
ਅਨੁਜ ਕੁਮਾਰ ਦੀ ਹਿਰਾਸਤ 'ਚ ਮੌਤ ਮਗਰੋਂ ਮਾਂ ਨੇ ਦਾਇਰ ਕੀਤੀ ਪਟੀਸ਼ਨ
Court News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁੰਬਈ ਵਿਚ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮੁਲਜ਼ਮ ਅਨੁਜ ਕੁਮਾਰ ਦੀ ਪੁਲਿਸ ਹਿਰਾਸਤ ਵਿਚ ਹੋਈ ਮੌਤ ਦੀ ਸੀਬੀਆਈ ਜਾਂਚ ਕਰਨ ਤੋਂ ਇਨਕਾਰ ਕਰ ਦਿਤਾ ਹੈ। ਹਾਈ ਕੋਰਟ ਨੇ ਕਿਹਾ ਕਿ ਇਹ ਮਾਮਲਾ ਮੁੰਬਈ ਹਾਈ ਕੋਰਟ ਵਿਚ ਵਿਚਾਰ ਅਧੀਨ ਹੈ ਅਤੇ ਇਥੇ ਇਸ ਸੁਣਵਾਈ ਦਾ ਕੋਈ ਮਤਲਬ ਨਹੀਂ ਹੈ।
ਫਾਜ਼ਿਲਕਾ ਦੀ ਰਹਿਣ ਵਾਲੀ ਰੀਟਾ ਦੇਵੀ ਨੇ ਪਟੀਸ਼ਨ ਦਾਇਰ ਕਰਦਿਆਂ ਕਿਹਾ ਕਿ ਉਸ ਦੇ ਬੇਟੇ ਨੂੰ ਮੁੰਬਈ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਪਟੀਸ਼ਨਕਰਤਾ ਦੇ ਬੇਟੇ 'ਤੇ ਇਲਜ਼ਾਮ ਹੈ ਕਿ ਉਹ ਉਸ ਸਮੂਹ ਦਾ ਹਿੱਸਾ ਸੀ ਜਿਸ ਨੇ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ ਸੀ। ਇਸ ਤੋਂ ਬਾਅਦ ਸ਼ੱਕੀ ਹਾਲਾਤ 'ਚ ਪੁਲਿਸ ਹਿਰਾਸਤ 'ਚ ਉਸ ਦੀ ਮੌਤ ਹੋ ਗਈ। ਪੁਲਿਸ ਵਲੋਂ ਦਿਤੀ ਗਈ ਜਾਣਕਾਰੀ ਵਿਚ ਦਸਿਆ ਗਿਆ ਸੀ ਕਿ ਅਨੁਜ ਨੇ ਖੁਦਕੁਸ਼ੀ ਕੀਤੀ ਹੈ। ਪਟੀਸ਼ਨਕਰਤਾ ਨੇ ਖਦਸ਼ਾ ਜ਼ਾਹਰ ਕੀਤਾ ਕਿ ਉਸ ਦੇ ਬੇਟੇ ਦੀ ਹਤਿਆ ਕਰ ਦਿਤੀ ਗਈ ਹੈ ਅਤੇ ਪੁਲਿਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਜਿਹੇ 'ਚ ਪਟੀਸ਼ਨਕਰਤਾ ਨੇ ਹਾਈ ਕੋਰਟ 'ਚ ਅਪੀਲ ਕੀਤੀ ਸੀ ਕਿ ਪੁਲਿਸ ਹਿਰਾਸਤ 'ਚ ਉਸ ਦੇ ਬੇਟੇ ਦੀ ਮੌਤ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਦੇ ਬੇਟੇ ਦਾ ਦੁਬਾਰਾ ਪੋਸਟਮਾਰਟਮ ਕਰਵਾਇਆ ਜਾਵੇ।
ਮੰਗਲਵਾਰ ਨੂੰ ਸੁਣਵਾਈ ਦੌਰਾਨ ਹਾਈ ਕੋਰਟ ਨੇ ਕਿਹਾ ਕਿ ਇਹ ਮਾਮਲਾ ਮੁੰਬਈ ਹਾਈ ਕੋਰਟ 'ਚ ਵਿਚਾਰ ਅਧੀਨ ਹੈ ਅਤੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਹੈ। ਅਜਿਹੇ 'ਚ ਪਟੀਸ਼ਨਕਰਤਾ ਨੂੰ ਬੇਟੇ ਦੀ ਲਾਸ਼ ਦਾ ਦੁਬਾਰਾ ਪੋਸਟਮਾਰਟਮ ਕਰਵਾਉਣ ਦੀ ਮੰਗ ਕਰਨ ਲਈ ਹੀ ਨਵੀਂ ਪਟੀਸ਼ਨ ਦਾਇਰ ਕਰਨੀ ਚਾਹੀਦੀ ਹੈ। ਇਸ ਤੋਂ ਬਾਅਦ ਪਟੀਸ਼ਨਕਰਤਾ ਨੇ ਨਵੀਂ ਪਟੀਸ਼ਨ ਦਾਇਰ ਕਰਨ ਦੀ ਛੋਟ ਦੀ ਮੰਗ ਕਰਦਿਆਂ ਪਟੀਸ਼ਨ ਵਾਪਸ ਲੈ ਲਈ।