
ਅਦਾਲਤ ਨੇ ਕੇਂਦਰ ਤੇ ਚੋਣ ਕਮਿਸ਼ਨ ਕੋਲੋਂ ਮੰਗਿਆ ਜਵਾਬ
ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਦੇ ਚਲਦਿਆਂ ਹਾਈ ਕੋਰਟ ਸਖ਼ਤ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਪੱਛਮੀ ਬੰਗਾਲ ਸਮੇਤ ਕਈ ਸੂਬਿਆਂ ਵਿਚ ਚੱਲ ਰਹੇ ਚੋਣ ਪ੍ਰਚਾਰ ਦੌਰਾਨ ਮਾਸਕ ਨੂੰ ਲਾਜ਼ਮੀ ਕੀਤੇ ਜਾਣ ਦੇ ਮਾਮਲੇ ਵਿਚ ਦਿੱਲੀ ਹਾਈ ਕੋਰਟ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਨੋਟਿਸ ਭੇਜਿਆ ਹੈ।
Poll campaign
ਅਦਾਲਤ ਨੇ ਕੇਂਦਰ ਅਤੇ ਚੋਣ ਕਮਿਸ਼ਨ ਕੋਲੋਂ ਪ੍ਰਚਾਰ ਦੌਰਾਨ ਮਾਸਕ ਨੂੰ ਲਾਜ਼ਮੀ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਜਵਾਬ ਮੰਗਿਆ ਹੈ। ਦਰਅਸਲ ਇਸ ਸਬੰਧੀ ਦਿੱਲੀ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿਚ ਚੋਣ ਰੈਲੀਆਂ ਦੌਰਾਨ ਮਾਸਕ ਪਾਉਣਾ ਲਾਜ਼ਮੀ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਇਸ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਕੇਂਦਰ ਅਤੇ ਚੋਣ ਕਮਿਸ਼ਨ ਨੂੰ ਨੋਟਿਸ ਭੇਜ ਕੇ ਪੁੱਛਿਆ ਹੈ ਕਿ ਕੀ ਚੋਣ ਰੈਲੀਆਂ ਵਿਚ ਮਾਸਕ ਦੀ ਵਰਤੋਂ ਹੋਵੇਗੀ ਜਾਂ ਨਹੀਂ।
Election commission
ਦੱਸ ਦਈਏ ਕਿ ਪਿਛਲੇ 24 ਘੰਟਿਆਂ ਵਿਚ ਦੇਸ਼ ਵਿਚ ਸਵਾ ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਇਕ ਦਿਨ ਵਿਚ 1,26,789 ਨਵੇਂ ਕੋਰੋਨਾ ਕੇਸ ਦਰਜ ਕੀਤੇ ਗਏ ਹਨ ਜਦਕਿ ਇਸ ਦੌਰਾਨ 685 ਲੋਕਾਂ ਨੇ ਕੋਰੋਨਾ ਕਾਰਨ ਅਪਣੀ ਜਾਨ ਗਵਾਈ ਹੈ। ਇਸ ਦੇ ਬਾਵਜੂਦ ਵੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹੋ ਰਹੀਆਂ ਚੋਣ ਰੈਲੀਆਂ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਇਕੱਠੇ ਹੋ ਰਹੇ ਹਨ।