
ਮੋਦੀ ਨੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਭਰੋਸਾ ਦਿਤਾ ਕਿ ਉਹ ਖੇਤਰ ਦੀ ਭਲਾਈ ਲਈ ਕੰਮ ਕਰਨਾ ਜਾਰੀ ਰਖਣਗੇ
J&K Election Results 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਦਰਸ਼ਨ ’ਤੇ ਮਾਣ ਪ੍ਰਗਟਾਇਆ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਸੱਭ ਤੋਂ ਵੱਡੀ ਪਾਰਟੀ ਦੇ ਰੂਪ ’ਚ ਉਭਰਨ ’ਤੇ ਨੈਸ਼ਨਲ ਕਾਨਫਰੰਸ ਨੂੰ ਵਧਾਈ ਦਿਤੀ। ‘ਐਕਸ’ ’ਤੇ ਪੋਸਟਾਂ ਦੀ ਲੜੀ ਵਿਚ ਮੋਦੀ ਨੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਭਰੋਸਾ ਦਿਤਾ ਕਿ ਉਹ ਖੇਤਰ ਦੀ ਭਲਾਈ ਲਈ ਕੰਮ ਕਰਨਾ ਜਾਰੀ ਰਖਣਗੇ।
ਜੰਮੂ-ਕਸ਼ਮੀਰ ’ਚ ਨੈਸ਼ਨਲ ਕਾਨਫਰੰਸ ਅਤੇ ਕਾਂਗਰਸ ਨੇ ਮਿਲ ਕੇ ਚੋਣਾਂ ਲੜੀਆਂ ਅਤੇ ਇਸ ਗਠਜੋੜ ਨੇ ਕੁਲ 90 ’ਚੋਂ 48 ਸੀਟਾਂ ਜਿੱਤੀਆਂ। ਨੈਸ਼ਨਲ ਕਾਨਫਰੰਸ ਨੇ 42 ਸੀਟਾਂ ਜਿੱਤੀਆਂ ਜਦਕਿ ਕਾਂਗਰਸ ਨੇ 6 ਸੀਟਾਂ ਜਿੱਤੀਆਂ ਹਨ।
ਭਾਜਪਾ ਨੇ ਜੰਮੂ-ਕਸ਼ਮੀਰ ’ਚ ਅਪਣਾ ਹੁਣ ਤਕ ਦਾ ਬਿਹਤਰੀਨ ਪ੍ਰਦਰਸ਼ਨ ਕਰਦਿਆਂ 90 ’ਚੋਂ 29 ਸੀਟਾਂ ’ਤੇ ਜਿੱਤ ਦਰਜ ਕੀਤੀ ਹੈ। ਇਸ ਤੋਂ ਪਹਿਲਾਂ 2014 ਦੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੇ ਸੂਬੇ ’ਚ 25 ਵਿਧਾਨ ਸਭਾ ਸੀਟਾਂ ਜਿੱਤ ਕੇ ਅਪਣਾ ਬਿਹਤਰੀਨ ਪ੍ਰਦਰਸ਼ਨ ਕੀਤਾ ਸੀ।
ਮੋਦੀ ਨੇ ਕਿਹਾ, ‘‘ਮੈਨੂੰ ਜੰਮੂ-ਕਸ਼ਮੀਰ ’ਚ ਭਾਜਪਾ ਦੇ ਪ੍ਰਦਰਸ਼ਨ ’ਤੇ ਮਾਣ ਹੈ। ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਸਾਡੀ ਪਾਰਟੀ ਨੂੰ ਵੋਟ ਦਿਤੀ ਹੈ ਅਤੇ ਸਾਡੇ ’ਤੇ ਭਰੋਸਾ ਕੀਤਾ ਹੈ। ਮੈਂ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਜੰਮੂ-ਕਸ਼ਮੀਰ ਦੀ ਭਲਾਈ ਲਈ ਕੰਮ ਕਰਨਾ ਜਾਰੀ ਰੱਖਾਂਗੇ।’’ ਉਨ੍ਹਾਂ ਕਿਹਾ, ‘‘ਮੈਂ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ’ਚ ਸ਼ਲਾਘਾਯੋਗ ਪ੍ਰਦਰਸ਼ਨ ਲਈ ਜੇ.ਕੇ.ਐਨ.ਸੀ. ਨੂੰ ਵਧਾਈ ਦੇਣਾ ਚਾਹੁੰਦਾ ਹਾਂ।’’
ਪ੍ਰਧਾਨ ਮੰਤਰੀ ਨੇ ਭਾਜਪਾ ਦੇ ਇਸ ਪ੍ਰਦਰਸ਼ਨ ਲਈ ਭਾਜਪਾ ਵਰਕਰਾਂ ਦੀ ਸਖਤ ਮਿਹਨਤ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਦੀਆਂ ਚੋਣਾਂ ਨੂੰ ‘ਬੇਹਦ ਖ਼ਾਸ’ ਦਸਿਆ ਕਿਉਂਕਿ ਇਹ ਧਾਰਾ 370 ਅਤੇ 35 (ਏ) ਨੂੰ ਖਤਮ ਕਰਨ ਤੋਂ ਬਾਅਦ ਪਹਿਲੀ ਵਾਰ ਇੱਥੇ ਹੋਈਆਂ ਸਨ ਅਤੇ ਵੱਡੀ ਗਿਣਤੀ ’ਚ ਲੋਕਾਂ ਨੇ ਇਸ ’ਚ ਵੋਟ ਪਾਈ ਸੀ। ਇਹ ਲੋਕਤੰਤਰ ’ਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਮੈਂ ਇਸ ਲਈ ਜੰਮੂ-ਕਸ਼ਮੀਰ ਦੇ ਹਰ ਵਿਅਕਤੀ ਨੂੰ ਵਧਾਈ ਦਿੰਦਾ ਹਾਂ।