ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦਾ ਊਨਾ ਪਹੁੰਚਣ 'ਤੇ ਨਿੱਘਾ ਸਵਾਗਤ
ਊਨਾ: ਜ਼ਿਲ੍ਹਾ ਊਨਾ ਵਿਚ ਆਪਣੇ ਪਹਿਲੇ ਦੌਰੇ ’ਤੇ ਪਹੁੰਚੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਦਾ ਸਥਾਨਕ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਬਜਟ ਵਿਚ ਢੁਕਵਾਂ ਉਪਬੰਧ ਕਰਕੇ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਹੈ।
ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਵਿਚ ਪੁਰਾਣੀ ਪੈਨਸ਼ਨ ਮੁਹੱਈਆ ਕਰਵਾਉਣ ਦੀ ਆਪਣੀ ਪਹਿਲੀ ਗਰੰਟੀ ਨੂੰ ਪੂਰਾ ਕਰਕੇ ਸਾਬਤ ਕਰ ਦਿੱਤਾ ਹੈ ਕਿ ਅਸੀਂ ਜੋ ਕਿਹਾ ਹੈ, ਉਹ ਕੀਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਦੇ ਮਨੋਰਥ ਪੱਤਰ ਦੀਆਂ ਹੋਰ ਸਾਰੀਆਂ ਗਾਰੰਟੀਆਂ ਵੀ ਪੜਾਅਵਾਰ ਪੂਰੀਆਂ ਕੀਤੀਆਂ ਜਾਣਗੀਆਂ।
ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਪਿਛਲੀ ਭਾਜਪਾ ਸਰਕਾਰ ਆਪਣੇ ਵਾਅਦਿਆਂ ’ਤੇ ਖਰਾ ਨਹੀਂ ਉਤਰ ਸਕੀ। ਪਿਛਲੀ ਸਰਕਾਰ ਨੇ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤਾਂ ਲਾਗੂ ਕੀਤੀਆਂ ਪਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਇਸ ਦਾ ਬਕਾਇਆ ਵੀ ਨਹੀਂ ਦਿੱਤਾ। ਇਸ ਦੇ ਨਾਲ ਹੀ ਮਹਿੰਗਾਈ ਭੱਤਾ ਦੇਣ ਦਾ ਵੀ ਐਲਾਨ ਕੀਤਾ ਗਿਆ ਅਤੇ ਮੁਲਾਜ਼ਮਾਂ ਨੂੰ ਉਹਨਾਂ ਦੇ ਕਾਰਜਕਾਲ ਦੌਰਾਨ ਤਨਖਾਹ ਵੀ ਨਹੀਂ ਦਿੱਤੀ ਜਾ ਸਕੀ।
ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਰਾਜ ਵਿਚ ਟਰੱਕ ਅਪਰੇਟਰਾਂ ਅਤੇ ਸੀਮਿੰਟ ਫੈਕਟਰੀ ਮੈਨੇਜਮੈਂਟ ਦਰਮਿਆਨ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਲਈ ਸੂਬਾ ਸਰਕਾਰ ਹਰ ਸੰਭਵ ਕਦਮ ਚੁੱਕ ਰਹੀ ਹੈ ਅਤੇ ਸਰਕਾਰ ਦੇ ਯਤਨਾਂ ਸਦਕਾ ਹੁਣ ਟਰੱਕ ਅਪਰੇਟਰਾਂ ਦਰਮਿਆਨ ਗੱਲਬਾਤ ਚੱਲ ਰਹੀ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਟਰੱਕ ਅਪਰੇਟਰਾਂ ਅਤੇ ਫੈਕਟਰੀ ਵਿਚ ਕੰਮ ਕਰਦੇ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਹੈ ਅਤੇ ਇਸ ਮਾਮਲੇ ਨੂੰ ਜਲਦੀ ਹੀ ਸਹਿਮਤੀ ਨਾਲ ਹੱਲ ਕਰ ਲਿਆ ਜਾਵੇਗਾ।