Baba Siddiqui murder case : ਇਸ ਮਾਮਲੇ ’ਚ ਗ੍ਰਿਫਤਾਰ ਕੀਤਾ ਗਿਆ 16ਵਾਂ ਮੁਲਜ਼ਮ 23 ਸਾਲ ਦਾ ਗੌਰਵ ਵਿਲਾਸ ਅਪੁਣੇ 9 ਨਵੰਬਰ ਤਕ ਪੁਲਿਸ ਹਿਰਾਸਤ ’ਚ ਭੇਜ ਦਿਤਾ ਗਿਆ
Baba Siddiqui murder case : ਮੁੰਬਈ : ਐਨ.ਸੀ.ਪੀ. ਆਗੂ ਬਾਬਾ ਸਿੱਦੀਕੀ ਦੇ ਕਤਲ ਮਾਮਲੇ ’ਚ ਪੁਣੇ ਤੋਂ ਬੁਧਵਾਰ ਨੂੰ ਇਕ 23 ਸਾਲ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਪੁਣੇ ਸ਼ਹਿਰ ਦੇ ਕਰਵੇਨਗਰ ਇਲਾਕੇ ਦਾ ਰਹਿਣ ਵਾਲਾ ਗੌਰਵ ਵਿਲਾਸ ਅਪੁਣੇ ਇਸ ਮਾਮਲੇ ’ਚ ਗ੍ਰਿਫਤਾਰ ਕੀਤਾ ਗਿਆ 16ਵਾਂ ਮੁਲਜ਼ਮ ਹੈ। ਇੱਥੇ ਇਕ ਅਦਾਲਤ ਨੇ ਗੌਰਵ ਨੂੰ 9 ਨਵੰਬਰ ਤਕ ਪੁਲਿਸ ਹਿਰਾਸਤ ’ਚ ਭੇਜ ਦਿਤਾ।
ਇਕ ਪੁਲਿਸ ਅਧਿਕਾਰੀ ਨੇ ਦਸਿਆ ਕਿ ਗ੍ਰਿਫਤਾਰ ਕੀਤੇ ਗਏ ਕੁੱਝ ਮੁਲਜ਼ਮਾਂ ਤੋਂ ਪੁੱਛ-ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਗੌਰਵ ਮਹਾਰਾਸ਼ਟਰ ਦੇ ਸਾਬਕਾ ਮੰਤਰੀ ’ਤੇ ਹਮਲਾ ਕਰਨ ਦੀ ਸਾਜ਼ਸ਼ ’ਚ ਸ਼ਾਮਲ ਸੀ, ਜਿਸ ਤੋਂ ਬਾਅਦ ਮੁੰਬਈ ਕ੍ਰਾਈਮ ਬ੍ਰਾਂਚ ਦੀ ਇਕ ਟੀਮ ਨੇ ਉਸ ਨੂੰ ਹਿਰਾਸਤ ’ਚ ਲੈ ਲਿਆ।
ਬਾਬਾ ਸਿੱਦੀਕੀ (66) ਦੀ 12 ਅਕਤੂਬਰ ਨੂੰ ਮੁੰਬਈ ਦੇ ਬਾਂਦਰਾ ਇਲਾਕੇ ’ਚ ਉਨ੍ਹਾਂ ਦੇ ਬੇਟੇ ਅਤੇ ਵਿਧਾਇਕ ਜ਼ੀਸ਼ਾਨ ਸਿੱਦੀਕੀ ਦੇ ਦਫਤਰ ਨੇੜੇ ਤਿੰਨ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਸੀ। ਪੁਲਿਸ ਨੇ ਦਸਿਆ ਕਿ ਜੇਲ੍ਹ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ’ਤੇ ਬਾਬਾ ਸਿੱਦੀਕੀ ਦੇ ਕਤਲ ’ਚ ਸ਼ਾਮਲ ਹੋਣ ਦਾ ਦੋਸ਼ ਹੈ।