
8 ਜਨਵਰੀ ਸ਼ਾਮ 5 ਵਜੇ ਤੱਕ ਜਵਾਬ ਦੇਣ ਲਈ ਕਿਹਾ ਹੈ।
ਨਵੀਂ ਦਿੱਲੀ- ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਹੋਈ ਅਣਗਹਿਲੀ ਨੂੰ ਲੈ ਕੇ ਗ੍ਰਹਿ ਮੰਤਰਾਲਾ ਵਲੋਂ ਹੁਣ ਬਠਿੰਡਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐੱਸ.ਐੱਸ.ਪੀ.) ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਮੰਤਰਾਲਾ ਨੇ ਐੱਸ.ਐੱਸ.ਪੀ. ਨੂੰ 8 ਜਨਵਰੀ ਸ਼ਾਮ 5 ਵਜੇ ਤੱਕ ਜਵਾਬ ਦੇਣ ਲਈ ਕਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰ ਦੀ ਉੱਪ ਸਕੱਤਰ ਅਰਚਨਾ ਵਰਮਾ ਨੇ ਕਿਹਾ ਕਿ ਪੀ.ਐੱਮ. ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ 'ਚ ਗੰਭੀਰ ਅਣਗਹਿਲੀ ਹੋਈ ਹੈ।
ਇਸ ਲਈ ਬਠਿੰਡਾ ਦੇ ਐੱਸ.ਐੱਸ.ਪੀ. ਨੂੰ 'ਕਾਰਨ ਦੱਸੋ' ਨੋਟਿਸ ਜਾਰੀ ਕੀਤਾ ਹੈ। ਦੱਸ ਦਈਏ ਕਿ ਬੀਤੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਫਿਰੋਜ਼ਪੁਰ ’ਚ 42,750 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਾ ਸੀ ਪਰ ਇਕ ਫਲਾਈਓਵਰ ’ਤੇ ਪ੍ਰਦਰਸ਼ਨ ਕਾਰਨ ਪੀਐੱਮ ਮੋਦੀ ਦਾ ਕਾਫਲਾ 15-20 ਮਿੰਟ ਉਡੀਕ ਕਰਦਾ ਰਿਹਾ।
ਜਿਸ ਤੋਂ ਬਾਅਦ ਉਹਨਾਂ ਨੂੰ ਆਪਣਾ ਪ੍ਰੋਗਰਾਮ ਰੱਦ ਕਰ ਕੇ ਦਿੱਲੀ ਵਾਪਸ ਪਰਤਣਾ ਪਿਆ। ਇਸ ਮਾਮਲੇ ਨੂੰ ਲੈ ਕੇ ਗ੍ਰਹਿ ਮੰਤਰਾਲਾ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਗ੍ਰਹਿ ਮੰਤਰਾਲਾ ਨੇ ਪੰਜਾਬ ਸਰਕਾਰ ਤੋਂ ਇਸ ਸੁਰੱਖਿਆ ਕੁਤਾਹੀ ਦੀ ਜ਼ਿੰਮੇਵਾਰੀ ਤੈਅ ਕਰਨ ਅਤੇ ਸਖ਼ਤ ਕਾਰਵਾਈ ਕਰਨ ਨੂੰ ਵੀ ਕਿਹਾ ਹੈ। ਮੰਤਰਾਲੇ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਅਤੇ ਯਾਤਰਾ ਦੀ ਯੋਜਨਾ ਬਾਰੇ ਪੰਜਾਬ ਸਰਕਾਰ ਨੂੰ ਪਹਿਲਾਂ ਹੀ ਦੱਸ ਦਿੱਤਾ ਗਿਆ ਸੀ।