
ਸੁਰੱਖਿਆ ਬਲਾਂ ਨੇ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ
Jammu-Kashmir - ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਅਤਿਵਾਦੀਆਂ ਨਾਲ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 5 ਅਤਿਵਾਦੀਆਂ ਨੂੰ ਮਾਰ ਦਿੱਤਾ। ਹਾਲਾਂਕਿ ਇਸ ਮੁਕਾਬਲੇ 'ਚ ਸੁਰੱਖਿਆ ਬਲਾਂ ਦੇ ਦੋ ਜਵਾਨ ਵੀ ਸ਼ਹੀਦ ਹੋ ਗਏ ਸਨ। ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਇਹ ਮੁਕਾਬਲਾ ਕੁਲਗਾਮ ਦੇ ਚਿਨੀਗਾਮ 'ਚ ਹੋਇਆ। ਦੱਸਿਆ ਜਾ ਰਿਹਾ ਹੈ ਕਿ 5 ਅਤਿਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ ਵੀ ਮੁਕਾਬਲਾ ਜਾਰੀ ਹੈ।
ਦਰਅਸਲ, ਫੌਜ ਦੋ ਅਤਿਵਾਦ ਵਿਰੋਧੀ ਅਪਰੇਸ਼ਨ ਚਲਾ ਰਹੀ ਹੈ। ਇੱਕ ਆਪ੍ਰੇਸ਼ਨ ਮੋਦਰਗਾਮ ਪਿੰਡ ਵਿੱਚ ਚੱਲ ਰਿਹਾ ਹੈ, ਜਿੱਥੇ ਗੋਲੀਬਾਰੀ ਵਿੱਚ ਲਾਂਸ ਨਾਇਕ ਪ੍ਰਦੀਪ ਨੈਨ (ਪੈਰਾ ਕਮਾਂਡੋ) ਸ਼ਹੀਦ ਹੋ ਗਿਆ ਸੀ, ਜਦੋਂ ਕਿ ਦੂਸਰਾ ਮੁਕਾਬਲਾ ਫ੍ਰੀਸਲ ਕੁਲਗਾਮ ਵਿੱਚ ਚੱਲ ਰਿਹਾ ਹੈ, ਜਿੱਥੇ 01 ਆਰਆਰ ਦਾ ਹੌਲਦਾਰ ਰਾਜ ਕੁਮਾਰ ਵੀ ਸ਼ਹੀਦ ਹੋ ਗਿਆ ਸੀ।
ਫੌਜ ਦੀ ਪਹਿਲੀ ਕਾਰਵਾਈ ਸ਼ੁਰੂ ਹੋਣ ਦੇ ਕੁਝ ਘੰਟਿਆਂ ਬਾਅਦ ਹੀ ਚਿਨੀਗਾਮ ਪਿੰਡ ਵਿੱਚ ਗੋਲੀਬਾਰੀ ਦੀ ਇੱਕ ਹੋਰ ਘਟਨਾ ਸ਼ੁਰੂ ਹੋ ਗਈ। ਫ਼ੌਜ ਨੂੰ ਲਸ਼ਕਰ ਗਰੁੱਪ ਬਾਰੇ ਖ਼ੁਫ਼ੀਆ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲ ਉਸ ਇਲਾਕੇ 'ਚ ਪੁੱਜੇ | ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਦਰਅਸਲ, ਫੌਜ ਨੂੰ ਕੁਲਗਾਮ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਦੌਰਾਨ ਫੌਜ ਦੇ ਜਵਾਨਾਂ ਅਤੇ ਅਤਿਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ।
ਦੱਸ ਦੇਈਏ ਕਿ ਕੁਲਗਾਮ ਵਿੱਚ ਪਹਿਲਾਂ ਵੀ ਐਨਕਾਊਂਟਰ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਹਾਲ ਹੀ 'ਚ 6 ਮਈ ਨੂੰ ਕੁਲਗਾਮ ਦੇ ਰੇਦਵਾਨੀ ਪਾਈਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ। ਲਸ਼ਕਰ-ਏ-ਤੋਇਬਾ ਦੇ ਲੁਕੇ ਟਿਕਾਣੇ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਦੇ ਆਧਾਰ 'ਤੇ ਸੰਯੁਕਤ ਬਲਾਂ ਨੇ ਇਲਾਕੇ 'ਚ ਪਹੁੰਚ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦਾ ਸੁਰੱਖਿਆ ਬਲਾਂ ਨੇ ਵੀ ਜਵਾਬ ਦਿੱਤਾ।
ਇਸ ਤੋਂ ਪਹਿਲਾਂ 4 ਮਈ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ 'ਚ ਅੱਤਵਾਦੀਆਂ ਨੇ ਭਾਰਤੀ ਹਵਾਈ ਫੌਜ (IAF) ਦੇ ਕਾਫਲੇ 'ਤੇ ਹਮਲਾ ਕੀਤਾ ਸੀ। ਸੁਰੱਖਿਆ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਸ ਹਮਲੇ 'ਚ ਭਾਰਤੀ ਹਵਾਈ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ, ਜਦਕਿ 4 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਸੀ ਕਿ ਇਹ ਹਮਲਾ ਸ਼ਾਮ ਨੂੰ ਉਸ ਸਮੇਂ ਹੋਇਆ ਜਦੋਂ ਹਵਾਈ ਸੈਨਾ ਦਾ ਕਾਫਲਾ ਜ਼ਿਲ੍ਹੇ ਦੇ ਸੂਰਨਕੋਟ ਇਲਾਕੇ ਦੇ ਸਨਾਈ ਟਾਪ ਵੱਲ ਵਧ ਰਿਹਾ ਸੀ।