
ਮੀਟਿੰਗ ’ਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਲੈਣਗੇ ਹਿੱਸਾ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਹ ਮੀਟਿੰਗ 8 ਅਪ੍ਰੈਲ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸ ਜ਼ਰੀਏ ਹੋਵੇਗੀ। ਇਸ ਮੀਟਿੰਗ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਹਿੱਸਾ ਲੈਣਗੇ।
PM Modi
ਦੱਸ ਦਈਏ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਨੀਤੀਆਂ, ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਮਨਜ਼ੂਰੀ ਦੇਣ ਲਈ ਕੇਂਦਰ ਸਰਕਾਰ ਵੱਲੋਂ 24 ਅਕਤੂਬਰ 2020 ਨੂੰ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਕਮੇਟੀ ਵਿਚ 70 ਮੈਂਬਰ ਹਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਦੇ ਚੇਅਰਮੈਨ ਹਨ।