਰਾਏ ਨੇ ਯਾਦਵ ਨੂੰ ਹਵਾ ਪ੍ਰਦੂਸ਼ਣ ਦੀ ਸਮੱਸਿਆ ਨੂੰ ਹੱਲ ਕਰਨ ਲਈ ਵਧੇਰੇ ਸਰਗਰਮ ਹੋਣ ਦਾ ਸੱਦਾ ਦਿੱਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਇਸ ਦਾ ਅਸਰ ਨਾ ਸਿਰਫ ਰਾਸ਼ਟਰੀ ਰਾਜਧਾਨੀ ਸਗੋਂ ਪੂਰੇ ਉੱਤਰੀ ਭਾਰਤ ’ਤੇ ਪੈਂਦਾ ਹੈ।