
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ।
ਨੋਇਡਾ: ਗੌਤਮ ਬੁੱਧ ਨਗਰ ਵਿਚ ਸ਼ੁੱਕਰਵਾਰ ਸ਼ਾਮ ਨੂੰ ਇਕ ਪਲਾਸਟਿਕ ਟ੍ਰੇ ਬਣਾਉਣ ਵਾਲੀ ਕੰਪਨੀ ਵਿਚ ਭਿਆਨਕ ਅੱਗ ਲੱਗ ਗਈ। ਥਾਣਾ ਫੇਜ਼-ਵਨ ਦੇ ਸੈਕਟਰ 3 ਵਿਚ ਸਥਿਤ ਕੰਪਨੀ ਵਿਚ ਲੱਗੀ ਅੱਗ ’ਤੇ 15 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨਾਲ ਕਾਬੂ ਪਾਉਣ ਦੇ ਯਤਨ ਜਾਰੀ ਹਨ। ਅੱਗ ਲੱਗਣ ਕਾਰਨ ਫੈਕਟਰੀ ਵਿਚ ਫਸੇ ਮਜ਼ਦੂਰਾਂ ਨੂੰ ਪੁਲਿਸ ਨੇ ਸੁਰੱਖਿਅਤ ਬਾਹਰ ਕੱਢ ਲਿਆ ਹੈ। ਚੀਫ਼ ਫਾਇਰ ਅਫ਼ਸਰ (ਸੀਐਫਓ) ਅਰੁਣ ਕੁਮਾਰ ਸਿੰਘ ਨੇ ਦੱਸਿਆ ਕਿ ਸੀ-14 ਸੈਕਟਰ-3 ਵਿਚ ਪਲਾਸਟਿਕ ਦੀਆਂ ਟ੍ਰੇਆਂ ਬਣਾਉਣ ਵਾਲੀ ਕੰਪਨੀ ਹੈ।
ਉਹਨਾਂ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਕਿਸੇ ਅਣਪਛਾਤੇ ਕਾਰਨਾਂ ਕਾਰਨ ਕੰਪਨੀ ਵਿਚ ਅੱਗ ਲੱਗ ਗਈ, ਜਿਸ ਨੇ ਭਿਆਨਕ ਰੂਪ ਧਾਰਨ ਕਰ ਲਿਆ। ਸੀਐਫਓ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਉਹਨਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੇ ਅਧਿਕਾਰੀ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਦੱਸਿਆ ਕਿ ਜਦੋਂ ਅੱਗ ਲੱਗੀ ਤਾਂ ਫੈਕਟਰੀ ਚੱਲ ਰਹੀ ਸੀ ਅਤੇ ਇਸ ਵਿਚ ਦਰਜਨਾਂ ਲੋਕ ਕੰਮ ਕਰ ਰਹੇ ਸਨ। ਫਾਇਰ ਬ੍ਰਿਗੇਡ ਅਤੇ ਪੁਲਿਸ ਨੇ ਉਹਨਾਂ ਨੂੰ ਬਚਾ ਕੇ ਬਾਹਰ ਕੱਢਿਆ।
ਉਹਨਾਂ ਕਿਹਾ ਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਸੀਐਫਓ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਅਤੇ ਨੁਕਸਾਨ ਦਾ ਪਤਾ ਅੱਗ ਪੂਰੀ ਤਰ੍ਹਾਂ ਬੁਝਣ ਤੋਂ ਬਾਅਦ ਹੀ ਲੱਗੇਗਾ। ਪਲਾਸਟਿਕ ਦੇ ਪਾਰਟਸ ਬਣਾਉਣ ਵਾਲੀ ਕੰਪਨੀ 'ਚ ਅੱਗ ਲੱਗਣ ਕਾਰਨ ਜ਼ਹਿਰੀਲਾ ਧੂੰਆਂ ਨਿਕਲ ਰਿਹਾ ਸੀ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ 'ਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਸੀ।