
ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਦੇ ਮਾਮਲੇ 'ਤੇ ਸਿਆਸਤ ਤੇਜ਼ ਹੁੰਦੀ ਜਾ ਰਹੀ ਹੈ।
ਚੰਡੀਗੜ੍ਹ: ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਦੇ ਮਾਮਲੇ 'ਤੇ ਸਿਆਸਤ ਤੇਜ਼ ਹੁੰਦੀ ਜਾ ਰਹੀ ਹੈ। ਘਟਨਾ ਦੇ ਦੋ ਦਿਨ ਬਾਅਦ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿਚ ਭਾਜਪਾ ਵਰਕਰਾਂ ਦਾ ਇਕ ਗਰੁੱਪ ਪ੍ਰਧਾਨ ਮੰਤਰੀ ਮੋਦੀ ਦੀ ਕਾਰ ਤੋਂ ਕੁਝ ਮੀਟਰ ਦੀ ਦੂਰੀ 'ਤੇ ਖੜ੍ਹਾ ਦਿਖਾਈ ਦੇ ਰਿਹਾ ਹੈ।
Video Shows BJP Workers Close to PM's Car
ਵੀਡੀਓ ਵਿਚ ਇਹ ਲੋਕ ਪ੍ਰਧਾਨ ਮੰਤਰੀ ਦੀ ਕਾਰ ਦੇ ਬਿਲਕੁਲ ਨੇੜੇ ਖੜ੍ਹੇ ਦਿਖਾਈ ਦੇ ਰਹੇ ਹੈ, ਜੋ ਹੱਥ ਵਿਚ ਭਾਜਪਾ ਦਾ ਝੰਡਾ ਲੈ ਕੇ ‘ਨਰਿੰਦਰ ਮੋਦੀ ਜ਼ਿੰਦਾਬਾਦ’ ਅਤੇ 'ਭਾਜਪਾ ਜ਼ਿੰਦਾਬਾਦ' ਦੇ ਨਾਅਰੇ ਲਗਾਉਂਦੇ ਦਿਖਾਈ ਦੇ ਰਹੇ ਹਨ। ਪ੍ਰਧਾਨ ਮੰਤਰੀ ਦੀ ਕਾਲੇ ਰੰਗ ਦੀ ਟੋਇਟਾ ਫਾਰਚੂਨਰ ਹਾਈਵੇਅ ਦੇ ਦੂਜੇ ਪਾਸੇ ਖੜ੍ਹੀ ਹੈ। ਦਰਅਸਲ ਕਿਹਾ ਜਾ ਰਿਹਾ ਸੀ ਕਿ ਪ੍ਰਧਾਨ ਮੰਤਰੀ ਦੀ ਕਾਰ ਕੋਲ ਪਹੁੰਚੇ ਲੋਕ ਕਿਸਾਨ ਹਨ ਪਰ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇਹ ਸਾਫ ਹੋ ਗਿਆ ਹੈ ਕਿ ਇਹ ਲੋਕ ਕਿਸਾਨ ਨਹੀਂ ਸਗੋਂ ਭਾਜਪਾ ਵਰਕਰ ਸਨ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਮਾਮਲੇ ਨੂੰ ਲੈ ਕੇ ਭਾਜਪਾ ਕਾਂਗਰਸ ਨੂੰ ਘੇਰਨ 'ਚ ਕੋਈ ਕਸਰ ਨਹੀਂ ਛੱਡ ਰਹੀ। ਇਸ ਦੌਰਾਨ ਦੇਸ਼ ਵਿਚ ਵੱਖ-ਵੱਖ ਥਾਵਾਂ ’ਤੇ ਭਾਜਪਾ ਵਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਹਾਲਾਂਕਿ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਭਾਜਪਾ ਵਲੋਂ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪ੍ਰਧਾਨ ਮੰਤਰੀ ਦੀ ਰੈਲੀ ਰੱਦ ਹੋਣ ਦਾ ਕਾਰਨ ਰੈਲੀ ਵਿਚ ਲੋਕਾਂ ਦਾ ਘੱਟ ਸ਼ਮੂਲੀਅਤ ਸੀ।