
ਕੋਰੋਨਾ ਸੰਕਟ ਅਤੇ ਲੌਕਡਾਊਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲੋਕਸਭਾ ਅਤੇ ਰਾਜਸਭਾ ਦੇ ਫਲੋਰ ਲੀਡਰਾਂ ਨਾਲ ਗੱਲਬਾਤ ਕਰਨਗੇ।
ਨਵੀਂ ਦਿੱਲੀ: ਕੋਰੋਨਾ ਸੰਕਟ ਅਤੇ ਲੌਕਡਾਊਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲੋਕਸਭਾ ਅਤੇ ਰਾਜਸਭਾ ਦੇ ਫਲੋਰ ਲੀਡਰਾਂ ਨਾਲ ਗੱਲਬਾਤ ਕਰਨਗੇ। ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਇਹ ਗੱਲਬਾਤ ਉਹਨਾਂ ਪਾਰਟੀਆਂ ਦੇ ਫਲੋਰ ਲੀਡਰਾਂ ਨਾਲ ਹੋਵੇਗੀ, ਜਿਨ੍ਹਾਂ ਦੇ ਲੋਕ ਸਭਾ ਅਤੇ ਰਾਜਸਭਾ ਵਿਚ 5 ਤੋਂ ਜ਼ਿਆਦਾ ਮੈਂਬਰ ਹਨ। ਕੋਰੋਨਾ ਸੰਕਟ ਦੇ ਮੱਦੇਨਜ਼ਰ ਪੀਐਮ ਮੋਦੀ ਵੱਖ-ਵੱਖ ਖੇਤਰਾਂ ਦੇ ਲੋਕਾਂ ਨਾਲ ਲਗਾਤਾਰ ਚਰਚਾ ਕਰ ਰਹੇ ਹਨ।
ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸ਼ਨੀਵਾਰ ਨੂੰ ਦੱਸਿਆ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਨਾਲ ਕੋਰੋਨਾ ਵਾਇਰਸ ਸੰਕਟ ਦੇ ਮਸਲੇ ‘ਤੇ ਚਰਚਾ ਕਰਨਗੇ। ਸੰਸਦ ਵਿਚ ਜਿਨ੍ਹਾਂ ਪਾਰਟੀਆਂ ਦੇ 5 ਤੋਂ ਜ਼ਿਆਦਾ ਮੈਂਬਰ ਹਨ, ਪੀਐਮ ਮੋਦੀ ਉਹਨਾਂ ਦੇ ਫਲੋਰ ਲੀਡਰਾਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕਰਨਗੇ।
ਮੰਨਿਆ ਜਾ ਰਿਹਾ ਹੈ ਕਿ ਪੀਐਮ ਮੋਦੀ ਅੱਜ ਫਲੋਰ ਲੀਡਰ ਕੋਲੋਂ ਕੋਰੋਨਾ ਸੰਕਟ ਨਾਲ ਨਜਿੱਠਣ ਲਈ ਸੁਝਾਅ ਮੰਗ ਸਕਦੇ ਹਨ। ਇਸ ਨਾਲ ਹੀ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਦੱਸਿਆ ਜਾਵੇਗਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ‘ਤੇ ਗੱਲਬਾਤ ਹੋਵੇਗੀ। ਇਸ ਮੌਕੇ ਲੌਕਡਾਊਨ ‘ਤੇ ਵੀ ਚਰਚਾ ਕੀਤੀ ਜਾ ਸਕਦੀ ਹੈ।
ਦੱਸ ਦਈਏ ਕਿ ਕੋਰੋਨਾ ਮਹਾਮਾਰੀ ਨੇ ਦੁਨੀਆ ਦੇ ਸਾਹਮਣੇ ਇਕ ਵੱਡਾ ਸੰਕਟ ਖੜ੍ਹਾ ਕਰ ਦਿੱਤਾ ਹੈ। ਪੂਰੀ ਦੁਨੀਆ ਵਿਚ ਹੁਣ ਤੱਕ 14 ਲੱਖ ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋ ਚੁੱਕੇ ਹਨ ਅਤੇ ਇਸ ਜਾਨਲੇਵਾ ਬਿਮਾਰੀ ਕਾਰਨ 82 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ਵਿਚ ਵੀ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ।
ਦੇਸ਼ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ 4800 ਦੇ ਕਰੀਬ ਪਹੁੰਚ ਚੁੱਕੀ ਹੈ। ਉੱਥੇ ਹੀ ਮਰਨ ਵਾਲਿਆਂ ਦਾ ਅੰਕੜਾ 124 ਤੱਕ ਪਹੁੰਚ ਗਿਆ ਹੈ। ਹਾਲਾਂਕਿ 353 ਮਰੀਜ ਕੋਰੋਨਾ ਨੂੰ ਮਾਤ ਦੇ ਕੇ ਘਰ ਪਰਤ ਚੁੱਕੇ ਹਨ।