ਕਿਹਾ- ਮੂਸੇਵਾਲਾ ਦੇ ਮਾਪੇ ਰੋਜ਼ ਤੜਫ ਰਹੇ ਹਨ, ਉਹਨਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ
ਨਵੀਂ ਦਿੱਲੀ: ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ ਚੁੱਕਿਆ। ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਦੇ ਨਾਮੀ ਗਾਇਕ ਸਿੱਧੂ ਮੂਸੇਵਾਲਾ ਨੂੰ ਬਹੁਤ ਬੁਰੀ ਤਰ੍ਹਾਂ ਗੈਂਗਸਟਰਾਂ ਵੱਲੋਂ ਕਤਲ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਰਾਜਸਥਾਨ ਵਿਚ ਵੀ ਗੈਂਗਸਟਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ।
ਉਹਨਾਂ ਕਿਹਾ ਕਿ ਪੰਜਾਬ ਵਿਚ ਆਏ ਦਿਨ ਕਤਲ ਹੋ ਰਹੇ ਹਨ, ਪੰਜਾਬ ਗੈਂਗਲੈਂਡ ਬਣ ਕੇ ਰਹਿ ਗਿਆ ਹੈ। ਪੰਜਾਬ ਵਿਚ ਮੁੜ ਅੱਤਵਾਦ ਦਾ ਦੌਰ ਲਿਆਂਦਾ ਜਾ ਰਿਹਾ ਹੈ।
ਐਮਪੀ ਬਿੱਟੂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਦਾ ਮਾਸਟਰਮਾਈਂਡ ਵਿਦੇਸ਼ ਵਿਚ ਹੈ ਅਤੇ ਉਸ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਪੰਜਾਬ ਪੁਲਿਸ ਬਹੁਤ ਵਧੀਆ ਕੰਮ ਕਰ ਰਹੀ ਹੈ ਪਰ ਪੰਜਾਬ ਸਰਕਾਰ ਬਿਲਕੁਲ ਫੇਲ੍ਹ ਹੋ ਚੁੱਕੀ ਹੈ। ਮੂਸੇਵਾਲਾ ਦੇ ਮਾਪੇ ਰੋਜ਼ ਤੜਫ ਰਹੇ ਹਨ, ਉਹਨਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਦਖਲ ਦੇ ਕੇ ਦੋਸ਼ੀਆਂ ਨੂੰ ਬਣਦੀ ਸਜ਼ਾ ਦਿੱਤੀ ਜਾਵੇ।