ਖੋਖਰ ਦੀ ਜ਼ਮਾਨਤ ਪਟੀਸ਼ਨ ਪਹਿਲਾਂ ਵੀ ਤਿੰਨ ਵਾਰ ਹੋ ਚੁੱਕੀ ਹੈ ਖਾਰਜ
ਸੁਪਰੀਮ ਕੋਰਟ ਨੇ 1984 ਦੇ ਸਿੱਖ ਨਸਲਕੁਸ਼ੀ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਦੀ ਉਸ ਪਟੀਸ਼ਨ 'ਤੇ ਸੀਬੀਆਈ ਤੋਂ ਜਵਾਬ ਮੰਗਿਆ ਹੈ, ਜਿਸ ਵਿਚ ਉਸ ਨੇ ਆਪਣੀ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ ਕਰਨ ਦੀ ਬੇਨਤੀ ਕੀਤੀ ਹੈ।
ਜਸਟਿਸ ਜੇ. ਕੇ. ਮਹੇਸ਼ਵਰੀ ਅਤੇ ਜਸਟਿਸ ਰਾਜੇਸ਼ ਬਿੰਦਲ ਦੀ ਬੈਂਚ ਨੇ ਵਧੀਕ ਸਾਲਿਸਟਰ ਜਨਰਲ ਐਸ਼ਵਰਿਆ ਭਾਟੀ ਨੂੰ ਦੋਸ਼ੀ ਦੇ ਵਿਵਹਾਰ ’ਤੇ ਜੇਲ੍ਹ ਪ੍ਰਸ਼ਾਸਨ ਤੋਂ ਸਰਟੀਫਿਕੇਟ ਲੈਣ ਦੇ ਨਿਰਦੇਸ਼ ਦਿੱਤੇ ਹਨ।
ਭਾਟੀ ਨੇ ਅਦਾਲਤ ਨੂੰ ਦੱਸਿਆ ਕਿ ਖੋਖਰ ਦੀ ਜ਼ਮਾਨਤ ਪਟੀਸ਼ਨ ਪਹਿਲਾਂ ਵੀ ਤਿੰਨ ਵਾਰ ਖਾਰਜ ਹੋ ਚੁੱਕੀ ਹੈ। ਖੋਖਰ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵੀ ਇਸ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ। ਇਸ ਮਾਮਲੇ ਵਿੱਚ 10 ਸਾਲ ਦੀ ਸਜ਼ਾ ਕੱਟ ਰਹੇ ਸਾਬਕਾ ਵਿਧਾਇਕ ਮਹਿੰਦਰ ਯਾਦਵ ਦੀ ਮੰਡੋਲੀ ਜੇਲ੍ਹ ਵਿੱਚ ਕੋਵਿਡ ਨਾਲ ਮੌਤ ਹੋ ਗਈ ਸੀ। ਕੁਮਾਰ ਅਤੇ ਖੋਖਰ 17 ਦਸੰਬਰ, 2018 ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਤਿਹਾੜ ਜੇਲ੍ਹ ਵਿੱਚ ਬੰਦ ਹਨ।