
ਕਿਹਾ, 'ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਤਿੰਨ ਚਿੱਠੀਆਂ ਰਾਹੀਂ ਸੂਚਿਤ ਕੀਤਾ ਸੀ ਕਿ ਉਸ ਦੀ ਜਾਨ ਨੂੰ ਖ਼ਤਰਾ ਹੈ'
Sukhdev Singh Gogamedi News: ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇਦੀ ਦਾ ਅੱਜ ਅੰਤਿਮ ਸੰਸਕਾਰ ਕੀਤਾ ਜਾਵੇਗਾ। ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਜੈਪੁਰ ਦੇ ਸ਼੍ਰੀ ਭਵਾਨੀ ਨਿਕੇਤਨ ਸਕੂਲ ਅਤੇ ਕਾਲਜ ਲਿਜਾਇਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਗੋਗਾਮੇੜੀ ਵਿਖੇ ਲਿਜਾਇਆ ਜਾਵੇਗਾ, ਜਿੱਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਜੈਪੁਰ ਵਿਚ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਦੇ ਖ਼ਿਲਾਫ਼ ਚੱਲ ਰਿਹਾ ਵਿਰੋਧ ਪ੍ਰਦਰਸ਼ਨ ਬੁੱਧਵਾਰ ਦੇਰ ਰਾਤ ਨੂੰ ਖ਼ਤਮ ਹੋ ਗਿਆ। ਇਹ ਐਲਾਨ ਸੁਖਦੇਵ ਸਿੰਘ ਗੋਗਾਮੇੜੀ ਦੀ ਪਤਨੀ ਸ਼ੀਲਾ ਸ਼ੇਖਾਵਤ ਨੇ ਮੈਟਰੋ ਮਾਸ ਹਸਪਤਾਲ ਦੇ ਸਾਹਮਣੇ ਚੱਲ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਨੇ 72 ਘੰਟਿਆਂ ਦੇ ਅੰਦਰ-ਅੰਦਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਲਿਖਤੀ ਭਰੋਸਾ ਦਿੱਤਾ ਹੈ। ਨਾਲ ਹੀ ਸ਼ਿਆਮ ਨਗਰ ਥਾਣੇ ਦੇ ਅਧਿਕਾਰੀ, ਬੀਟ ਇੰਚਾਰਜ ਅਤੇ ਬੀਟ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਸੁਖਦੇਵ ਸਿੰਘ ਦੀ ਲਾਸ਼ ਨੂੰ ਰਾਤ ਨੂੰ ਹੀ ਪੋਸਟ ਮਾਰਟਮ ਲਈ ਪ੍ਰਾਈਵੇਟ ਹਸਪਤਾਲ ਤੋਂ ਸਵਾਈ ਮਾਨ ਸਿੰਘ ਹਸਪਤਾਲ ਲਿਜਾਇਆ ਗਿਆ। ਇੱਥੇ ਮੈਡੀਕਲ ਬੋਰਡ ਵਲੋਂ ਪੋਸਟਮਾਰਟਮ ਕਰਵਾਇਆ ਗਿਆ। ਸੁਖਦੇਵ ਸਿੰਘ ਗੋਗਾਮੇੜੀ ਦੀ ਪਤਨੀ ਸ਼ੀਲਾ ਸ਼ੇਖਾਵਤ ਨੇ ਸ਼ਿਆਮ ਨਗਰ ਥਾਣੇ ਵਿਚ ਦਰਜ ਕਰਵਾਈ ਐਫਆਈਆਰ ਵਿਚ ਕਿਹਾ ਕਿ ਉਸ ਦੇ ਪਤੀ ਨੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਤਿੰਨ ਚਿੱਠੀਆਂ ਰਾਹੀਂ ਸੂਚਿਤ ਕੀਤਾ ਸੀ ਕਿ ਉਸ ਦੀ ਜਾਨ ਨੂੰ ਖ਼ਤਰਾ ਹੈ।
ਪੁਲਿਸ ਨੇ ਗੋਗਾਮੇੜੀ ਦੇ ਕਤਲ ਦੀ ਜਾਂਚ ਲਈ ਬੁੱਧਵਾਰ ਨੂੰ SIT ਦਾ ਗਠਨ ਕੀਤਾ। ਇਸ ਕਤਲੇਆਮ ਦੇ ਵਿਰੋਧ 'ਚ ਸੂਬੇ 'ਚ ਕਈ ਥਾਵਾਂ 'ਤੇ ਪ੍ਰਦਰਸ਼ਨ ਹੋਏ। ਪ੍ਰਦਰਸ਼ਨਕਾਰੀਆਂ ਨੇ ਕਈ ਥਾਵਾਂ 'ਤੇ ਹਾਈਵੇਅ 'ਤੇ ਜਾਮ ਲਗਾ ਦਿੱਤਾ ਅਤੇ ਰੇਲ ਗੱਡੀਆਂ ਵੀ ਰੋਕ ਦਿੱਤੀਆਂ। ਹਾਲਾਂਕਿ ਕਿਤੇ ਵੀ ਹਿੰਸਾ ਦੀ ਕੋਈ ਖ਼ਬਰ ਨਹੀਂ ਹੈ। ਪੁਲਿਸ ਮੁਤਾਬਕ ਹਮਲਾਵਰਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਹਮਲਾਵਰਾਂ ਬਾਰੇ ਸੂਚਨਾ ਦੇਣ ਵਾਲੇ ਨੂੰ 5-5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ।
(For more news apart from Cremation of Sukhdev Singh Gogamedi, stay tuned to Rozana Spokesman)