
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕੀਤੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕੀਤੀ ਅਤੇ ਕਰੀਬ 50 ਮਿੰਟ ਤੱਕ ਚੱਲੀ ਗੱਲਬਾਤ ਦੌਰਾਨ ਉਹਨਾਂ ਨੇ ਰੂਸੀ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਦੋਵਾਂ ਦੇਸ਼ਾਂ ਦੇ ਪ੍ਰਤੀਨਿਧ ਮੰਡਲਾਂ ਵਿਚਾਲੇ ਚੱਲ ਰਹੀ ਗੱਲਬਾਤ ਤੋਂ ਇਲਾਵਾ ਉਹ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨਾਲ ਸਿੱਧੀ ਗੱਲਬਾਤ ਕਰਨ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਨੇ ਦਿੱਤੀ ਹੈ।
ਪੁਤਿਨ ਅਤੇ ਮੋਦੀ ਵਿਚਾਲੇ ਗੱਲਬਾਤ ਅਜਿਹੇ ਸਮੇਂ ਹੋਈ ਹੈ ਜਦੋਂ ਰੂਸ ਨੇ ਨਾਗਰਿਕਾਂ ਨੂੰ ਕੱਢਣ ਲਈ ਸੋਮਵਾਰ ਸਵੇਰ ਤੋਂ ਜੰਗਬੰਦੀ ਦੇ ਨਾਲ-ਨਾਲ ਕਈ ਖੇਤਰਾਂ 'ਚ ਮਨੁੱਖੀ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਹੈ। ਉੱਤਰੀ, ਦੱਖਣ ਅਤੇ ਮੱਧ ਯੂਕਰੇਨ ਦੇ ਸ਼ਹਿਰਾਂ ਵਿਚ ਲਗਾਤਾਰ ਰੂਸੀ ਗੋਲਾਬਾਰੀ ਦੇ ਵਿਚਕਾਰ ਹਜ਼ਾਰਾਂ ਯੂਕਰੇਨੀ ਅਤੇ ਦੂਜੇ ਦੇਸ਼ਾਂ ਦੇ ਨਾਗਰਿਕ ਸੁਰੱਖਿਅਤ ਬਾਹਰ ਨਿਕਲਣ ਦੀ ਕੋਸ਼ਿਸ਼ ਕਰ ਰਹੇ ਹਨ। ਭਾਰਤ ਵੀ ਵਿਦਿਆਰਥੀਆਂ ਸਮੇਤ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।
ਇਸ ਦੌਰਾਨ ਦੋਵਾਂ ਨੇਤਾਵਾਂ ਨੇ ਯੂਕਰੇਨ ਵਿਚ ਵਿਕਸਤ ਸਥਿਤੀ ਬਾਰੇ ਚਰਚਾ ਕੀਤੀ। ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਯੂਕਰੇਨ ਅਤੇ ਰੂਸ ਦੀਆਂ ਪਾਰਟੀਆਂ ਵਿਚਾਲੇ ਚੱਲ ਰਹੀ ਗੱਲਬਾਤ ਦੀ ਸਥਿਤੀ ਤੋਂ ਜਾਣੂ ਕਰਵਾਇਆ। ਸੂਤਰਾਂ ਨੇ ਕਿਹਾ, "ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਪੁਤਿਨ ਨੂੰ ਅਪੀਲ ਕੀਤੀ ਕਿ ਉਹ ਦੋਵੇਂ ਦੇਸ਼ਾਂ ਦੇ ਪ੍ਰਤੀਨਿਧ ਮੰਡਲਾਂ ਵਿਚਕਾਰ ਚੱਲ ਰਹੀ ਗੱਲਬਾਤ ਤੋਂ ਇਲਾਵਾ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨਾਲ ਸਿੱਧੀ ਗੱਲਬਾਤ ਕਰਨ। ਪ੍ਰਧਾਨ ਮੰਤਰੀ ਮੋਦੀ ਨੇ ਸੂਮੀ ਸਮੇਤ ਕੁਝ ਹੋਰ ਯੂਕਰੇਨੀ ਸ਼ਹਿਰਾਂ ਵਿਚ ਜੰਗਬੰਦੀ ਦੀ ਘੋਸ਼ਣਾ ਅਤੇ ਮਨੁੱਖੀ ਲਾਂਘਾ ਖੋਲ੍ਹਣ ਦੀ ਸ਼ਲਾਘਾ ਕੀਤੀ ਅਤੇ ਸੂਮੀ ਤੋਂ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਨਿਕਾਸੀ ਦੀ ਮਹੱਤਤਾ 'ਤੇ ਜ਼ੋਰ ਦਿੱਤਾ”।
Russian President Vladimir Putin
ਸੂਤਰਾਂ ਨੇ ਕਿਹਾ "ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਭਰੋਸਾ ਦਿਵਾਇਆ ਕਿ ਉਹ ਭਾਰਤੀਆਂ ਨੂੰ ਬਚਾਉਣ ਲਈ ਹਰ ਸੰਭਵ ਸਹਿਯੋਗ ਦੇਣਗੇ।" ਰੂਸ ਅਤੇ ਯੂਕਰੇਨ ਵਿਚਾਲੇ ਜੰਗ ਛਿੜਨ ਤੋਂ ਬਾਅਦ ਮੋਦੀ ਅਤੇ ਪੁਤਿਨ ਵਿਚਾਲੇ ਇਹ ਤੀਜੀ ਵਾਰਤਾ ਸੀ। ਭਾਰਤ ਰੂਸ ਅਤੇ ਯੂਕਰੇਨ ਦੇ ਨੇਤਾਵਾਂ ਨੂੰ ਜੰਗ ਨੂੰ ਤੁਰੰਤ ਖਤਮ ਕਰਨ ਅਤੇ ਗੱਲਬਾਤ ਅਤੇ ਕੂਟਨੀਤੀ ਰਾਹੀਂ ਮਤਭੇਦਾਂ ਨੂੰ ਹੱਲ ਕਰਨ ਦੀ ਅਪੀਲ ਕਰਦਾ ਆ ਰਿਹਾ ਹੈ।