CM ਯੋਗੀ ਆਦਿੱਤਿਆਨਾਥ ਨੇ ਹਾਦਸੇ ’ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀ ਹੋਏ ਲੋਕਾਂ ਨੂੰ 50,000 ਰੁਪਏ ਮੁਆਵਜ਼ਾ ਦੇਣ ਦਾ ਕੀਤਾ ਐਲਾਨ
Hathras Road Accident : ਉੱਤਰ ਪ੍ਰਦੇਸ਼ ਦੇ ਹਾਥਰਸ ’ਚ ਸ਼ੁਕਰਵਾਰ ਨੂੰ ਇਕ ਵੈਨ ਅਤੇ ਟਰੱਕ ਦੀ ਟੱਕਰ ’ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 17 ਹੋ ਗਈ ਹੈ। ਅਧਿਕਾਰੀਆਂ ਨੇ ਸਨਿਚਰਵਾਰ ਨੂੰ ਇਸ ਦੀ ਜਾਣਕਾਰੀ ਦਿਤੀ।
ਅਧਿਕਾਰੀਆਂ ਨੇ ਦਸਿਆ ਕਿ ਦੋ ਹੋਰ ਮ੍ਰਿਤਕਾਂ ਦੀ ਪਛਾਣ ਐਪੀ (2) ਅਤੇ ਗੁਲਸ਼ਨ ਵਜੋਂ ਹੋਈ ਹੈ, ਜਿਨ੍ਹਾਂ ਦਾ ਅਲੀਗੜ੍ਹ ਦੇ ਇਕ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ।
ਹਾਥਰਸ ਦੇ ਜ਼ਿਲ੍ਹਾ ਮੈਜਿਸਟਰੇਟ ਆਸ਼ੀਸ਼ ਕੁਮਾਰ ਨੇ ਸਨਿਚਰਵਾਰ ਨੂੰ ਦਸਿਆ ਕਿ 16 ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ’ਚੋਂ 11 ਦਾ ਹਾਥਰਸ ਅਤੇ 5 ਦਾ ਅਲੀਗੜ੍ਹ ’ਚ ਇਲਾਜ ਚੱਲ ਰਿਹਾ ਹੈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹਾਥਰਸ ਜ਼ਿਲ੍ਹੇ ’ਚ ਕੌਮੀ ਰਾਜਮਾਰਗ 93 ’ਤੇ ਇਕ ਰੋਡਵੇਜ਼ ਬੱਸ ਨੇ ਇਕ ਵੈਨ ਨੂੰ ਪਿੱਛੇ ਤੋਂ ਟੱਕਰ ਮਾਰ ਦਿਤੀ ।
ਪੁਲਿਸ ਸੁਪਰਡੈਂਟ (ਐਸਪੀ) ਨਿਪੁਨ ਅਗਰਵਾਲ ਨੇ ਕਿਹਾ, ‘‘ਬੱਸ ਆਗਰਾ-ਅਲੀਗੜ੍ਹ ਕੌਮੀ ਰਾਜਮਾਰਗ ’ਤੇ ਵੈਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਹੀ ਸੀ।’’ ਇਹ ਹਾਦਸਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 10 ਕਿਲੋਮੀਟਰ ਦੂਰ ਕੰਵਰਪੁਰ ਪਿੰਡ ਨੇੜੇ ਵਾਪਰਿਆ। ਮੁਸਾਫ਼ਰ ਹਾਥਰਸ ਤੋਂ ਆਗਰਾ ਜਾ ਰਹੇ ਸਨ।
ਮ੍ਰਿਤਕਾਂ ਦੀ ਪਛਾਣ ਇਰਸ਼ਾਦ (25), ਮੁੰਨੇ ਖਾਨ (55), ਮੁਸਕਾਨ (16), ਤੱਲੀ (28), ਤਬਸਸੁਮ (28), ਨਜਮਾ (25), ਭੋਲਾ (25), ਖੁਸ਼ਬੂ (25), ਜਮੀਲ (50), ਛੋਟੇ (25), ਅਯਾਨ (2), ਸੂਫੀਆਨ (1), ਅਲਫਾਜ਼ (6), ਸ਼ੋਏਬ (5) ਅਤੇ ਇਸ਼ਰਤ (50) ਵਜੋਂ ਹੋਈ ਹੈ। ਇਹ ਸਾਰੇ ਲੋਕ ਹਾਥਰਸ ਤੋਂ ਆਗਰਾ ਜਾ ਰਹੇ ਸਨ।
ਐਸ.ਪੀ. ਨੇ ਦਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਡਰਾਈਵਰ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਿਪੁਨ ਅਗਰਵਾਲ ਨੇ ਇਹ ਵੀ ਕਿਹਾ ਕਿ ਇਸ ਮਾਮਲੇ ’ਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਲਦੀ ਤੋਂ ਜਲਦੀ ਗ੍ਰਿਫਤਾਰੀ ਕੀਤੀ ਜਾਵੇਗੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਹਾਥਰਸ ਜ਼ਿਲ੍ਹੇ ’ਚ ਹੋਏ ਸੜਕ ਹਾਦਸੇ ਦਾ ਨੋਟਿਸ ਲਿਆ ਹੈ ਅਤੇ ਮ੍ਰਿਤਕਾਂ ਦੇ ਪਰਵਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਹੈ।
ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਹਾਥਰਸ ਜ਼ਿਲ੍ਹੇ ’ਚ ਸੜਕ ਹਾਦਸੇ ’ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਗੰਭੀਰ ਰੂਪ ਨਾਲ ਜ਼ਖਮੀ ਹੋਏ ਲੋਕਾਂ ਨੂੰ 50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਨੀ ਨੁਕਸਾਨ ’ਤੇ ਸੋਗ ਪ੍ਰਗਟਾਇਆ ਹੈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਸੂਬਾ ਸਰਕਾਰ ਦੀ ਨਿਗਰਾਨੀ ਹੇਠ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਮ੍ਰਿਤਕਾਂ ਦੇ ਪਰਵਾਰ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।