
Red Alert Of Heat Wave: ਲੋਕਾਂ ਨੂੰ ਸੁਚੇਤ ਰਹਿਣ ਦੀ ਕੀਤੀ ਅਪੀਲ
ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਕਹਿਰ ਦੀ ਗਰਮੀ ਪੈਣੀ ਸ਼ੁਰੂ ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ 'ਚ ਇਹ ਹੋਰ ਵੀ ਗੰਭੀਰ ਹੋਣ ਜਾ ਰਹੀ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ।
ਭਾਰਤੀ ਮੌਸਮ ਵਿਭਾਗ (IMD) ਨੇ ਚੇਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਹਫ਼ਤੇ ਵਿੱਚ ਘੱਟੋ-ਘੱਟ 10 ਸੂਬਿਆਂ ਵਿੱਚ ਗਰਮੀ ਦੀ ਲਹਿਰ ਜਾਰੀ ਰਹੇਗੀ। ਖਾਸ ਤੌਰ 'ਤੇ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਗੁਜਰਾਤ ਸਮੇਤ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਗਰਮੀ ਦੇ ਨਾਲ-ਨਾਲ ਭਾਰੀ ਨਮੀ ਵੀ ਲੋਕਾਂ ਨੂੰ ਪਰੇਸ਼ਾਨ ਕਰ ਸਕਦੀ ਹੈ।
ਇਸ ਦੌਰਾਨ ਰਾਹਤ ਦੀ ਖ਼ਬਰ ਇਹ ਹੈ ਕਿ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪਹਾੜੀ ਇਲਾਕਿਆਂ 'ਚ ਕੁਝ ਰਾਹਤ ਮਿਲਣ ਦੇ ਸੰਕੇਤ ਮਿਲ ਰਹੇ ਹਨ। ਜਿੱਥੇ 9 ਅਤੇ 10 ਅਪ੍ਰੈਲ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਇਸ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਥੋੜ੍ਹਾ ਹੇਠਾਂ ਆ ਸਕਦਾ ਹੈ।
ਆਈਐਮਡੀ ਦੇ ਅਨੁਸਾਰ, ਉੱਤਰ ਪੱਛਮੀ ਭਾਰਤ, ਮਹਾਰਾਸ਼ਟਰ ਅਤੇ ਦੱਖਣੀ ਪ੍ਰਾਇਦੀਪ ਦੇ ਪਠਾਰ ਖੇਤਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਅਗਲੇ ਚਾਰ ਦਿਨਾਂ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਵਧ ਸਕਦਾ ਹੈ। ਇਸ ਤੋਂ ਬਾਅਦ ਤਾਪਮਾਨ 'ਚ ਮਾਮੂਲੀ ਗਿਰਾਵਟ ਦੀ ਉਮੀਦ ਹੈ। ਮੱਧ ਭਾਰਤ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਜਾ ਸਕਦਾ ਹੈ। ਗੁਜਰਾਤ 'ਚ ਅਗਲੇ ਦੋ ਦਿਨਾਂ ਤੱਕ ਤਾਪਮਾਨ 'ਚ ਕਰੀਬ 2 ਡਿਗਰੀ ਦਾ ਵਾਧਾ ਹੋ ਸਕਦਾ ਹੈ।