
ਸੌਰਵ ਮਹਾਕਾਲ ਨੇ ਨਹੀਂ ਕੀਤੀ ਮੂਸੇਵਾਲਾ 'ਤੇ ਫਾਇਰਿੰਗ
ਨਵੀਂ ਦਿੱਲੀ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਦਿੱਲੀ ਪੁਲਿਸ ਨੇ ਕਈ ਵੱਡੇ ਖੁਲਾਸੇ ਕੀਤੇ ਹਨ। ਦਿੱਲੀ ਪੁਲਿਸ ਮੁਤਾਬਕ ਲਾਰੈਂਸ ਬਿਸ਼ਨੋਈ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੀਪੀ ਐਚਜੀਐਸ ਧਾਰੀਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਪੰਜ ਲੋਕਾਂ ਦੀ ਪਛਾਣ ਕਰ ਲਈ ਗਈ ਹੈ।
ਉਹਨਾਂ ਕਿਹਾ ਕਿ ਮਹਾਕਾਲ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਸ਼ਾਮਲ ਸ਼ੂਟਰਾਂ ਵਿਚੋਂ ਇਕ ਦਾ ਕਰੀਬੀ ਹੈ, ਹਾਲਾਂਕਿ ਉਹ ਗੋਲੀਬਾਰੀ ਵਿਚ ਸ਼ਾਮਲ ਨਹੀਂ ਸੀ। ਅਸਲ ਸ਼ੂਟਰਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਹਨਾਂ ਨੇ ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਵੀ ਫੜ ਲਿਆ ਹੈ। ਇਸ ਦੇ ਨਾਲ ਹੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਾਤਲ ਵੀ ਫੜੇ ਗਏ ਹਨ। ਪੁਲਿਸ ਨੇ ਕਿਹਾ ਹੈ ਕਿ ਅਸੀਂ ਮੂਸੇਵਾਲਾ ਦੇ ਕਾਤਲਾਂ ਨੂੰ ਵੀ ਜਲਦੀ ਫੜਨਾ ਚਾਹੁੰਦੇ ਹਾਂ।
ਮਹਾਕਾਲ ਨੂੰ ਦਿੱਲੀ ਪੁਲਿਸ ਅਤੇ ਮਹਾਰਾਸ਼ਟਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਪੰਜ ਹੋਰ ਸ਼ੂਟਰਾਂ ਦੀ ਪਛਾਣ ਹੋ ਗਈ ਹੈ। ਦਿੱਲੀ ਪੁਲਿਸ ਮੁਤਾਬਕ ਮਹਾਕਾਲ ਨੂੰ 14 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਹੈ। ਦਿੱਲੀ ਪੁਲਿਸ ਨੇ ਕਿਹਾ ਕਿ ਮਹਾਰਾਸ਼ਟਰ ਪੁਲਿਸ ਨਾਲ ਮਿਲ ਕੇ ਅਸੀਂ ਮਹਾਕਾਲ ਤੋਂ ਪੁੱਛਗਿੱਛ ਕਰਾਂਗੇ। ਮੁੰਬਈ ਪੁਲਿਸ ਫਿਲਹਾਲ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਵਾਲੀ ਚਿੱਠੀ 'ਤੇ ਕੰਮ ਕਰ ਰਹੀ ਹੈ।