
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਪੱਥਰਬਾਜ਼ੀ ਕਰ ਰਹੇ ਪ੍ਰਦਰਸ਼ਨਕਾਰੀਆਂ ਨਾਲ ਝੜੱਪ ਦੌਰਾਨ ਅੱਜ ਫ਼ੌਜ ਦੇ ਜਵਾਨਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ..........
ਨਵੀਂ ਦਿੱਲੀ : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਪੱਥਰਬਾਜ਼ੀ ਕਰ ਰਹੇ ਪ੍ਰਦਰਸ਼ਨਕਾਰੀਆਂ ਨਾਲ ਝੜੱਪ ਦੌਰਾਨ ਅੱਜ ਫ਼ੌਜ ਦੇ ਜਵਾਨਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ ਜਿਸ 'ਚ ਇਕ ਕੁੜੀ ਸਮੇਤ ਤਿੰਨ ਨਾਗਰਿਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਅਹਿਤਿਆਤੀ ਕਦਮ ਦੇ ਤੌਰ 'ਤੇ ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ 'ਚ ਮੋਬਾਈਲ ਇੰਟਰਨੈੱਟ ਸੇਵਾ ਮੁਅੱਤਲ ਕਰ ਦਿਤੀ ਗਈ ਹੈ। ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਪੱਥਰਬਾਜ਼ਾਂ ਦੇ ਇਕ ਸਮੂਹ ਨੇ ਅੱਜ ਦੁਪਹਿਰ ਬਾਅਦ ਦਖਣੀ ਕਸ਼ਮੀਰ ਦੇ ਕੁਲਗਾਮ ਦੇ ਹਾਵੂੜਾ ਮਿਸ਼ੀਪੁਰਾ ਇਲਾਕੇ 'ਚੋਂ ਲੰਘ ਰਹੀ ਫ਼ੌਜ ਦੀ ਗਸ਼ਤੀ ਟੁਕੜੀ 'ਤੇ ਪੱਥਰਬਾਜ਼ੀ ਸ਼ੁਰੂ ਕਰ ਦਿਤੀ ਸੀ।
ਉਨ੍ਹਾਂ ਕਿਹਾ ਕਿ ਜਦੋਂ ਜਵਾਨਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਦੀ ਕੋਸ਼ਿਸ਼ ਕੀਤੀ ਤਾਂ ਇਸ ਦੌਰਾਨ ਪੰਜ ਜਣੇ ਜ਼ਖ਼ਮੀ ਹੋ ਗਏ। ਬੁਲਾਰੇ ਮੁਤਾਬਕ ਜ਼ਖ਼ਮੀਆਂ ਨੂੰ ਨੇੜਲੇ ਇਕ ਹਸਪਤਾਲ 'ਚ ਪਹੁੰਚਾਇਆ ਗਿਆ ਜਿੱਥੇ ਕੁੜੀ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ। ਬਾਕੀ ਦੋ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਇਸ ਘਟਨਾ ਤੋਂ ਬਾਅਦ ਦਖਣੀ ਕਸ਼ਮੀਰ ਦੇ ਅਨੰਤਨਾਗ, ਕੁਲਗਾਮ, ਪੁਲਵਾਮਾ ਅਤੇ ਸ਼ੋਪੀਆਂ ਜ਼ਿਲ੍ਹਿਆਂ 'ਚ ਕਾਨੂੰਨ ਵਿਵਸਥਾ ਕਾਇਮ ਰੱਖਣ ਦੇ ਲਿਹਾਜ਼ ਨਾਲ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿਤੀਆਂ ਗਈਆਂ ਹਨ। (ਪੀਟੀਆਈ)