
ਚੋਣ ਕਮਿਸ਼ਨ ਨੂੰ ਦਿੱਤੇ ਨਿਰਦੇਸ਼
ਨਵੀਂ ਦਿੱਲੀ/ਪਟਨਾ: ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘਾਈ ਨਾਲ ਸਮੀਖਿਆ (Special Intensive Revision) ਮਾਮਲੇ ਵਿੱਚ ਸੁਪਰੀਮ ਕੋਰਟ ਨੇ ਇੱਕ ਖਾਸ ਨਿਰਦੇਸ਼ ਦਿੱਤਾ ਹੈ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਭਾਰਤੀ ਚੋਣ ਕਮਿਸ਼ਨ ਨੂੰ ਨਿਰਦੇਸ਼ ਦਿੱਤਾ ਕਿ ਉਹ ਆਧਾਰ ਕਾਰਡ ਨੂੰ ‘ਬਾਹਰਵਾਂ ਦਸਤਾਵੇਜ਼’ ਮੰਨੇ। ਜਿਸ ਨੂੰ ਬਿਹਾਰ ਦੀ ਸੋਧੀ ਹੋਈ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਲਈ ਪਛਾਣ ਦੇ ਸਬੂਤ ਵਜੋਂ ਪੇਸ਼ ਕੀਤਾ ਜਾ ਸਕਦਾ ਹੈ।
ਸੁਪਰੀਮ ਕੋਰਟ ਨੇ ਇਹ ਵੀ ਸਾਫ ਕੀਤਾ ਕਿ ਅਧਾਰ ਨਾਗਰਿਕਤਾ ਦਾ ਸਬੂਤ ਨਹੀਂ ਹੈ। ਸੁਪਰੀਮ ਕੋਰਟ ਦੇ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜਾਯਮਾਲਿਆ ਬਾਗਚੀ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ।ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਨਿਰਦੇਸ਼ ਦਿੱਤਾ ਕਿ ਉਹ ਆਪਣੇ ਅਧਿਕਾਰੀਆਂ ਨੂੰ ਹੁਕਮ ਜਾਰੀ ਕਰੇ ਕਿ ਅਧਾਰ ਨੂੰ ਪਛਾਣ ਦੇ ਸਬੂਤ ਵਜੋਂ ਸਵੀਕਾਰ ਕੀਤਾ ਜਾਵੇ। ਅਧਿਕਾਰੀਆਂ ਨੂੰ ਅਧਾਰ ਕਾਰਡ ਦੀ ਪ੍ਰਮਾਣਿਕਤਾ ਅਤੇ ਅਸਲੀਅਤ ਦੀ ਜਾਂਚ ਕਰਨ ਦਾ ਅਧਿਕਾਰ ਹੋਵੇਗਾ।
ਸੁਪਰੀਮ ਕੋਰਟ ਵਿੱਚ ਆਰਜੇਡੀ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਦਲੀਲ ਦਿੱਤੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਪਹਿਲਾਂ ਦੇ ਹੁਕਮਾਂ ਦੇ ਬਾਵਜੂਦ ਚੋਣ ਰਜਿਸਟਰੇਸ਼ਨ ਅਧਿਕਾਰੀ ਅਤੇ ਬੀਐਲਓ ਅਧਾਰ ਨੂੰ ਇੱਕੋ ਇੱਕ ਦਸਤਾਵੇਜ਼ ਵਜੋਂ ਸਵੀਕਾਰ ਨਹੀਂ ਕਰ ਰਹੇ ਹਨ। ਸਿੱਬਲ ਨੇ ਅਦਾਲਤ ਵਿੱਚ ਉਨ੍ਹਾਂ ਵੋਟਰਾਂ ਦੇ ਹਲਫਨਾਮੇ ਵੀ ਦਾਇਰ ਕੀਤੇ, ਜਿਨ੍ਹਾਂ ਦੇ ਅਧਾਰ ਨੂੰ ਸਵੀਕਾਰ ਨਹੀਂ ਕੀਤਾ ਗਿਆ ਸੀ। ਜਸਟਿਸ ਬਾਗਚੀ ਨੇ ਕਿਹਾ ਕਿ ਕਮਿਸ਼ਨ ਦੀ ਸੂਚੀ ਵਿੱਚ ਸ਼ਾਮਲ 11 ਦਸਤਾਵੇਜ਼ਾਂ ਵਿੱਚੋਂ ਸਿਰਫ ਪਾਸਪੋਰਟ ਅਤੇ ਜਨਮ ਸਰਟੀਫਿਕੇਟ ਹੀ ਨਾਗਰਿਕਤਾ ਦਾ ਸਬੂਤ ਹਨ, ਬਾਕੀ ਕੋਈ ਵੀ ਨਾਗਰਿਕਤਾ ਸਾਬਤ ਨਹੀਂ ਕਰਦਾ।